ਸੰਤ ਅਤਰ ਸਿੰਘ ਦੇ ਬਰਸੀ ਸਮਾਗਮ ਭਲਕ ਤੋਂ
ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 28 ਜਨਵਰੀ
ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਵਿੱਦਿਆ - ਦਾਨੀ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 30, 31 ਜਨਵਰੀ ਅਤੇ 1 ਫਰਵਰੀ ਨੂੰ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ, ਮਸਤੂਆਣਾ ਸਾਹਿਬ ਵਿਖੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਸੁਰਜੀਤ ਸਿੰਘ ਮੁੱਖ ਸੇਵਾਦਾਰ, ਬਾਬਾ ਦਰਸ਼ਨ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਸੋਨੀ ਹੁਰਾਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੀ ਲੜੀ ਅਰੰਭ ਹੋ ਚੁੱਕੀ ਹੈ ਅਤੇ 1 ਫਰਵਰੀ ਨੂੰ ਭੋਗ ਪੈਣ ਉਪਰੰਤ ਉੱਚ ਕੋਟੀ ਦੇ ਰਾਗੀ, ਢਾਡੀ, ਕਥਾ ਵਾਚਕ ਸਿੰਘਾਂ ਤੋਂ ਇਲਾਵਾ ਸਾਧੂ ਸੰਤ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ। ਇਨ੍ਹਾਂ ਸਮਾਗਮਾਂ ਸਬੰਧੀ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਸੰਗਤਾਂ ਦੇ ਰਹਿਣ ਸਹਿਣ ਦਾ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਸਮਾਗਮਾਂ ਮੌਕੇ ਦੇਸ਼ ਵਿਦੇਸ਼ ਅਤੇ ਇਲਾਕੇ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਸੰਤ ਅਤਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚ ਰਹੀਆਂ ਹਨ।