Sand Mining: ਗੈਰਕਾਨੂੰਨੀ ਖਣਨ ਗੰਭੀਰ ਮਾਮਲਾ; ਇਸ ਨੂੰ ਰੋਕਣ ਦੀ ਲੋੜ: ਸੁਪਰੀਮ ਕੋਰਟ
ਨਵੀਂ ਦਿੱਲੀ, 4 ਦਸੰਬਰ
Illegal sand mining serious, needs to be curbed: SC: ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਗੈਰਕਾਨੂੰਨੀ ਖਣਨ ਨੂੰ ਗੰਭੀਰ ਮਾਮਲਾ ਆਖਦਿਆਂ ਕਿਹਾ ਕਿ ਇਸ ਨੂੰ ਰੋਕਣ ਦੀ ਲੋੜ ਹੈ। ਅਦਾਲਤ ਨੇ ਪੰਜ ਸੂਬਿਆਂ ਤਾਮਿਲਨਾਡੂ, ਪੰਜਾਬ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਵਿੱਚ ਨਦੀਆਂ ਅਤੇ ਬੀਚਾਂ ’ਤੇ ਗੈਰ-ਕਾਨੂੰਨੀ ਮਾਈਨਿੰਗ ਦੀ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੇ ਇੱਕ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕਿਹਾ ਕਿ ਇਹ ਸੂਬੇ ਇਸ ਸਬੰਧੀ ਸਾਰਾ ਰਿਕਾਰਡ ਤੇ ਵੇਰਵੇ ਅਦਾਲਤ ਨੂੰ ਪੇਸ਼ ਕਰਨ। ਅਦਾਲਤ ਨੇ ਕਿਹਾ ਕਿ ਇਸ ਵਰਤਾਰੇ ਨੂੰ ਰੋਕਣ ਦੀ ਲੋੜ ਹੈ। ਇਸ ਸਬੰਧੀ ਜਨਹਿੱਤ ਪਟੀਸ਼ਨ ਐਮ ਅਲਾਗਰਸਾਮੀ ਵੱਲੋਂ ਸਾਲ 2018 ਵਿਚ ਦਾਇਰ ਕੀਤੀ ਗਈ ਸੀ।
ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਕਿ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੇ ਵਾਤਾਵਰਨ ਦਾ ਨੁਕਸਾਨ ਕੀਤਾ ਹੈ ਤੇ ਇਨ੍ਹਾਂ ਸੂਬਿਆਂ ਦੇ ਸਬੰਧਤ ਅਧਿਕਾਰੀਆਂ ਨੇ ਖਣਨ ਕਰਨ ਵਾਲੀਆਂ ਇਕਾਈਆਂ ਨੂੰ ਲਾਜ਼ਮੀ ਵਾਤਾਵਰਨ ਯੋਜਨਾ ਅਤੇ ਮਨਜ਼ੂਰੀ ਤੋਂ ਬਿਨਾਂ ਕੰਮ ਕਰਨ ਦੀ ਇਜਾਜ਼ਤ ਦਿੱਤੀ ਹੋਈ ਹੈ।
ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੈ ਕੁਮਾਰ ਦੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਨ ਦੀ ਲੋੜ ਹੈ ਕਿ ਕੀ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ’ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਵਿਰੁੱਧ ਅਜਿਹੀ ਹੀ ਪਟੀਸ਼ਨ ਸੁਪਰੀਮ ਕੋਰਟ ’ਚ ਵਿਚਾਰ ਅਧੀਨ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਖਣਨ ਗੰਭੀਰ ਮੁੱਦਾ ਹੈ ਅਤੇ ਇਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੀ ਲੋੜ ਹੈ। ਇਸ ਮਾਮਲੇ ਵਿਚ ਅਲਾਗਰਸਾਮੀ ਵਲੋਂ ਵਕੀਲ ਪ੍ਰਸ਼ਾਂਤ ਭੂਸ਼ਨ ਸ਼ਾਮਲ ਹੋਏ, ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿਚ ਸੂਬੇ ਕਾਰਵਾਈ ਕਰਨ ਦੀ ਥਾਂ ਖਣਨ ਕਰਨ ਵਾਲਿਆਂ ਨੂੰ ਬਚਾਅ ਰਹੇ ਹਨ।
ਇਸ ਤੋਂ ਬਾਅਦ ਬੈਂਚ ਨੇ ਪੰਜ ਰਾਜਾਂ ਦੇ ਵਕੀਲਾਂ ਨੂੰ ਅਗਲੀ ਸੁਣਵਾਈ ਦੀ ਤਰੀਕ ’ਤੇ ਤੱਥਾਂ, ਅੰਕੜਿਆਂ ਨਾਲ ਪੇਸ਼ ਹੋਣ ਲਈ ਕਿਹਾ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਸਾਲ 27 ਜਨਵਰੀ ਨੂੰ ਹੋਵੇਗੀ।
ਤਾਮਿਲਨਾਡੂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਮਿਤ ਆਨੰਦ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦਾ ਸੂਬਾ ਇਸ ਵਰਤਾਰੇ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਕਦਮ ਚੁੱਕ ਰਿਹਾ ਹੈ।