ਰਾਜ ਸਭਾ ਮੈਂਬਰ ਵਜੋਂ ਅੱਜ ਸਹੁੰ ਚੁੱਕਣਗੇ ਸਤਨਾਮ ਸੰਧੂ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਜਨਵਰੀ
ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਅੱਜ ਰਾਜ ਸਭਾ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਉਹ ਭਲਕੇ 31 ਜਨਵਰੀ ਨੂੰ ਰਾਜ ਸਭਾ ਵਿੱਚ ਸਹੁੰ ਚੁੱਕਣਗੇ। ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸਤਨਾਮ ਸਿੰਘ ਸੰਧੂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਮਾਜ ਸੇਵਾ ਦੇ ਖੇਤਰ ਵਿੱਚ ਵਧ ਚੜ੍ਹ ਕੇ ਕੰਮ ਕਰਨ ਵਾਲੇ ਵਿਅਕਤੀਆਂ ਦੇ ਰਾਜ ਸਭਾ ਵਿੱਚ ਸ਼ਾਮਲ ਹੋਣ ਨਾਲ ਰਾਜ ਸਭਾ ਨੂੰ ਮਜ਼ਬੂਤੀ ਮਿਲੇਗੀ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵੀ ਸੰਧੂ ਨੂੰ ਟਵੀਟ ਰਾਹੀਂ ਵਧਾਈ ਦਿੱਤੀ। ਜਾਣਕਾਰੀ ਅਨੁਸਾਰ ਸਤਨਾਮ ਸਿੰਘ ਸੰਧੂ ਦਾ ਜਨਮ ਇਕ ਕਿਸਾਨ ਪਰਿਵਾਰ ਵਿੱਚ ਹੋਇਆ ਹੈ। ਉਨ੍ਹਾਂ ਨੇ ਸਾਲ 2001 ਵਿੱਚ ਮੁਹਾਲੀ ਦੇ ਲਾਂਡਰਾ ਵਿਖੇ ਚੰਡੀਗੜ੍ਹ ਗਰੁੱਪ ਆਫ ਕਾਲਜ ਦੀ ਨੀਂਹ ਰੱਖੀ ਸੀ। ਇਸ ਤੋਂ ਬਾਅਦ ਸ੍ਰੀ ਸੰਧੂ ਨੇ ਚੰਡੀਗੜ੍ਹ ਯੂਨੀਵਰਸਿਟੀ ਦਾ ਗਠਨ ਕੀਤਾ, ਜਿੱਥੇ ਵੱਡੀ ਗਿਣਤੀ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ। ਇਸ ਤੋਂ ਇਲਾਵਾ ਸਤਨਾਮ ਸਿੰਘ ਸੰਧੂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵੀ ਵਜੋਂ ਕੰਮ ਕੀਤਾ ਜਾ ਰਿਹਾ ਸੀ।