ਹਰਿਆਣਾ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਜਿੱਤ ਮਗਰੋਂ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਸੈਣੀ
ਨਵੀਂ ਦਿੱਲੀ, 9 ਅਕਤੂਬਰ
Saini meets PM Modi after BJP's win in Haryana ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਹੋਈ ਇਤਿਹਾਸਕ ਜਿੱਤ ਤੋਂ ਬਾਅਦ ਸੂਬੇ ਵਿੱਚ ਬਣਨ ਵਾਲੀ ਪਾਰਟੀ ਦੀ ਸਰਕਾਰ ਦੇ ਸੰਭਾਵੀ ਮੁਖੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ। ਇਸ ਦੌਰਾਨ ਉਨ੍ਹਾਂ ਸੂਬੇ ਵਿੱਚ ਬਣਨ ਵਾਲੇ ਨਵੇਂ ਮੰਤਰੀ ਮੰਡਲ ਬਾਰੇ ਚਰਚਾ ਕੀਤੀ।
ਭਾਜਪਾ ਨੇ ਚੋਣਾਂ ਦੌਰਾਨ ਹੀ ਇਹ ਸੰਕੇਤ ਦੇ ਦਿੱਤਾ ਸੀ ਕਿ ਜੇਕਰ ਪਾਰਟੀ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਰਜ ਕਰਦੀ ਹੈ ਤਾਂ ਮੁੱਖ ਮੰਤਰੀ ਵਜੋਂ ਸੈਣੀ ਹੀ ਪਾਰਟੀ ਦੀ ਪਸੰਦ ਹੋਣਗੇ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੈਣੀ ਨੇ ਪਾਰਟੀ ਦੀ ਸਫ਼ਲਤਾ ਦਾ ਸਿਹਰਾ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਸਿਰ ਬੰਨ੍ਹਿਆ।
ਮੋਦੀ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਮੁਲਾਕਾਤ ਦੀਆਂ ਤਸਵੀਰਾਂ ਸਾਂਝੀ ਕਰਦੇ ਹੋਏ ਪੋਸਟ ਕੀਤਾ, ‘‘ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ ਨੂੰ ਮਿਲਿਆ ਅਤੇ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਮਿਲੀ ਇਤਿਹਾਸਕ ਜਿੱਤ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਮੈਨੂੰ ਵਿਸ਼ਵਾਸ ਹੈ ਕਿ ਵਿਕਸਤ ਭਾਰਤ ਦੇ ਸੰਕਲਪ ਵਿੱਚ ਹਰਿਆਣਾ ਦੀ ਭੂੁਮਿਕਾ ਅਤੇ ਮਹੱਤਵਪੂਰਨ ਹੋਣ ਜਾ ਰਹੀ ਹੈ।’’
ਇਸ ਤੋਂ ਪਹਿਲਾਂ ਸੈਣੀ ਨੇ ਕਿਹਾ ਕਿ ਭਾਵੇਂ ਕਿ ਸਿਆਸੀ ਮਾਹਿਰਾਂ ਵੱਲੋਂ ਕਾਂਗਰਸ ਦੇ ਜਿੱਤਣ ਦੀਆਂ ਭਵਿੱਖਬਾਣੀਆਂ ਕੀਤੀਆਂ ਜਾ ਰਹੀਆਂ ਸਨ ਪਰ ਉਨ੍ਹਾਂ ਹਮੇਸ਼ਾ ਜ਼ੋਰ ਦੇ ਕੇ ਕਹਿੰਦੇ ਰਹੇ ਕਿ ਲੋਕ ਭਾਜਪਾ ਸਰਕਾਰ ਦੀਆਂ ਨੀਤੀਆਂ ਕਰ ਕੇ ਭਗਵਾਂ ਪਾਰਟੀ ਵਿੱਚ ਹੀ ਭਰੋਸਾ ਜਤਾਉਣਗੇ। ਇਹ ਪੁੱਛੇ ਜਾਣ ’ਤੇ ਕਿ ਕਾਂਗਰਸ ਪਾਰਟੀ ਵੱਲੋਂ ਈਵੀਐੱਮਜ਼ ’ਤੇ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਝੂਠ ਦਾ ਤੂਫਾਨ ਖੜ੍ਹਾ ਕਰ ਰਹੀ ਹੈ।
ਉਨ੍ਹਾਂ ਕਿਹਾ, ‘‘ਇਸ ਵੱਡੀ ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਮੋਦੀ ਦੇ ਸਿਰ ਬੰਨ੍ਹਦਾ ਹੈ ਜਿਨ੍ਹਾਂ ਪਿਛਲੇ 10 ਸਾਲਾਂ ਵਿੱਚ ਅਜਿਹੀਆਂ ਯੋਜਨਾਵਾਂ ਲਿਆਂਦੀਆਂ ਜਿਨ੍ਹਾਂ ਨਾਲ ਗਰੀਬਾਂ, ਕਿਸਾਨਾਂ, ਨੌਜਵਾਨਾਂ ਤੇ ਮਹਿਲਾਵਾਂ ਨੂੰ ਕਾਫੀ ਲਾਭ ਮਿਲਿਆ। ਇਨ੍ਹਾਂ ਯੋਜਨਾਵਾਂ ਨਾਲ ਸਮਾਜ ਦੇ ਸਾਰੇ ਵਰਗਾਂ ਨੂੰ ਕਾਫੀ ਮਦਦ ਮਿਲੀ। ਲੋਕ ਉਨ੍ਹਾਂ ਨੂੰ ਪਿਆਰ ਕਰਦੇ ਹਨ ਅਤੇ ਇਹੀ ਕਾਰਨ ਹੈ ਕਿ ਭਾਜਪਾ ਤੀਜੀ ਵਾਰ ਸੱਤਾ ਵਿੱਚ ਆ ਰਹੀ ਹੈ।’’ -ਪੀਟੀਆਈ