ਸੰਗਤ ਨੂੰ ਗੁਮਰਾਹ ਕਰ ਰਹੇ ਨੇ ਸਰਨਾ ਤੇ ਜੀਕੇ: ਕਾਲਕਾ
ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਜੂਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸੰਗਤ ਵੱਲੋਂ ਨਕਾਰੇ ਜਾਣ ਦੇ ਬਾਵਜੂਦ ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ਜੀਕੇ ਅਤੇ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਝੂਠ ਬੋਲ ਕੇ ਸੰਗਤਾਂ ਨੂੰ ਗੁਮਰਾਹ ਕਰਨ ਤੋਂ ਬਾਜ਼ ਨਹੀਂ ਆ ਰਹੇ। ਅੱਜ ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਬੀਤੇ ਕੱਲ੍ਹ ਮਨਜੀਤ ਸਿੰਘ ਜੀਕੇ ਤੇ ਪਰਮਜੀਤ ਸਿੰਘ ਸਰਨਾ ਨੇ ਇਕੱਠਿਆਂ ਪ੍ਰੈੱਸ ਕਾਨਫਰੰਸ ਕਰ ਕੇ ਝੂਠ ਬੋਲਿਆ ਹੈ ਕਿ ਅਦਾਲਤ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਮਾਨਤਾ ਰੱਦ ਕਰਨ ਵਾਸਤੇ ਕਿਹਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਅਜਿਹਾ ਕੋਈ ਹੁਕਮ ਨਹੀਂ ਸੁਣਾਇਆ ਗਿਆ।
ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਬਿਹਤਰੀ ਵਾਸਤੇ ਵਚਨਬੱਧ ਹੈ ਤੇ ਪੂਰੀ ਸੰਜੀਦਗੀ ਨਾਲ ਇਸ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 55 ਕਰੋੜ ਰੁਪਏ ਦੀ ਰਾਸ਼ੀ ਸਟਾਫ ਦੀ ਤਨਖਾਹ ਤੇ ਬਕਾਏ ਵਾਸਤੇ ਜਾਰੀ ਕੀਤੀ ਜਾ ਚੁੱਕੀ ਹੈ। ਇਸੇ ਤਰੀਕੇ ਸਟਾਫ ਦੀ ਕੋਈ ਤਨਖਾਹ ਬਕਾਇਆ ਨਹੀਂ ਹੈ, ਸਭ ਦਾ ਭੁਗਤਾਨ ਸਮੇਂ ਸਿਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਜੀਕੇ ਅਤੇ ਪਰਮਜੀਤ ਸਿੰਘ ਸਰਨਾ ਦਾ ਇਕੋ ਇਕ ਮਕਸਦ ਕੌਮ ਤੇ ਪੰਥ ਦੀਆਂ ਸੰਸਥਾਵਾਂ ਨੂੰ ਬਦਨਾਮ ਕਰਨਾ ਹੈ।