ਸੰਗਰੂਰ: ਪ੍ਰਮੁੱਖ ਸਿਆਸੀ ਧਿਰਾਂ ਨੇ ਜਿੱਤ ਲਈ ਲਾਇਆ ਅੱਡੀ ਚੋਟੀ ਦਾ ਜ਼ੋਰ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 31 ਮਈ
ਸੰਗਰੂਰ ਲੋਕ ਸਭਾ ਹਲਕੇ ਦੀ ਚੋਣ ’ਚ ਭਾਵੇਂ ਕੁੱਲ 23 ਉਮੀਦਵਾਰ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ ਪ੍ਰੰਤੂ ਪੰਜਕੋਣਾ ਮੁਕਾਬਲੇ ਵਿੱਚ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ, ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ, ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ, ਸ਼੍ਰੋਮਣੀ ਅਕਾਲੀ ਦਲ ਦੇ ਇਕਬਾਲ ਸਿੰਘ ਝੂੰਦਾਂ ਦਾ ਸਿਆਸੀ ਵਕਾਰ ਦਾਅ ’ਤੇ ਲੱਗਿਆ ਹੋਇਆ ਹੈ। ਕੀ ਸੱਤਾਧਿਰ ‘ਆਪ’ ਸੰਸਦੀ ਹਲਕੇ ਦੀ ਜ਼ਿਮਨੀ ਚੋਣ ’ਚ ਹੋਈ ਹਾਰ ਦਾ ਦਾਗ ਧੋ ਸਕੇਗੀ ਜਾਂ ਕੀ ਵਿਰੋਧੀ ਧਿਰਾਂ ‘ਆਪ’ ਦੇ ਸਿਆਸੀ ਕਿਲ੍ਹੇ ’ਚ ਸੰਨ੍ਹ ਲਗਾ ਸਕਣਗੀਆਂ। ਇਹ 4 ਜੂਨ ਦੇ ਨਤੀਜੇ ਹੀ ਤੈਅ ਕਰਨਗੇ।
ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੀਤ ਹੇਅਰ ਦੇ ਹੱਕ ਵਿੱਚ ਜਿਥੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੋਡ ਸ਼ੋਅ ਕੀਤਾ ਗਿਆ ਹੈ, ਉਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ’ਚ ਰੋਡ ਸ਼ੋਅ/ਰੈਲੀਆਂ ਕਰ ਕੇ ਪਾਰਟੀ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਸਿਖ਼ਰ ’ਤੇ ਪਹੁੰਚਾਇਆ। ਵਿਧਾਇਕਾਂ ਨੇ ਵੀ ਇੱਕ-ਇੱਕ ਹਲਕੇ ਦੀ ਜ਼ਿੰਮੇਵਾਰੀ ਸੰਭਾਲ ਕੇ ਪ੍ਰਚਾਰ ਲਈ ਕੋਈ ਕਸਰ ਨਹੀਂ ਛੱਡੀ। ਕਾਂਗਰਸ ਪਾਰਟੀ ਵਲੋਂ ਸੁਖਪਾਲ ਸਿੰਘ ਖਹਿਰਾ ਨੇ ਵੀ ਚੋਣ ਪ੍ਰਚਾਰ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ’ਤੇ ਹੀ ਨਿਸ਼ਾਨੇ ਸੇਧਦੇ ਰਹੇ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਜੋ ਕਿ ਮੌਜੂਦਾ ਸੰਸਦ ਮੈਂਬਰ ਹਨ, ਨੇ ਵੀ ਤੀਜੀ ਵਾਰ ਜਿੱਤ ਹਾਸਲ ਕਰਨ ਲਈ ਸਾਰੀ ਸ਼ਕਤੀ ਝੋਕ ਦਿੱਤੀ ਹੈ। ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ, ਬੱਚਿਆਂ ਦਾ ਭਵਿੱਖ ਸੰਵਾਰਨ ਅਤੇ ਸਰਕਾਰਾਂ ਤੋਂ ਬਣਦੇ ਹੱਕ ਲੈਣ ਲਈ ਵੋਟਾਂ ਦੀ ਮੰਗ ਕੀਤੀ ਹੈ। ਭਾਜਪਾ ਵਲੋਂ ਅਰਵਿੰਦ ਖੰਨਾ ਨੇ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਆਪਣੀ ਚੋਣ ਮੁਹਿੰਮ ਨੂੰ ਪੂਰੀ ਮਿਹਨਤ ਨਾਲ ਚਲਾਇਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਵਲੋਂ ਢੀਂਡਸਾ ਪਰਿਵਾਰ ਦੀ ਹਮਾਇਤ ਤੋਂ ਬਗੈਰ ਹੀ ਚੋਣ ਮੁਹਿੰਮ ਨੂੰ ਸਿਰੇ ਚੜ੍ਹਾਇਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਕਈ ਰੈਲੀਆਂ ਤੇ ਰੋਡ ਸ਼ੋਅ ਕਰਕੇ ਚੋਣ ਮੁਹਿੰਮ ਨੂੰ ਹੁਲਾਰਾ ਗਿਆ।