ਸਰਨਾ ਵੱਲੋਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਨੂੰ ਕਾਰਨ ਦੱਸੋ ਨੋਟਿਸ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 3 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਦਿੱਲੀ ਤੋਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਣਜੀਤ ਕੌਰ (ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੂੰ ਭਾਜਪਾ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਦੀਆਂ ਮੀਟਿੰਗਾਂ ਵਿੱਚ ਹਿੱਸਾ ਲੈਣ ਦੇ ਦੋਸ਼ ਹੇਠ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਸ੍ਰੀ ਸਰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਤੋਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਜਿਨ੍ਹਾਂ ਨੇ ਪਾਰਟੀ ਦੇ ਹੁਕਮਾਂ ਤੋਂ ਬਾਹਰ ਜਾ ਕੇ ਭਾਜਪਾ ਦੀ ਹਮਾਇਤ ਕੀਤੀ ਹੈ, ਉਨ੍ਹਾਂ ਦੀ ਇਹ ਕਾਰਵਾਈ ਪੰਥ ਅਤੇ ਪਾਰਟੀ ਦੇ ਹਿੱਤਾਂ ਦੇ ਖ਼ਿਲਾਫ਼ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਰਣਜੀਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ । ਜੇ ਬੀਬੀ ਰਣਜੀਤ ਕੌਰ ਇਸ ਨੋਟਿਸ ਦਾ ਜਵਾਬ ਨਹੀਂ ਦਿੰਦੇ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਧਰ, ਬੀਬੀ ਰਣਜੀਤ ਕੌਰ ਨੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਬੀਬੀਆਂ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਬਾਰੇ ਸਮਾਗਮ ਕੀਤਾ ਗਿਆ ਸੀ ਅਤੇ ਉਹ ਉਸ ਵਿੱਚ ਸ਼ਾਮਲ ਹੋਣ ਗਏ ਸਨ। ਜਦੋਂ ਕਿ ਭਾਜਪਾ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਉੱਥੇ ਚੱਲਦੇ ਸਮਾਗਮ ਵਿੱਚ ਆਏ। ਰਣਜੀਤ ਕੌਰ ਨੇ ਇਸ ਸਮਾਗਮ ਦੀ ਤਸਵੀਰ ਵੀ ਭੇਜੀ ਹੈ ਜਿਸ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਦੀ ਫਰੇਮ ਕੀਤੀ ਤਸਵੀਰ ਵੀ ਦਿਖਾਈ ਦਿੰਦੀ ਹੈ।