ਨਸ਼ਾਮੁਕਤ ਐਲਾਨੇ ਗਏ ਪਿੰਡਾਂ ਦੇ ਸਰਪੰਚਾਂ ਦਾ ਪੁਲੀਸ ਵੱਲੋਂ ਸਨਮਾਨ
ਨਸ਼ਿਆਂ ਖ਼ਿਲਾਫ਼ ਜੰਗ
ਪ੍ਰਭੂ ਦਿਆਲ
ਸਿਰਸਾ, 16 ਅਕਤੂਬਰ
ਜ਼ਿਲ੍ਹੇ ਦੇ ਨਸ਼ਾਮੁਕਤ ਐਲਾਨੇ ਗਏ ਤਿੰਨ ਪਿੰਡਾਂ ਦੇ ਸਰਪੰਚ ਅਤੇ ਸਰਪੰਚ ਪ੍ਰਤੀਨਿਧੀਆਂ ਨੂੰ ਐਸਪੀ ਵਿਕਰਾਂਤ ਭੂਸ਼ਨ ਨੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ। ਪੁਲੀਸ ਵਿਭਾਗ ਵੱਲੋਂ ਪਿੰਡ ਧਿੰਗਤਾਣੀਆਂ ਦੇ ਸਰਪੰਚ ਰਾਕੇਸ਼ ਕੁਮਾਰ, ਪਿੰਡ ਨਾਨਕਪੁਰ ਦੀ ਸਰਪੰਚ ਲਕਸ਼ਮੀ ਦੇਵੀ ਅਤੇ ਪਿੰਡ ਬੁਰਜ ਭੰਗੂ ਦੇ ਸਰਪੰਚ ਦੇਸਰਾਜ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਐੱਸਪੀ ਵਿਕਰਾਂਤ ਭੂਸ਼ਨ ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਹਰ ਵਿਅਕਤੀ ਨੂੰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਸਮੂਹ ਗ੍ਰਾਮ ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਯੂਥ ਕਲੱਬਾਂ ਨੂੰ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾ ਸਕੇ। ਐਸਪੀ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਪੁਲੀਸ ਵੱਲੋਂ ਸਿਰਸਾ ਸ਼ਹਿਰ ਦੇ 115 ਪਿੰਡਾਂ ਅਤੇ ਚਾਰ ਵਾਰਡਾਂ ਨੂੰ ਨਸ਼ਾ ਮੁਕਤ ਐਲਾਨਿਆ ਜਾ ਚੁੱਕਾ ਹੈ ਅਤੇ ਜਲਦੀ ਹੀ ਕੁਝ ਹੋਰ ਪਿੰਡਾਂ ਨੂੰ ਵੀ ਨਸ਼ਾ ਮੁਕਤ ਐਲਾਨਿਆ ਜਾਵੇਗਾ।
ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸ ਰਹੀ ਹੈ ਪੁਲੀਸ: ਐੱਸਪੀ
ਐੱਸਪੀ ਵਿਕਰਾਂਤ ਭੂਸ਼ਨ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਆਪਣੇ ਪੱਧਰ ’ਤੇ ਨਸ਼ਿਆਂ ਵਿਰੁੱਧ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਵੱਖ-ਵੱਖ ਖੇਡਾਂ ਅਤੇ ਹੋਰ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਦੀ ਇਸ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਜਿੱਥੇ ਨੌਜਵਾਨ ਵਿੱਦਿਆ ਅਤੇ ਖੇਡਾਂ ਵੱਲ ਵਧ ਰਹੇ ਹਨ, ਉੱਥੇ ਹੀ ਕਈ ਨਸ਼ੇ ਦੇ ਆਦੀ ਨੌਜਵਾਨਾਂ ਨੇ ਨਸ਼ਾ ਛੱਡਣ ਦਾ ਬੀੜਾ ਚੁੱਕਿਆ ਹੈ ਅਤੇ ਸਥਾਨਕ ਪ੍ਰਸ਼ਾਸਨ ਦੀ ਮਦਦ ਨਾਲ ਇਲਾਜ ਕਰਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸਮਾਜ ਦਾ ਹਰ ਵਿਅਕਤੀ ਆਪਣੇ ਪਿੰਡ, ਗਲੀ ਅਤੇ ਮੁਹੱਲੇ ਦੀ ਪੂਰੀ ਜਿੰਮੇਵਾਰੀ ਨਿਭਾਏਗਾ ਤਾਂ ਸਮਾਜ ਨਿਸ਼ਚਿਤ ਰੂਪ ਨਾਲ ਨਸ਼ਾ ਮੁਕਤ ਹੋਵੇਗਾ।