ਸੰਜੈ ਸਿੰਘ ਨੂੰ ਹਲਫ਼ ਲੈਣ ਦੀ ਆਗਿਆ
ਨਵੀਂ ਦਿੱਲੀ (ਪੱਤਰ ਪ੍ਰੇਰਕ): ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ‘ਆਪ’ ਆਗੂ ਸੰਜੈ ਸਿੰਘ ਨੂੰ ਅਦਾਲਤ ਨੇ 5 ਫਰਵਰੀ ਨੂੰ ਰਾਜ ਸਭਾ ਵਿੱਚ ਮੈਂਬਰ ਵਜੋਂ ਸਹੁੰ ਚੁੱਕਣ ਦੀ ਆਗਿਆ ਦੇ ਦਿੱਤੀ ਹੈ। ਰਾਊਜ਼ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਐੱਮ ਕੇ ਨਾਗਪਾਲ ਨੇ ਸੰਜੈ ਸਿੰਘ ਦੀ ਅਰਜ਼ੀ ’ਤੇ ਈਡੀ ਨੂੰ ਨੋਟਿਸ ਜਾਰੀ ਕਰਕੇ 3 ਫਰਵਰੀ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ। ਸੰਜੈ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣੀ ਹੈ ਇਸ ਕਰਕੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਜਾਵੇ। ਅਦਾਲਤ ਨੇ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਸੰਜੈ ਸਿੰਘ ਨੂੰ ਸਿਰਫ਼ ਸਹੁੰ ਚੁੱਕਣ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਸੰਜੈ ਸਿੰਘ ਰਾਜ ਸਭਾ ਵਿੱਚ ਜਾ ਕੇ 5 ਫਰਵਰੀ ਨੂੰ ਸਹੁੰ ਚੁੱਕ ਸਕਦੇ ਹਨ। ਹਾਲਾਂਕਿ ਸੰਜੈ ਸਿੰਘ ਇਕੱਲੇ ਨਹੀਂ ਜਾ ਸਕਣਗੇ ਅਤੇ ਜੇਲ੍ਹ ਅਧਿਕਾਰੀ ਉਨ੍ਹਾਂ ਨੂੰ 5 ਫਰਵਰੀ ਨੂੰ ਸਵੇਰੇ 10 ਵਜੇ ਸੰਸਦ ਲੈ ਕੇ ਜਾਣਗੇ।
ਸਿਸੋਦੀਆ ਨੂੰ ਨਾ ਮਿਲੀ ਜ਼ਮਾਨਤ
ਨਵੀਂ ਦਿੱਲੀ: ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਘੁਟਾਲੇ ਸਬੰਧੀ ਸੁਣਵਾਈ ਕਰਦਿਆਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਦੀ ਨਿਆਂਇਕ ਹਿਰਾਸਤ 17 ਫਰਵਰੀ ਤੱਕ ਵਧਾ ਦਿੱਤੀ ਹੈ। ਸਿਸੋਦੀਆ ਪਿਛਲੇ ਸਾਲ 26 ਫਰਵਰੀ ਤੋਂ ਜੇਲ੍ਹ ਵਿੱਚ ਬੰਦ ਹਨ। ਉਹ ਜ਼ਮਾਨਤ ਲਈ ਸੁਪਰੀਮ ਕੋਰਟ ਗਏ ਸਨ ਪਰ ਉਨ੍ਹਾਂ ਨੂੰ ਉਥੋਂ ਵੀ ਕੋਈ ਰਾਹਤ ਨਹੀਂ ਮਿਲੀ ਸੀ।