ਸੰਤ ਲੌਂਗੋਵਾਲ ਹਮੇਸ਼ਾ ਯਾਦ ਰਹਿਣਗੇ: ਧਰਮਸੋਤ
ਗੁਰਦੀਪ ਸਿੰਘ ਲਾਲੀ/ਜਗਤਾਰ ਸਿੰਘ ਨਹਿਲ
ਸੰਗਰੂਰ/ਲੌਂਗੋਵਾਲ , 20 ਅਗਸਤ
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 35ਵੀਂ ਬਰਸੀ ਮੌਕੇ ਪੰਜਾਬ ਸਰਕਾਰ ਵੱਲੋਂ ਅਨਾਜ ਮੰਡੀ ਲੌਂਗੋਵਾਲ ’ਚ ਕਰਵਾਏ ਸਾਦੇ ਤੇ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ੍ਰੀ ਧਰਮਸੋਤ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਪਾਏ ਯੋਗਦਾਨ ਲਈ ਸੰਤ ਲੌਂਗੋਵਾਲ ਨੂੰ ਰਹਿੰਦੀ ਦੁਨੀਆ ਤਕ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਕੁਰਬਾਨੀ ਦੇਣ ਵਾਲੇ ਮਹਾਨ ਸੂਰਵੀਰਾਂ ਦੇ ਇਤਿਹਾਸ ਤੋਂ ਜਾਣੂ ਹੋਣ ਦੀ ਲੋੜ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਤ ਲੌਂਗੋਵਾਲ ਦੀ ਬਰਸੀ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਕੋਵਿਡ-19 ਕਾਰਨ ਸੰਖੇਪ ਸਮਾਗਮ ਦੌਰਾਨ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਲੋਕਾਂ ਨੂੰ ਕੋਵਿਡ-19 ਤੋਂ ਸੁਰੱਖਿਅਤ ਰੱਖਣ ਲਈ ਪੂਰੀ ਨਜ਼ਰਸਾਨੀ ਕਰ ਰਹੇ ਹਨ। ਇਸ ਤੋਂ ਪਹਿਲਾਂ ਹਲਕਾ ਇੰਚਾਰਜ ਸੁਨਾਮ ਦਾਮਨ ਥਿੰਦ ਬਾਜਵਾ ਨੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਕਾਂਗਰਸੀ ਆਗੂ ਹਰਮਨ ਬਾਜਵਾ, ਮੇਲਾ ਸਿੰਘ ਸੂਬੇਦਾਰ, ਵਿਜੇ ਕੁਮਾਰ, ਅਸ਼ੋਕ ਕੁਮਾਰ, ਬਬਲੂ ਸਿੰਗਲਾ, ਡਿਪਟੀ ਕਮਿਸ਼ਨਰ ਰਾਮਵੀਰ, ਐੱਸਐੱਸਪੀ ਡਾ. ਸੰਦੀਪ ਗਰਗ, ਏਡੀਸੀ ਅਨਮੋਲ ਸਿੰਘ ਧਾਲੀਵਾਲ, ਐੱਸਡੀਐੱਮ ਬਬਨਦੀਪ ਸਿੰਘ ਹਾਜ਼ਰ ਸਨ।