ਖੇਤਾਂ ਵਿੱਚ ਅੱਗ ਲਾਉਣ ਵਾਲਿਆਂ ’ਤੇ ਸੈਟੇਲਾਈਟ ਨਾਲ ਰੱਖੀ ਜਾ ਰਹੀ ਹੈ ਨਜ਼ਰ
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 14 ਅਕਤੂਬਰ
ਡਿਪਟੀ ਕਮਸ਼ਿਨਰ ਰਾਜੇਸ਼ ਜੋਗਪਾਲ ਨੇ ਕਿਹਾ ਹੈ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ’ਤੇ ਸੈਟੇਲਾਈਟ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ। ਜੇ ਕੋਈ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਦਿੰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਸੈਟੇਲਾਈਟ ਰਾਹੀਂ ਅਧਿਕਾਰੀਆਂ ਤੱਕ ਪਹੁੰਚ ਜਾਂਦੀ ਹੈ। ਇਸ ਮਗਰੋਂ ਅਧਿਕਾਰੀ ਤੁਰੰਤ ਖੇਤਾਂ ਵਿੱਚ ਪਹੁੰਚ ਕੇ ਕਾਰਵਾਈ ਕਰਦੇ ਹਨ। ਇਸ ਸਬੰਧੀ ਅਧਿਕਾਰੀਆਂ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਤੇ ਅੱਗ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ ਉਪ ਮੰਡਲ ਅਫਸਰ ਨਾਗਰਿਕ ਦੀ ਪ੍ਰਧਾਨਗੀ ਹੇਠ ਸਬ ਡਿਵੀਜ਼ਨ ਪੱਧਰੀ ਟੀਮ ਬਣਾਈ ਗਈ ਹੈ। ਇਸ ਤਹਿਸੀਲਦਾਰ, ਬਲਾਕ ਵਿਕਾਸ ,ਪੰਚਾਇਤ ਅਫਸਰ ਤੇ ਸਬ ਡਿਵੀਜ਼ਨ ਦੇ ਅਧਿਕਾਰੀ ਸ਼ਾਮਲ ਹਨ। ਜਿਲੇ ਦੇ ਸਾਰੇ 417 ਪਿੰਡਾਂ ਲਈ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਸਾਰੇ ਬਲਾਕ ਪੱਧਰ ’ਤੇ 4 ਮੈਂਬਰੀ ਅਧਿਕਾਰੀਆਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ। ਇਸ ਸਬੰਧੀ ਪਟਵਾਰੀਆਂ ਨੂੰ ਰਿਪੋਰਟ ਭੇਜ ਕੇ ਉਲੰਘਣਾ ਕਰਨ ਵਾਲੇ ਦੇ ਖੇਤਾਂ ਦੇ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤਕ ਜ਼ਿਲ੍ਹੇ ਵਿੱਚ 40 ਕਿਸਾਨਾਂ ਨੂੰ ਲੱਖ ਰੁਪਏ ਤਕ ਦਾ ਜੁਰਮਾਨਾ ਕੀਤਾ ਜਾ ਚੁੱਕਾ ਹੈ ਤੇ 11 ਕਿਸਾਨਾਂ ਦੇ ਫਾਰਮ ਲਾਲ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ। ਖੇਤੀ ਬਾੜੀ ਤੇ ਕਿਸਾਨ ਭਲਾਈ ਵਿਭਾਗ ਕੁਰੂਕਸ਼ੇਤਰ ਦੇ ਡਿਪਟੀ ਡਾਇਰੈਕਟਰ ਡਾ. ਕਰਮ ਚੰਦ ਨੇ ਕਿਹਾ ਕਿ ਜਿਲੇ ਵਿਚ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲਬਧ ਹੈ।