Sambhal violence: ਸ਼ਾਹੀ ਜਾਮਾ ਮਸਜਿਦ ਦੀ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਜ਼ਫਰ ਅਲੀ ਗ੍ਰਿਫ਼ਤਾਰ
UP: Sambhal mosque committee chief arrested in connection with Nov 24 violence case
ਸੰਭਲ, 23 ਮਾਰਚ
ਉੱਤਰ ਪ੍ਰਦੇਸ਼ ਦੇ ਸੰਭਲ ਦੀ ਸ਼ਾਹੀ ਜਾਮਾ ਮਸਜਿਦ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜ਼ਫਰ ਅਲੀ ਨੂੰ ਪਿਛਲੇ ਸਾਲ 24 ਨਵੰਬਰ ਨੂੰ ਸੰਭਲ ਵਿੱਚ ਹੋਈ ਹਿੰਸਾ ਦੇ ਮਾਮਲੇ ’ਚ ਅੱਜ ਗ੍ਰਿਫਤਾਰ ਕਰ ਲਿਆ ਗਿਆ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ।
ਦੂਜੇ ਪਾਸੇ ਜ਼ਫਰ ਅਲੀ ਦੇ ਭਰਾ ਤਾਹਿਰ ਅਲੀ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਭਰਾ ਨੇ ਸੋਮਵਾਰ ਨੂੰ ਸੰਭਲ ਹਿੰਸਾ ਮਾਮਲੇ ਦੀ ਜਾਂਚ ਲਈ ਕਾਇਮ ਕਮਿਸ਼ਨ ਸਾਹਮਣੇ ਪੇਸ਼ ਹੋਣਾ ਸੀ ਅਤੇ ਇਸੇ ਕਰਕੇ ਉਨ੍ਹਾਂ ਨੂੰ ਜਾਣਬੁੱਝ ਕੇ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣ ਦੀ ਸਾਜ਼ਿਸ਼ ਅੰਜਾਮ ਦਿੱਤੀ ਗਈ ਹੈ।
ਸੰਭਲ ਦੇ ਐੱਸਪੀ ਕ੍ਰਿਸ਼ਨ ਕੁਮਾਰ ਬਿਸ਼ਨੋਈ ਨੇ ਦੱਸਿਆ ਕਿ ਸ਼ਾਹੀ ਜਾਮਾ ਮਸਜਿਦ ਦੇ ਸਦਰ ਜ਼ਫਰ ਅਲੀ ਨੂੰ ਪਿਛਲੇ ਸਾਲ 24 ਨਵੰਬਰ ਨੂੰ ਹੋਈ ਹਿੰਸਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਸੰਭਲ ਕੋਤਵਾਲੀ ਦੇ ਇੰਚਾਰਜ ਅਨੁਜ ਕੁਮਾਰ ਨੇ ਦੱਸਿਆ ਸੀ ਕਿ ਜ਼ਫਰ ਅਲੀ ਨੂੰ ਪੁਲੀਸ ਦੀ ਸਿਟ ਨੇ ਪਿਛਲੇ ਸਾਲ 24 ਨਵੰਬਰ ਨੂੰ ਸੰਭਲ ਵਿੱਚ ਹੋਈ ਹਿੰਸਾ ਦੇ ਮਾਮਲੇ ’ਚ ਹਿਰਾਸਤ ’ਚ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 24 ਨਵੰਬਰ ਨੂੰ ਸੰਭਲ ਵਿੱਚ ਜਾਮਾ ਮਸਜਿਦ ਦੇ ਸਰਵੇਖਣ ਦੌਰਾਨ ਹੋਈ ਹਿੰਸਾ ਵਿੱਚ ਚਾਰ ਵਿਅਕਤੀ ਮਾਰੇ ਗਏ ਸਨ ਅਤੇ ਪੁਲੀਸ ਮੁਲਾਜ਼ਮਾਂ ਸਮੇਤ ਕਈ ਹੋਰ ਜ਼ਖ਼ਮੀ ਹੋ ਗਏ ਸਨ। -ਪੀਟੀਆਈ