ਸੰਯੁਕਤ ਕਿਸਾਨ ਮੋਰਚਾ ਵਲੋਂ ਭਾਜਪਾ ਅਤੇ 'ਆਪ' ਦੇ ਘਰਾਂ ਮੂਹਰੇ ਲਗਾਤਾਰ ਤੀਜੇ ਦਿਨ ਧਰਨੇ ਜਾਰੀ
ਜੋਗਿੰਦਰ ਸਿੰਘ ਮਾਨ
ਮਾਨਸਾ, 13 ਸਤੰਬਰ
ਹੜ੍ਹਾਂ ਕਾਰਨ ਮਰੀਆਂ ਫਸਲਾਂ, ਪਸ਼ੂਆਂ ਦੇ ਨੁਕਸਾਨ ਅਤੇ ਕਿਸਾਨ- ਮਜ਼ਦੂਰਾਂ ਦੇ ਡਿੱਗੇ ਮਕਾਨਾਂ ਦਾ ਮੁਆਵਜ਼ਾ ਲੈਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਨੇਤਾਵਾਂ ਅਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਦੇ ਘਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਦੀ ਕੜੀ ਵਜੋਂ 'ਆਪ' ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਕੋਠੀ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਅੱਜ ਤੀਜੇ ਦਿਨ ਵਿਚ ਦਾਖਲ ਹੋ ਗਿਆ ਹੈ।
ਅੱਜ ਦੀ ਰੈਲੀ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਦਰਸ਼ਨ ਸਿੰਘ ਜਟਾਣਾ, ਜਮਹੂਰੀ ਕਿਸਾਨ ਸਭਾ ਦੇ ਸੁਖਦੇਵ ਸਿੰਘ ਅਤਲਾ, ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਕੁਲਦੀਪ ਸਿੰਘ ਚੱਕ ਭਾਈਕੇ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜਗਰਾਜ ਸਿੰਘ ਗੋਰਖਨਾਥ, ਭਾਰਤੀ ਕਿਸਾਨ ਯੂਨੀਅਨ ਮਾਲਵਾ ਦੇ ਤਰਸੇਮ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਰੂਪ ਸਿੰਘ ਢਿੱਲੋਂ, ਪੰਜਾਬ ਕਿਸਾਨ ਯੂਨੀਅਨ ਦੇ ਭੋਲਾ ਸਿੰਘ ਸਮਾਓ ਨੇ ਸੰਬੋਧਨ ਕੀਤਾ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਮੀਹਾਂ ਨਾਲ ਖ਼ਰਾਬ ਹੋਏ ਝੋਨੇ ਦਾ ਘੱਟੋ-ਘੱਟ 50000 ਰੂਪੈ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ, ਜਿਨ੍ਹਾਂ ਕਿਸਾਨਾਂ ਨੇ ਦੂਜੀ ਵਾਰ ਝੋਨਾ ਲਾਉਣਾ ਪਿਆ ਹੈ, ਉਨ੍ਹਾਂ ਨੂੰ ਢੁੱਕਵੀਂ ਸਹਾਇਤਾ ਦਿੱਤੀ ਜਾਵੇ ਅਤੇ ਜਿਹੜੇ ਕਿਸਾਨਾਂ ਦੀ ਜ਼ਮੀਨ ਵਿੱਚ ਰੇਤ ਭਰ ਗਈ ਹੈ, ਉਨ੍ਹਾਂ ਨੂੰ ਜ਼ਮੀਨ ਸਾਫ ਕਰਨ ਲਈ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਮਰੇ ਪਸ਼ੂਆਂ ਦਾ ਘੱਟੋ-ਘੱਟ ਇੱਕ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਡਿੱਗੇ ਮਕਾਨਾਂ ਦਾ ਘੱਟੋ-ਘੱਟ 5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਬੁਲਾਰਿਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਤੁਰੰਤ ਹਾਂ ਪੱਖੀ ਫੈਸਲਾ ਨਾ ਲਿਆ ਤਾਂ ਅੱਜ ਦੀ ਮੋਰਚੇ ਦੀ ਮੀਟਿੰਗ ਦੇ ਫੈਸਲੇ ਅਨੁਸਾਰ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।