ਸੰਗਰੂਰ: ਅਧਿਆਪਕਾਂ ਵੱਲੋਂ ਮਰਨ ਵਰਤ ਸ਼ੁਰੂ
ਗੁਰਦੀਪ ਸਿੰਘ ਲਾਲੀ/ਬੀਰ ਇੰਦਰ ਸਿੰਘ ਬਨਭੌਰੀ
ਸੰਗਰੂਰ, 22 ਦਸੰਬਰ
ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਫੈਸਲਾਕੁਨ ਮੋੜ ’ਤੇ ਪਹੁੰਚ ਗਿਆ ਹੈ। ਅਧਿਆਪਕਾਂ ਨੇ 113 ਦਿਨਾਂ ਦੀ ਲਗਾਤਾਰ ਭੁੱਖ ਹੜਤਾਲ ਤੋਂ ਬਾਅਦ ਸਰਕਾਰ ਦਾ ਕੋਈ ਹਾਂ-ਪੱਖੀ ਹੁੰਗਾਰਾ ਨਾ ਦੇਖਦਿਆਂ ਭੁੱਖ ਹੜਤਾਲ ਨੂੰ ਮਰਨ ਵਰਤ ’ਚ ਤਬਦੀਲ ਕੀਤਾ ਜਿੱਥੇ ਜਥੇਬੰਦੀ ਦੇ ਇੱਕ ਮੈਂਬਰ ਜੌਨੀ ਸਿੰਗਲਾ ਨੇ ਅੱਜ ਮਰਨ ਵਰਤ ਸ਼ੁਰੂ ਕਰ ਦਿੱਤਾ।
ਸੰਗਰੂਰ ਦੀ ਮਿਨੀ ਸਕੱਤਰੇਤ ਅੱਗੇ ਧਰਨੇ ’ਤੇ ਬੈਠੇ ਕਮੇਟੀ ਆਗੂਆਂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਰਜਵੰਤ ਕੌਰ, ਰਣਜੀਤ ਸਿੰਘ, ਲਖਵਿੰਦਰ ਸਿੰਘ, ਗੁਰਬਖਸ਼ ਲਾਲ, ਜਸਪਾਲ, ਊਧਮ ਸਿੰਘ ਡੋਗਰਾ, ਬਵਲੀਨ ਬੇਦੀ, ਜਸਵਿੰਦਰ ਸਿੰਘ (ਲੁਧਿਆਣਾ), ਨਰਦੀਪ ਸ਼ਰਮਾ (ਸੰਗਰੂਰ), ਨਾਇਬ ਸਿੰਘ ਬੁੱਕਣਵਾਲ, ਨਵਜੋਤ ਸਿੰਘ ਤੇ ਹਰਪ੍ਰੀਤ ਸਾਹਨੇਵਾਲ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੇ ਸਾਰੇ ਹੱਕ ਬਹਾਲ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਅੰਦੋਲਨ ਨੂੰ ਹੋਰ ਵੱਖ-ਵੱਖ ਅਧਿਆਪਕ, ਮੁਲਾਜ਼ਮ ਅਤੇ ਕਿਸਾਨ ਜਥੇਬੰਦੀਆਂ ਦਾ ਸਮਰਥਨ ਮਿਲ ਰਿਹਾ ਹੈ। ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਮੌਕੇ ’ਤੇ ਪਹੁੰਚ ਕੇ ਇਕਜੁੱਟਤਾ ਦਾ ਪ੍ਰਗਟਾਵਾ ਵੀ ਕੀਤਾ।
ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਲਗਪਗ ਚਾਰ ਦਰਜਨ ਮੀਟਿੰਗਾਂ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਹੋਈ। ਸਿੱਖਿਆ ਮੰਤਰੀ ਵੱਲੋਂ ਤਿੰਨ ਸਾਲ ਪਹਿਲਾਂ ਦੀਵਾਲੀ ਮੌਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਕੀਤਾ ਵਾਅਦਾ ਫੋਕਾ ਨਿਕਲਿਆ ਤੇ ਅੰਦੋਲਨਕਾਰੀ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕੱਟੀਆਂ ਰਾਤਾਂ ਦਾ ਵੀ ਸਰਕਾਰ ’ਤੇ ਕੋਈ ਅਸਰ ਨਹੀਂ ਹੋਇਆ। ਕੰਪਿਊਟਰ ਅਧਿਆਪਕਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ। ਉਹ ਚਾਹੁੰਦੇ ਹਨ ਕਿ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਹਾਲ ਕੀਤੇ ਜਾਣ, ਉਨ੍ਹਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਲਾਭ ਦਿੱਤੇ ਜਾਣ ਤੇ ਉਨ੍ਹਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ’ਚ ਮਰਜ਼ ਕੀਤਾ ਜਾਵੇ।