ਸੰਗਰੂਰ: ਪਹਿਲਵਾਨ ਧੀਆਂ ਦੇ ਹੱਕ ’ਚ ਸੜਕਾਂ ’ਤੇ ਉਤਰੇ ਕਿਸਾਨ
ਗੁਰਦੀਪ ਸਿੰਘ ਲਾਲੀ
ਸੰਗਰੂਰ, 5 ਜੂਨ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਅੱਜ ਜ਼ਿਲ੍ਹਾ ਭਰ ਵਿਚ ਸ਼ਹਿਰਾਂ ਅਤੇ ਪਿੰਡਾਂ ਵਿਚ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਦੇ ਪੁਤਲੇ ਫ਼ੂਕਦਿਆਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਮੁਜ਼ਾਹਰੇ ਕੀਤੇ ਗਏ। ਕਿਸਾਨਾਂ ਵਲੋਂ ਦੇਸ਼ ਦੀਆਂ ਪਹਿਲਵਾਨ ਧੀਆਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਇਨਸਾਫ ਦਿਵਾਉਣ ਲਈ ਹਰ ਸੰਘਰਸ਼ ‘ਚ ਡਟਵੀਂ ਹਮਾਇਤ ਦਾ ਐਲਾਨ ਕੀਤਾ ਗਿਆ।
ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਦੀ ਅਗਵਾਈ ਹੇਠ ਕਿਸਾਨ ਸਥਾਨਕ ਅਨਾਜ ਮੰਡੀ ‘ਚ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦਿਆਂ ਐੱਸਡੀਐੱਮ ਦਫ਼ਤਰ ਅੱਗੇ ਪੁੱਜੇ ਅਤੇ ਬ੍ਰਿਜ ਭੂਸ਼ਨ ਦਾ ਪੁਤਲਾ ਫ਼ੂਕਦਿਆਂ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਅਤੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਨੇ ਕਿਹਾ ਕਿ ਦੇਸ਼ ਦੀਆਂ ਪਹਿਲਵਾਨ ਧੀਆਂ ਨੇ ਆਪਣੀ ਮਿਹਨਤ ਸਦਕਾ ਮੈਡਲ ਜਿੱਤ ਕੇ ਦੇਸ਼ ਦਾ ਨਾਂ ਰੋਸ਼ਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਆਪਣੇ ਸੰਸਦ ਮੈਂਬਰ ਦੇ ਹੱਕ ਵਿਚ ਖੜ੍ਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਇਨਸਾਫ ਦਿਵਾਉਣ ਲਈ ਤਿੱਖੇ ਸੰਘਰਸ਼ ਕੀਤੇ ਜਾਣਗੇ। ਇਸ ਮੌਕੇ ਬੂਟਾ ਸਿੰਘ ਲੌਂਗੋਵਾਲ, ਕਰਮਜੀਤ ਸਿੰਘ ਮੰਡੇਰ, ਕਰਮਜੀਤ ਸਿੰਘ ਮੰਗਵਾਲ, ਸੁਖਦੇਵ ਸਿੰਘ ਛੰਨਾਂ, ਚਮਕੌਰ ਸਿੰਘ ਲੱਡੀ, ਭੁਪਿੰਦਰ ਸਿੰਘ ਬੱਗੂਆਣਾ, ਗੁਰਦੀਪ ਸਿੰਘ ਕੰਮੋਮਾਜਰਾ, ਚਮਕੌਰ ਸਿੰਘ ਬਹਾਦਰਪੁਰ ਮੌਜੂਦ ਸਨ। ਇਸ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਜ਼ਿਲ੍ਹੇ ਦੇ ਦੋ ਦਰਜਨ ਪਿੰਡਾਂ ਵਿਚ ਬ੍ਰਿਜ ਭੂਸ਼ਨ ਦੇ ਪੁਤਲੇ ਫ਼ੂਕੇ ਗਏ ਅਤੇ ਮੋਦੀ ਸਰਕਾਰ ਖ਼ਿਲਾਫ ਜ਼ੋਰਦਾਰ ਪਿੱਟ ਸਿਆਪਾ ਕੀਤਾ ਗਿਆ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਅਤੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਜਦੋਂ ਤੱਕ ਦੋਸ਼ੀਆਂ ਨੂੰ ਜੇਲ੍ਹ ਨਹੀਂ ਭੇਜਿਆ ਜਾਂਦਾ ਅਤੇ ਪਹਿਲਵਾਨਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਭਾਜਪਾ ਦਾ ਵਿਰੋਧ ਜਾਰੀ ਰਹੇਗਾ।