‘ਇੱਕ ਪੌਦਾ ਮਾਂ ਦੇ ਨਾਂ’ ਮੁਹਿੰਮ ਤਹਿਤ ਵੱਖ-ਵੱਖ ਥਾਈਂ ਬੂਟੇ ਲਾਏ
ਮੁਕੇਸ਼ ਕੁਮਾਰ
ਚੰਡੀਗੜ੍ਹ, 22 ਸਤੰਬਰ
ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਸੈਕਟਰ 46ਬੀ ਦੀ ਗਰੀਨ ਬੈਲਟ ਵਿੱਚ ਬੂਟੇ ਲਗਾ ਕੇ ‘ਇੱਕ ਪੌਦਾ ਮਾਂ ਦੇ ਨਾਂ’ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਲੋਕਾਂ ਨੂੰ ਸਵੱਛਤਾ ਲਈ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਆਪਣੇ ਜੀਵਨ ਦੇ ਹਰ ਸਾਲ 100 ਘੰਟੇ ਸ਼ਹਿਰ ਦੀ ਸਫ਼ਾਈ ਅਤੇ ਪੌਦਿਆਂ ਦੀ ਸੰਭਾਲ ਲਈ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਵਾਤਾਵਰਨ ਵਿੱਚ ਵਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨਾ ਅਤੇ ਆਉਣ ਵਾਲੀ ਪੀੜ੍ਹੀ ਲਈ ਹਰਿਆ ਭਰਿਆ ਅਤੇ ਸਾਫ਼-ਸੁਥਰਾ ਵਾਤਾਵਰਨ ਯਕੀਨੀ ਬਣਾਉਣਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕੌਂਸਲਰ ਗੱਬੀ ਨੇ ਕਿਹਾ ਕਿ ਰੁੱਖ ਲਗਾਉਣਾ ਮਹਿਜ਼ ਰੁੱਖ ਲਗਾਉਣ ਤੱਕ ਹੀ ਸੀਮਤ ਨਹੀਂ ਹੈ, ਸਗੋਂ ਇਸ ਦਾ ਉਦੇਸ਼ ਪੌਦਿਆਂ ਦੀ ਸਾਂਭ ਸੰਭਾਲ ਅਤੇ ਉਨ੍ਹਾਂ ਨੂੰ ਵਧਾ ਕੇ ਵਾਤਾਵਰਨ ਨੂੰ ਸੁਰੱਖਿਅਤ ਬਣਾਉਣਾ ਹੈ।
ਮੁੱਲਾਂਪੁਰ ਗਰੀਬਦਾਸ (ਪੱਤਰ ਪ੍ਰੇਰਕ): ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹਦਾਇਤਾਂ ਅਤੇ ਸ੍ਰੀ ਅਤੁਲ ਕਸਾਨਾ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੀ ਅਗਵਾਈ ਵਿੱਚ ਇੱਕ ਦਰੱਖ਼ਤ ਮਾਂ ਦੇ ਨਾਮ ਮੁਹਿੰਮ ਤਹਿਤ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇਲਾਕੇ ਦੇ ਕਈ ਸਕੂਲਾਂ ਵਿੱਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ। ਜਾਣਕਾਰੀ ਅਨੁਸਾਰ ਇਸ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮਿਲਖ, ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੁੱਲਾਂਪੁਰ ਗਰੀਬਦਾਸ-2, ਮੁੰਨਾ ਲਾਲ ਪੁਰੀ ਸਕੂਲ ਆਫ ਐਮੀਨੈਂਸ ਮੁੱਲਾਂਪੁਰ ਗਰੀਬਦਾਸ ਤੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮਸਤਗੜ੍ਹ ਵਿੱਚ ਦਸ-ਦਸ ਪੌਦੇ ਲਗਾਏ ਗਏ।
ਮੁਹਾਲੀ ’ਚ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੌਦੇ ਲਗਾਏ
ਐਸ.ਏ.ਐਸ. ਨਗਰ (ਮੁਹਾਲੀ)(ਪੱਤਰ ਪ੍ਰੇਰਕ):
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ ਦੀ ਅਗਵਾਈ ਹੇਠ ਮੁਹਾਲੀ ਜ਼ਿਲ੍ਹੇ ਵਿੱਚ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਜਾ ਰਹੇ ਹਨ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸੁਰਭੀ ਪਰਾਸ਼ਰ ਦੀ ਦੇਖਰੇਖ ਹੇਠ ਸ਼ਿਵਾਲਿਕ ਪਬਲਿਕ ਸਕੂਲ ਸੈਕਟਰ-78, ਸਰਕਾਰੀ ਪ੍ਰਾਇਮਰੀ ਸਕੂਲ ਮਿਲਖ, ਸਰਕਾਰੀ ਪ੍ਰਾਇਮਰੀ ਸਕੂਲ ਮੁੱਲਾਂਪੁਰ ਗਰੀਬਦਾਸ-2, ਐਮਐਲ ਪੁਰੀ ਸਕੂਲ ਆਫ਼ ਐਮੀਨੈਂਸ ਮੁੱਲਾਂਪੁਰ ਗਰੀਬਦਾਸ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਸਤਗੜ੍ਹ ਵਿੱਚ ਵੱਖ-ਵੱਖ ਕਿਸਮਾਂ ਦੇ 10-10 ਪੌਦੇ ਲਗਾਏ ਗਏ।