ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਸ਼ਵ ਵਾਤਾਵਰਨ ਦਿਵਸ ਮੌਕੇ ਵੱਖ-ਵੱਖ ਥਾਵਾਂ ’ਤੇ ਬੂਟੇ ਲਾਏ

08:10 AM Jun 06, 2024 IST
ਕਰਮਗੜ੍ਹ ਸਕੂਲ ਵਿੱਚ ਬੂਟੇ ਲਾਉਂਦੇ ਹੋਏ ਮੁੱਖ ਅਧਿਆਪਕਾ ਡਿੰਪਲ ਵਰਮਾ ਤੇ ਸਟਾਫ।

ਪੱਤਰ ਪ੍ਰੇਰਕ
ਮਾਨਸਾ, 5 ਜੂਨ
ਮਾਨਸਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਫ਼ਲਦਾਰ, ਛਾਂਦਾਰ ਅਤੇ ਫੁੱਲਦਾਰ ਬੂਟੇ ਲਗਾ ਕੇ ਮਨਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਐਚ.ਐਸ. ਗਰੇਵਾਲ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ ਵਿਖੇ ਪੌਦੇ ਲਗਾ ਕੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ ਗਿਆ। ਇਸੇ ਤਰ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮਾਨਸਾ ਦੇ ਸ਼ੋਸਲ ਸਟਾਫ ਵੱਲੋਂ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਏ ਗਏ। ਸਥਾਨਕ ਸੈਂਟਰਲ ਪਾਰਕ ਵਿੱਚ ਡੀਸੀ ਪਰਮਵੀਰ ਸਿੰਘ ਅਤੇ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਬੂਟੇ ਲਾਏ ਗਏ।
ਜ਼ੀਰਾ (ਪੱਤਰ ਪ੍ਰੇਰਕ): ਰੋਟਰੀ ਕਲੱਬ ਜ਼ੀਰਾ ਨੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਬੂਟੇ ਲਗਾਏ। ਇਸ ਮੌਕੇ ਰੋਟਰੀ ਕਲੱਬ ਜ਼ੀਰਾ ਦੇ ਪ੍ਰਧਾਨ ਵਿਪਨ ਸੇਠੀ ਦੀ ਪ੍ਰਧਾਨਗੀ ਹੇਠ ਨਵੀਂ ਕਚਹਿਰੀ ਜ਼ੀਰਾ ਵਿੱਚ ਸਮਾਗਮ ਕੀਤਾ ਗਿਆ। ਇਸ ਵਿੱਚ ਐੱਸਡੀਐੱਮ ਜ਼ੀਰਾ ਗੁਰਮੀਤ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ। ਉਨ੍ਹਾਂ ਰਸਮੀ ਤੌਰ ’ਤੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ।
ਭੀਖੀ (ਪੱਤਰ ਪ੍ਰੇਰਕ): ਸਥਾਨਕ ਲਾਲਾ ਦੌਲਤ ਮੱਲ ਯਾਦਗਾਰੀ ਪਾਰਕ ਵਿੱਚ ਵਾਤਾਵਰਨ ਪ੍ਰੇਮੀਆਂ ਵੱਲੋਂ ਵਣ ਵਿਭਾਗ ਦੇ ਸਹਿਯੋਗ ਸਦਕਾ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਸਮੇਂ ਵਿਨੋਦ ਕੁਮਾਰ ਸਿੰਗਲਾ, ਗੁਰਨਾਮ ਸਿੰਘ ਭੀਖੀ, ਭੁਪਿੰਦਰ ਫੌਜੀ, ਸੁੱਖਾ ਪੰਡਿਤ ਨੇ ਕਿਹਾ ਕਿ ਬੂਟੇ ਲਾਉਣ ਦੇ ਨਾਲ ਉਨ੍ਹਾਂ ਦੀ ਸੰਭਾਲ ਵੀ ਜ਼ਰੂਰੀ ਹੈ।
ਰਾਮਾਂ ਮੰਡੀ (ਪੱਤਰ ਪ੍ਰੇਰਕ): ਇੱਥੇ ਗੁਰੂ ਗੋਬਿੰਦ ਸਿੰਘ ਰੀਫਾਈਨਰੀ ਵਿੱਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਰੀਫਾਈਨਰੀ ਦੇ ਸੀਓਓ ਏਐਸਬਾਸੂ ਤੇ ਅਪਰੇਸ਼ਨਜ਼ ਹੈੱਡ ਐਮਬੀ ਗੋਇਲ ਵੱਲੋਂ ਡੀਜੀਐਮ ਸੰਕੇਤ ਥਾਪਰ ਅਗਵਾਈ ਵਿਚ ਵੱਖ*ਵੱਖ ਕਿਸਮਾਂ ਦੇ 250 ਬੂਟੇ ਲਗਾਏ ਗਏ। ਕੰਪਨੀ ਦੇ ਪੀਆਰਓ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਰੀਫਾਈਨਰੀ ਵਲੋਂ ਵਾਤਾਵਰਨ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਸ਼ਹਿਣਾ (ਪੱਤਰ ਪ੍ਰੇਰਕ): ਪੰਜਾਬ ਨਰਸਿੰਗ ਕਾਲਜ ਸ਼ਹਿਣਾ ਵਿੱਚ ਚੇਅਰਮੈਨ ਪਵਨ ਕੁਮਾਰ ਧੀਰ ਦੀ ਅਗਵਾਈ ’ਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਉਨ੍ਹਾਂ ਸਿਹਤਮੰਦ ਸਮਾਜ ਲਈ ਚੌਗਿਰਦਾ ਸੰਭਾਲਣ ’ਤੇ ਜ਼ੋਰ ਦਿੱਤਾ। ਸ਼ਹੀਦ ਭਗਤ ਸਿੰਘ ਕਲੱਬ ਸ਼ਹਿਣਾ ਵੱਲੋਂ ਵੀ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਲਾਗਲੇ ਪਿੰਡ ਉਗੋਕੇ, ਸੁਖਪਰਾ, ਬੱਲੋਕੇ ’ਚ ਵੀ ਬੂਟੇ ਲਾਏ ਗਏ।
ਤਲਵੰਡੀ ਸਾਬੋ (ਪੱਤਰ ਪ੍ਰੇਰਕ): ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਐੱਨਐੱਸਐੱਸ ਯੂਨਿਟ ਵੱਲੋਂ ਪ੍ਰਿੰਸੀਪਲ ਡਾ. ਮਨੋਰਮਾ ਸਮਾਘ ਦੀ ਦੇਖ ਰੇਖ ਹੇਠ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਐੱਨਐੱਸਐੱਸ ਵਾਲੰਟੀਅਰਾਂ ਅਤੇ ਕਾਲਜ ਸਟਾਫ਼ ਵੱਲੋਂ ਕਾਲਜ ਕੰਪਲੈਕਸ ਅੰਦਰ ਬੂਟੇ ਲਾਏ ਗਏ। ਇਸ ਮੌਕੇ ਪ੍ਰਿੰਸੀਪਲ ਨੇ ਰੁੱਖਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ।
ਲੰਬੀ (ਪੱਤਰ ਪ੍ਰੇਰਕ): ਸਰਕਾਰੀ ਹਾਈ ਸਕੂਲ ਕਰਮਗੜ੍ਹ ਵਿੱਚ ਵਾਤਾਵਰਨ ਬਚਾਉਣ ਅਤੇ ਪੰਛੀਆਂ ਲਈ ਆਲ੍ਹਣੇ ਬਣਾਉਣ ਲਈ ‘ਮਿਸ਼ਨ ਟਾਰਗੇਟ 500 ਅਤੇ ਆਸ਼ੀਆਨਾ’ ਮੁਹਿੰਮ ਸ਼ੁਰੂ ਕੀਤੀ ਗਈ। ਮੁੱਖ ਅਧਿਆਪਕਾ ਡਿੰਪਲ ਵਰਮਾ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ’ਤੇ ਪੌਦੇ ਲਾਏ ਤੇ ਸਕੂਲ ਵਿੱਚ ਹੀ ਤਿਆਰ ਕੀਤੇ ਆਲ੍ਹਣੇ ਵੀ ਪੰਛੀਆਂ ਖਾਤਰ ਰੱਖੇ ਗਏ।

Advertisement

ਚਾਰਟ ਅਤੇ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ

ਮਹਿਲ ਕਲਾਂ (ਪੱਤਰ ਪ੍ਰੇਰਕ): ਮਾਲਵਾ ਕਾਲਜ ਆਫ ਨਰਸਿੰਗ ਮਹਿਲ ਕਲਾਂ ਵਿੱਚ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਅਤੇ ਪ੍ਰਿੰਸੀਪਲ ਸਿੰਦਰ ਕੌਰ ਦੀ ਦੀ ਅਗਵਾਈ ਹੇਠ ਕਾਲਜ ਸਟਾਫ ਅਤੇ ਵਿਦਿਆਰਥੀਆਂ ਨੇ ਬੂਟੇ ਲਗਾਏ। ਸ੍ਰੀ ਬਾਂਸਲ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਕੁਦਰਤ ਦੀ ਸੰਭਾਲ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਸਾਨੂੰ ਪਾਣੀ ਦੀ ਦੁਰਵਰਤੋਂ ਨੂੰ ਰੋਕਣਾ ਚਾਹੀਦਾ ਹੈ। ਇਸ ਮੌਕੇ ਕਾਲਜ ਵਿੱਚ ਵਿਦਿਆਰਥੀਆਂ ਦੇ ਵਾਤਾਵਰਨ ਸਬੰਧੀ ਚਾਰਟ ਅਤੇ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ ਗਏ।

Advertisement
Advertisement