ਬਾਉਲੀ ਸਾਹਿਬ ਦੇ ਮੈਨੇਜਰ ਬਣੇ ਸਤਨਾਮ ਸਿੰਘ ਰਿਆੜ
ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 31 ਅਗਸਤ
ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮਨਾਏ ਜਾ ਰਹੇ ਗੁਰੂ ਅਮਰਦਾਸ ਜੀ ਦੇ 450 ਸਾਲਾਂ ਸ਼ਤਾਬਦੀ ਸਮਾਗਮ ਦੇ ਸਬੰਧ ’ਚ ਚੱਲ ਰਹੇ ਪ੍ਰਬੰਧਾਂ ਵਿੱਚ ਕੁਤਾਹੀ ਵਰਤਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੈਨੇਜਰ ਗੁਰਾ ਸਿੰਘ ਮਾਨ ਨੂੰ ਗੁਰਦੁਆਰਾ ਬਾਉਲੀ ਸਾਹਿਬ ਦੇ ਪ੍ਰਬੰਧਾਂ ਤੋਂ ਲਾਂਭੇ ਕਰ ਦਿੱਤਾ ਅਤੇ ਉਨ੍ਹਾਂ ਦੀ ਥਾਂ ਸਤਨਾਮ ਸਿੰਘ ਰਿਆੜ ਨੂੰ ਗੁਰਦੁਆਰਾ ਬਾਉਲੀ ਸਾਹਿਬ ਦਾ ਮੈਨੇਜਰ ਨਿਯੁਕਤ ਕੀਤਾ ਹੈ। ਸੂਤਰਾਂ ਅਨੁਸਾਰ ਮੈਨੇਜਰ ਗੁਰਾ ਸਿੰਘ ਦੇ ਕਾਰਜਕਾਲ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਗੁਰੂ ਘਰ ਦੀ ਪੰਗਤ ਮਰਿਆਦਾ ਨੂੰ ਦਰਕਿਨਾਰ ਕਰ ਪ੍ਰਬੰਧਕਾਂ ਵੱਲੋਂ ਕਥਿਤ ਤੌਰ ’ਤੇ ਸਟਾਲ ਅਤੇ ਕੁਰਸੀਆਂ ਆਦਿ ਦਾ ਪ੍ਰਬੰਧ ਕਰ ਕੁਝ ਲੋਕਾਂ ਲਈ ਵੀਆਈਪੀ ਲੰਗਰ ਲਗਾਇਆ ਗਿਆ ਸੀ ਜਿਸ ਦੀਆਂ ਤਸਵੀਰਾਂ ਵਾਇਰਲ ਹੋਣ ਕਾਰਨ ਮਾਮਲਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕੋਲ ਪੁੱਜਣ ਤੋਂ ਬਾਅਦ ਮੈਨੇਜਰ ਗੁਰਾ ਸਿੰਘ ਨੂੰ ਗੁਰਦੁਆਰਾ ਪ੍ਰਬੰਧਾਂ ਤੋਂ ਹਟਾ ਦਿੱਤਾ ਗਿਆ। ਇਸ ਨਿਯੁਕਤੀ ਲਈ ਸਤਨਾਮ ਸਿੰਘ ਰਿਆੜ ਨੇ ਹਰਜਿੰਦਰ ਸਿੰਘ ਧਾਮੀ ਤੇ ਪ੍ਰਤਾਪ ਸਿੰਘ ਆਦਿ ਦਾ ਧੰਨਵਾਦ ਕੀਤਾ।