ਸੰਗਰੂਰ: ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ
ਗੁਰਦੀਪ ਸਿੰਘ ਲਾਲੀ
ਸੰਗਰੂਰ, 3 ਜੂਨ
ਸੰਗਰੂਰ ਲੋਕ ਸਭਾ ਹਲਕੇ ਦੀ ਚੋਣ ਲਈ ਪਹਿਲੀ ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਪਿਛਲੇ ਦੋ ਮਹੀਨਿਆਂ ਵਿੱਚ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ ਜਿਸ ਦਾ ਨਤੀਜਾ ਉਨ੍ਹਾਂ ਨੂੰ ਮੰਗਲਵਾਰ ਨੂੰ ਮਿਲੇਗਾ। ਲੋਕ ਸਭਾ ਹਲਕਾ ਸੰਗਰੂਰ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ’ਚੋਂ 6 ਦੀਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜ੍ਹਵਾਲ ਧੂਰੀ ਵਿੱਚ ਅਤੇ 3 ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਐੱਸਡੀ ਕਾਲਜ ਬਰਨਾਲਾ ਵਿੱਚ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਹਨ। ਸੰਗਰੂਰ ਲੋਕ ਸਭਾ ਹਲਕੇ ਦੀ ਚੋਣ ਲਈ ਕੁੱਲ 23 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਨ੍ਹਾਂ ’ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ, ਸ਼੍ਰੋਮਣੀ ਅਕਾਲੀ ਦਲ ਦੇ ਇਕਬਾਲ ਸਿੰਘ ਝੂੰਦਾਂ, ਭਾਜਪਾ ਦੇ ਅਰਵਿੰਦ ਖੰਨਾ ਅਤੇ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਸਿਆਸੀ ਕਿਸਮਤ ਦਾਅ ’ਤੇ ਲੱਗੀ ਹੋਈ ਹੈ। ਇਸ ਹਲਕੇ ਤੋਂ ਕੁੱਲ 23 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਲੋਕ ਸਭਾ ਹਲਕੇ ਦੀਆਂ ਕੁੱਲ ਵੋਟਾਂ 15,56,601 ’ਚੋਂ 10,06,048 ਵੋਟਾਂ ਪੋਲ ਹੋਈਆਂ ਹਨ। ਇਨ੍ਹਾਂ ’ਚੋਂ 5,48,270 ਪੁਰਸ਼ ਵੋਟਰਾਂ ਜਦੋਂ ਕਿ 4,57,759 ਮਹਿਲਾ ਵੋਟਰਾਂ ਨੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਹੈ। ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਿਹੜੇ ਪੱਤਰਕਾਰਾਂ ਨੂੰ ਅਥਾਰਟੀ ਕਾਰਡ ਜਾਰੀ ਕੀਤੇ ਗਏ ਹਨ, ਉਨ੍ਹਾਂ ਦੀ ਸੁਵਿਧਾ ਲਈ ਮੀਡੀਆ ਸੈਂਟਰ ਬਣਾਇਆ ਗਿਆ ਹੈ ਜਿੱਥੇ ਸਾਰੇ ਗਿਣਤੀ ਕੇਂਦਰਾਂ ਤੋਂ ਪ੍ਰਾਪਤ ਹੋਣ ਵਾਲੇ ਨਤੀਜੇ ਨਾਲੋ ਨਾਲ ਮੀਡੀਆ ਨਾਲ ਸਾਂਝੇ ਕੀਤੇ ਜਾਣਗੇ। ਗਿਣਤੀ ਕੇਂਦਰਾਂ ’ਤੇ ਸੁਰੱਖਿਆ ਸਮੇਤ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਸ਼ਨਾਖਤੀ ਕਾਰਡ ਤੋਂ ਬਿਨਾਂ ਗਿਣਤੀ ਕੇਂਦਰਾਂ ’ਚ ਦਾਖਲੇ ’ਤੇ ਪਾਬੰਦੀ
ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਹਰ ਗਿਣਤੀ ਕੇਂਦਰ ਵਿੱਚ 14 ਟੇਬਲ ਲਗਾਏ ਗਏ ਹਨ। ਗਿਣਤੀ ਕੇਂਦਰਾਂ ਵਿੱਚ ਤਾਇਨਾਤ ਹੋਣ ਵਾਲੇ ਸਮੂਹ ਚੋਣ ਅਮਲੇ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ। ਸ਼ਨਾਖਤੀ ਕਾਰਡਾਂ ਤੋਂ ਬਿਨਾ ਕੋਈ ਵੀ ਅਣਅਧਿਕਾਰਤ ਵਿਅਕਤੀ ਗਿਣਤੀ ਕੇਂਦਰਾਂ ਵਿੱਚ ਦਾਖਲ ਨਹੀਂ ਹੋ ਸਕੇਗਾ। ਉਨ੍ਹਾਂ ਦੱਸਿਆ ਕਿ ਸਮੁੱਚੀ ਗਿਣਤੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾਵੇਗੀ। ਉਮੀਦਵਾਰਾਂ ਅਤੇ ਅਧਿਕਾਰਤ ਚੋਣ ਏਜੰਟਾਂ ਨੂੰ ਚੋਣ ਕਮਿਸ਼ਨ ਦੀ ਗਿਣਤੀ ਪ੍ਰਕਿਰਿਆ ਸਬੰਧੀ ਹਦਾਇਤਾਂ ਬਾਰੇ ਜਾਣੂ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਸਬੰਧੀ ਸਮੁੱਚੀ ਪ੍ਰਕਿਰਿਆ ਪੂਰੇ ਪਾਰਦਰਸ਼ੀ, ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਈ ਜਾਵੇਗੀ।