ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਆਨੰਦਪੁਰ ਸਾਹਿਬ ’ਚ ਸਜਿਆ ਨਗਰ ਕੀਰਤਨ
ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ
ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਖਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤਾ ਗਿਆ। ਇਹ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ, ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ' ’ਚ ਨਗਾਰਿਆਂ, ਜੈਕਾਰਿਆਂ ਤੇ ਸਕੂਲ ਬੈਂਡ ਦੀਆਂ ਧੁਨਾਂ ਦੇ ਵਿੱਚ ਸ਼ੁਰੂ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੱਲੋਂ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਸਮੇਤ ਸੰਗਤ ਵੱਡੀ ਗਿਣਤੀ ਵਿੱਚ ਮੌਜੂਦ ਰਹੀ। ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਅਗੰਮਪੁਰ, ਝੱਜ ਚੌਕ, ਨੂਰਪੁਰ ਬੇਦੀ, ਬੁੰਗਾ ਸਾਹਿਬ ਅਤੇ ਵੱਖ ਵੱਖ ਪਿੰਡਾਂ ਤੋਂ ਹੁੰਦਾ ਹੋਇਆ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਚਰਨ ਕਵਲ ਸਾਹਿਬ ਵਿਖੇ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਵਿੱਚ ਸੰਗਤਾਂ ਵੱਡੀ ਗਿਣਤੀ ਵਿੱਚ ਬੱਸਾਂ, ਕਾਰਾਂ, ਟਰਾਲੀਆਂ ਸਮੇਤ ਸ਼ਾਮਲ ਹੋਈਆਂ। ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਹਰਮੇਲ ਸਿੰਘ ਬੁਰਜ ਸੂਚਨਾ ਅਫਸਰ ਹਰਪ੍ਰੀਤ ਸਿੰਘ, ਠੇਕੇਦਾਰ ਗੁਰਨਾਮ ਸਿੰਘ, ਜਥੇਦਾਰ ਰਾਮ ਸਿੰਘ, ਜਥੇਦਾਰ ਸੰਤੋਖ ਸਿੰਘ, ਜਸਵਿੰਦਰ ਕੌਰ ਸੱਗੂ, ਕਿਸ਼ੋਰ ਸਿੰਘ ਬੰਗੜ ਤੇ ਇਕਬਾਲ ਸਿੰਘ ਰਾਜੂ ਸਮੇਤ ਸੰਗਤਾਂ ਹਾਜ਼ਰ ਸਨ।