ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਪੰਚ ਸਾਥ ਦੇਣ: ਕੇਜਰੀਵਾਲ
* ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਵਾਅਦਾ
ਗਗਨਦੀਪ ਅਰੋੜਾ
ਲੁਧਿਆਣਾ, 8 ਨਵੰਬਰ
ਸਰਪੰਚਾਂ ਦੇ ਹਲਫ਼ਦਾਰੀ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਚੁਣੇ ਸਰਪੰਚਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਰਪੰਚਾਂ ਦੀ ਸਰਗਰਮ ਭੂਮਿਕਾ ਨਾਲ ਪੰਜਾਬ ਨੂੰ ਜਲਦੀ ਹੀ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਪਿੰਡ ਦੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਤੇ ਪੁਲੀਸ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ। ਕੇਜਰੀਵਾਲ ਨੇ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਪੰਜਾਬੀਆਂ ਨੂੰ ਮੁਬਾਰਕਬਾਦ ਦਿੰਦਿਆਂ ਇਸ ਸਮਾਗਮ ਵਿੱਚ ਪੁੱਜੇ ਸਰਪੰਚਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਗ੍ਰਾਮ ਸਭਾਵਾਂ ਦੇ ਇਜਲਾਸ ਕਰਵਾਏ ਜਾਣ ਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸਾਰੇ ਫ਼ੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲਏ ਜਾਣ। ਉਨ੍ਹਾਂ ਕਿਹਾ ਕਿ ਜੇ ਸਰਪੰਚ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਤਾਂ ਉਹ ਆਮ ਆਦਮੀ ਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਸਰਪੰਚਾਂ ਨੂੰ ਹਰ ਨੇਕ ਕੰਮ ਲਈ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਸਹੁੰ ਚੁੱਕਣ ਮਗਰੋਂ ਇਹ ਸਾਰੇ ਸਰਪੰਚ ਆਪਣੇ ਪਿੰਡਾਂ ਨੂੰ ਵਿਕਾਸ ਦੇ ਰਾਹ ਉਤੇ ਤੋਰਨਗੇ। ਕੇਜਰੀਵਾਲ ਨੇ ਕਿਹਾ ਕਿ ਸਰਪੰਚਾਂ ਨੂੰ ਚੰਗਾ ਪ੍ਰਦਰਸ਼ਨ ਕਰਨਾ ਹੋਵੇਗਾ ਅਤੇ ਆਪਣੇ ਪਿੰਡਾਂ ਨੂੰ ਆਦਰਸ਼ ਪਿੰਡਾਂ ਵਿੱਚ ਬਦਲਣਾ ਪਵੇਗਾ।
ਹੁਣ ਹਰੇਕ ਪਿੰਡ ਦੇ ਵਿਕਾਸ ਕਾਰਜਾਂ ਨੂੰ ਮਿਲੇਗੀ ਰਫ਼ਤਾਰ
ਚੰਡੀਗੜ੍ਹ (ਆਤਿਸ਼ ਗੁਪਤਾ):
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 10,031 ਸਰਪੰਚਾਂ ਨੂੰ ਸਹੁੰ ਚੁਕਾਏ ਜਾਣ ਮਗਰੋਂ ਪਿੰਡਾਂ ਦੇ ਵਿਕਾਸ ਨੂੰ ਵੀ ਰਫ਼ਤਾਰ ਮਿਲੇਗੀ। ਨਵੇਂ ਚੁਣੇ ਗਏ ਸਰਪੰਚ ਆਪਣੇ ਪਿੰਡ ਦੇ ਵਿਕਾਸ ਲਈ ਤਜਵੀਜ਼ਾਂ ਤਿਆਰ ਕਰਕੇ ਕੰਮ ਕਰਵਾਉਣਗੇ, ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲੇਗੀ। ਪੰਜਾਬ ਦੇ ਕਈ ਪਿੰਡਾਂ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਨੇ ਹਾਲਾਂਕਿ ਹਲਫ਼ ਲੈਣ ਤੋਂ ਪਹਿਲਾਂ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਿੰਡ ਦੇ ਵਿਕਾਸ ਲਈ ਸੰਪਰਕ ਕਰਨੇ ਸ਼ੁਰੂ ਕਰ ਦਿੱਤੇ ਸਨ। ਜ਼ਿਕਰਯੋਗ ਹੈ ਕਿ ਅੱਜ ਵੀ ਪੰਜਾਬ ਦੇ 13 ਹਜ਼ਾਰ ਪਿੰਡਾਂ ਵਿੱਚੋਂ ਸੈਂਕੜੇ ਪਿੰਡ ਅਜਿਹੇ ਹਨ, ਜਿੱਥੇ ਸੜਕਾਂ, ਨਾਲੀਆਂ, ਸਕੂਲ, ਡਿਸਪੈਂਸਰੀਆਂ ਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਹੈ। ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਦਾ ਕਾਰਜਕਾਲ ਮੁਕੰਮਲ ਹੋਏ ਨੂੰ ਅੱਜ 8 ਤੋਂ 10 ਮਹੀਨੇ ਬੀਤ ਜਾਣ ਕਰਕੇ ਵਧੇਰੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਬਰੇਕਾਂ ਲੱਗੀਆਂ ਹੋਈਆਂ ਸਨ। ਪਿੰਡ ਦੇ ਸਰਪੰਚ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੂਬਾ ਸਰਕਾਰ ਤੱਕ ਪਹੁੰਚਾਇਆ ਜਾਂਦਾ ਹੈ ਤੇ ਉਨ੍ਹਾਂ ਨੂੰ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਪਰ ਪਿੰਡ ਦੀ ਪੰਚਾਇਤ ਨਾ ਹੋਣ ਕਰਕੇ ਕਈ ਕੰਮ ਜ਼ਮੀਨੀ ਪੱਧਰ ’ਤੇ ਨਹੀਂ ਹੋ ਪਾ ਰਹੇ ਸਨ ਜਿਨ੍ਹਾਂ ਨੂੰ ਹੁਣ ਰਫ਼ਤਾਰ ਮਿਲ ਸਕੇਗੀ।
ਸਰਕਾਰੀ ਖਜ਼ਾਨਾ ਲੋਕਾਂ ਦਾ ਅਤੇ ਲੋਕਾਂ ਲਈ ਖਰਚਾਂਗੇ: ਮਾਨ
* ਮੁੱਖ ਮੰਤਰੀ ਨੇ 10 ਹਜ਼ਾਰ ਤੋਂ ਵੱਧ ਸਰਪੰਚਾਂ ਨੂੰ ਦਿਵਾਇਆ ਹਲਫ਼
* ਸਰਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਕੰਮ ਕਰਨ ਦਾ ਸੱਦਾ
ਗਗਨਦੀਪ ਅਰੋੜਾ
ਲੁਧਿਆਣਾ, 8 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਦੇ ਪਿੰਡ ਧਨਾਨਸੂ ’ਚ ਨਵੇਂ ਚੁਣੇ ਗਏ 10,031 ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਉਂਦਿਆਂ ਕਿਹਾ ਕਿ ਸਰਕਾਰੀ ਖਜ਼ਾਨਾ ਖਾਲੀ ਨਹੀਂ ਹੈ। ਇਹ ਖਜ਼ਾਨਾ ਲੋਕਾਂ ਦਾ ਹੈ ਅਤੇ ਲੋਕਾਂ ਲਈ ਹੀ ਖਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੁਣੇ ਗਏ ਸਰਪੰਚ ਨੂੰ ਪੰਜ ਸਾਲ ਪਿੰਡਾਂ ਦੇ ਵਿਕਾਸ ਲਈ ਕੰਮ ਕਰਨਾ ਚਾਹੀਦਾ ਹੈ। ਸਰਕਾਰ ਪਿੰਡਾਂ ਦੇ ਵਿਕਾਸ ਲਈ ਖੁੱਲ੍ਹੇ ਦਿਲ ਨਾਲ ਫੰਡ ਮੁਹੱਈਆ ਕਰਵਾਏਗੀ ਤੇ ਕਿਸੇ ਨੂੰ ਵੀ ਨਿਰਾਸ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਇੱਕੋ ਸਮੇਂ ਇੰਨੇ ਸਰਪੰਚਾਂ ਨੂੰ ਸਹੁੰ ਚੁਕਾਈ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਨੇ ਦੇਸ਼ ਦੀ ਰਾਜਨੀਤੀ ਦੀ ਦਿਸ਼ਾ ਅਤੇ ਦਸ਼ਾ ਬਦਲ ਦਿੱਤੀ ਹੈ। ਦਿੱਲੀ ਦੇ ਰਾਮਲੀਲਾ ਮੈਦਾਨ ’ਚ ਭ੍ਰਿਸ਼ਟਾਚਾਰ ਖ਼ਿਲਾਫ਼ ਰੈਲੀ ਤੋਂ ਬਾਅਦ ਹੀ ਆਮ ਲੋਕਾਂ ਦੀ ਸਰਕਾਰ ਬਣਨ ਦੀ ਸ਼ੁਰੂਆਤ ਹੋਈ। ਉਨ੍ਹਾਂ ਕਿਹਾ ਕਿ ਅੱਜ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਇੱਥੇ ਸਾਰੀਆਂ ਪਾਰਟੀਆਂ ਨਾਲ ਸਬੰਧਤ ਸਰਪੰਚ ਬੈਠੇ ਹਨ। ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੋਟਾਂ ਵੇਲੇ ਤੁਸੀਂ ਕਿਸੇ ਵੀ ਪਾਰਟੀ ਨਾਲ ਸਬੰਧ ਰਖੋ, ਪਰ ਜਦੋਂ ਪਿੰਡ ਪਿੰਡ ਦੀ ਗੱਲ ਆਉਂਦੀ ਹੈ ਤਾਂ ਸਾਰੇ ਸਰਪੰਚਾਂ ਅਤੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋ ਕੇ ਆਉਣਾ ਚਾਹੀਦਾ ਹੈ। ਸਰਪੰਚ ਪੂਰੇ ਪਿੰਡ ਦਾ ਹੋਵੇ ਨਾ ਕਿ ਕਿਸੇ ਪਾਰਟੀ ਦਾ। ਉਨ੍ਹਾਂ ਕਿਹਾ ਕਿ ‘ਆਪ’ ਆਗੂਆਂ ਨੇ ਉਹ ਸਿਆਸਤ ਨਹੀਂ ਸਿੱਖੀ ਕਿ ਜਿਸ ਵਿੱਚ ਪਾਰਟੀ ਦੇਖ ਕੇ ਆਗੂ ਕੰਮ ਕਰਦੇ ਹਨ। ਇਸ ਸਰਕਾਰ ਵਿੱਚ ਹਰ ਸਿਆਸੀ ਪਾਰਟੀ ਨਾਲ ਸਬੰਧਤ ਚੁਣੇ ਹੋਏ ਨੁਮਾਇੰਦੇ ਦਾ ਪਹਿਲ ਦੇ ਆਧਾਰ ’ਤੇ ਕੰਮ ਹੋਵੇਗਾ। ਉਨ੍ਹਾਂ ਕਿਹਾ ਕਿ ਪੰਚਾਇਤ ਪਿੰਡ ਦੇ ਵਿਕਾਸ ਕਾਰਜਾਂ ਦੇ ਪ੍ਰਸਤਾਵ ਪੇਸ਼ ਕਰੇ ਅਤੇ ਉਸ ਤੋਂ ਬਾਅਦ ਸਰਕਾਰ ਵੱਲੋਂ ਕੰਮ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਨਸ਼ਿਆਂ ਨੂੰ ਲੈ ਕੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਸਮਾਜਿਕ ਲਹਿਰ ਪੈਦਾ ਕਰਨੀ ਪਵੇਗੀ ਤੇ ਸਾਰਿਆਂ ਨੂੰ ਇਕੱਠੇ ਹੋ ਕੇ ਪਿੰਡਾਂ ਨੂੰ ਨਸ਼ਾ ਮੁਕਤ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 45 ਹਜ਼ਾਰ ਨੌਕਰੀਆਂ ਦਿੱਤੀਆਂ ਹਨ ਤੇ ਭਵਿੱਖ ਵਿੱਚ ਵੀ ਨੌਕਰੀਆਂ ਦੇਣ ਦਾ ਸਿਲਸਿਲਾ ਜਾਰੀ ਰਹੇਗਾ।
ਚਾਰ ਜ਼ਿਲ੍ਹਿਆਂ ਦੇ ਸਰਪੰਚ ਜ਼ਿਮਨੀ ਚੋਣ ਦੇ ਨਤੀਜੇ ਮਗਰੋਂ ਚੁੱਕਣਗੇ ਸਹੁੰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਈ। ਬਾਕੀ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਤੇ ਗੁਰਦਾਸਪੁਰ ਦੇ ਨਵੇਂ ਚੁਣੇ ਸਰਪੰਚਾਂ ਅਤੇ ਸਾਰੇ 23 ਜ਼ਿਲ੍ਹਿਆਂ ਦੇ ਨਵੇਂ ਚੁਣੇ 81,808 ਪੰਚਾਂ ਦਾ ਸਹੁੰ ਚੁੱਕ ਸਮਾਗਮ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਤੇ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਤੋਂ ਬਾਅਦ ਹੋਵੇਗਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 3037 ਪਿੰਡਾਂ ਦੀਆਂ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਅਤੇ ਫਿਰੋਜ਼ਪੁਰ ਜ਼ਿਲ੍ਹੇ ’ਚ 336, ਗੁਰਦਾਸਪੁਰ ’ਚ 335 ਤੇ ਤਰਨ ਤਾਰਨ ’ਚ 334 ਪੰਚਾਇਤਾਂ ਸਰਬਸੰਮਤੀ ਨਾਲ ਬਣੀਆਂ ਹਨ।