ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਭਰ ਵਿੱਚ ‘ਕਾਲਾ ਦਿਵਸ’ ਮਨਾਇਆ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਫਰਵਰੀ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਾ ਦਿਨ ‘ਕਾਲਾ ਦਿਵਸ’ ਵਜੋਂ ਮਨਾਇਆ ਗਿਆ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ਭਰ ਵਿੱਚ 150 ਤੋਂ ਵੱਧ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ। ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਨੌਜਵਾਨ, ਬੀਬੀਆਂ ਤੇ ਬਜ਼ੁਰਗ ਸ਼ਾਮਲ ਹੋਏ, ਜਿਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਗ੍ਰਹਿ ਮੰਤਰੀ ਅਨਿਲ ਵਿੱਜ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਤਿੰਨਾਂ ਦੇ ਪੁਤਲੇ ਫੂਕੇ। ਕਿਸਾਨਾਂ ਨੇ ਸ਼ੁਭਕਰਨ ਦੀ ਮੌਤ ਲਈ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਪੰਜਾਬ ਸਰਕਾਰ ਨੂੰ ਸ਼ੁਭਕਰਨ ਦੀ ਹੱਤਿਆ ਸਬੰਧੀ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਗਰੂਰ ਵਿੱਚ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕੀਤਾ। ਇਸ ਦੌਰਾਨ ਸੰਗਰੂਰ ਵਿੱਚ ਇਕ ਰੈਲੀ ਤੇ ਰੋਸ ਮਾਰਚ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਭਰ ਵਿੱਚ ਹੋਰਨਾਂ ਥਾਵਾਂ ’ਤੇ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ, ਡਾ. ਦਰਸ਼ਨ ਪਾਲ, ਹਰਮੀਤ ਸਿੰਘ ਕਾਦੀਆਂ, ਬਲਦੇਵ ਸਿੰਘ ਨਿਹਾਲਗੜ੍ਹ, ਬੂਟਾ ਸਿੰਘ ਬੁਰਜਗਿੱਲ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲੀਨੰਗਲ, ਸਤਨਾਮ ਸਿੰਘ ਅਜਨਾਲਾ, ਮਨਜੀਤ ਸਿੰਘ ਧਨੇਰ, ਬਿੰਦਰ ਸਿੰਘ ਗੋਲੇਵਾਲਾ, ਸੁੱਖਗਿੱਲ ਮੋਗਾ, ਰੁਲਦੂ ਸਿੰਘ ਮਾਨਸਾ, ਵੀਰ ਸਿੰਘ ਬੜਵਾ, ਬਲਜੀਤ ਸਿੰਘ ਗਰੇਵਾਲ, ਹਰਜਿੰਦਰ ਸਿੰਘ ਟਾਂਡਾ, ਮਲੂਕ ਸਿੰਘ ਹੀਰਕੇ, ਬਲਵਿੰਦਰ ਸਿੰਘ ਰਾਜੂਔਲਖ, ਹਰਜੀਤ ਸਿੰਘ ਰਵੀ, ਨਿਰਵੈਰ ਸਿੰਘ ਡਾਲੇਕੇ, ਹਰਬੰਸ ਸਿੰਘ ਸੰਘਾ, ਪ੍ਰੇਮ ਸਿੰਘ ਭੰਗੂ, ਕੁਲਦੀਪ ਸਿੰਘ ਵਜੀਦਪੁਰ, ਹਰਦੇਵ ਸਿੰਘ ਸੰਧੂ, ਕੰਵਲਪ੍ਰੀਤ ਸਿੰਘ ਪੰਨੂ, ਕਿਰਨਜੀਤ ਸੇਖੋਂ ਅਤੇ ਬੋਘ ਸਿੰਘ ਮਾਨਸਾ ਆਦਿ ਆਗੂਆਂ ਨੇ ਸੰਬੋਧਨ ਕੀਤਾ।