ਐੱਸਸੀ/ਬੀਸੀ ਮਹਾਪੰਚਾਇਤ ਵੱਲੋਂ ਪੰਜਾਬ ਸਰਕਾਰ ਦਾ ਸਿਆਪਾ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 3 ਅਕਤੂਬਰ
ਐੱਸਸੀ/ਬੀਸੀ ਮਹਾਪੰਚਾਇਤ ਪੰਜਾਬ ਵੱਲੋਂ ਮੁਹਾਲੀ ਫੇਜ਼-7 ਸਥਿਤ ਲਾਲ ਬੱਤੀ ਚੌਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਦੇ ਪੁਤਲੇ ਸਾੜ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ। ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਗੱਲ ਭਾਵੇਂ ਜਾਅਲੀ ਐੱਸਸੀ ਸਰਟੀਫਿਕੇਟ ਦੀ ਜਾਂਚ ਦੀ ਹੋਵੇ ਜਾਂ ਪੁਲੀਸ ਵਧੀਕੀਆਂ ਅਤੇ ਝੂਠੇ ਪਰਚਿਆਂ ਦੀ ਪੰਜਾਬ ਸਰਕਾਰ ਅਤੇ ਪੁਲੀਸ ਕਿਸੇ ਵੀ ਮਸਲੇ ਨੂੰ ਲੈ ਕੇ ਆਪਣੇ ਵਾਅਦਿਆਂ ’ਤੇ ਖਰਾ ਨਹੀਂ ਉੱਤਰੀ। ਇਸ ਕਾਰਨ ਪੀੜਤ ਲੋਕਾਂ ਨੂੰ ਅੱਜ ਦੁਬਾਰਾ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜਿੰਨੇ ਵੀ ਧਰਨੇ ਪ੍ਰਦਰਸ਼ਨ ਕੀਤੇ ਗਏ ਹਨ, ਹਰ ਵਾਰੀ ਕੋਈ ਨਾ ਕੋਈ ਅਧਿਕਾਰੀ ਮੰਗ ਪੱਤਰ ਲੈ ਕੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੰਦੇ ਹਨ ਪਰ ਹੁਣ ਤੱਕ ਇਨਸਾਫ਼ ਨਹੀਂ ਮਿਲਿਆ। ਬਲਵਿੰਦਰ ਕੁੰਭੜਾ, ਲਖਵੀਰ ਸਿੰਘ ਬੌਬੀ ਅਤੇ ਸਫ਼ਾਈ ਕਰਮਚਾਰੀਆਂ ਦੇ ਆਗੂ ਰਿਸ਼ੀ ਰਾਜ ਮਹਾਰ ਨੇ ਕਿਹਾ ਕਿ ਬਜਟ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਸੀ ਕਿ ਜਾਅਲੀ ਜਾਤੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਅਤੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਵਿੱਚ ਲਿਆਂਦੀ ਜਾਵੇਗੀ ਪਰ ਹੁਣ ਤੱਕ ਕਾਰਵਾਈ ਨਹੀਂ ਹੋਈ। ਪਬਲਿਕ ਪਖਾਨਿਆਂ ਦੇ ਕਰੀਬ 200 ਕਰਮਚਾਰੀਆਂ ਨੂੰ ਬਿਨਾਂ ਨੋਟਿਸ ਦਿੱਤੇ ਨੌਕਰੀ ਤੋਂ ਹਟਾ ਦਿੱਤਾ। ਉਨ੍ਹਾਂ ਨੂੰ ਪਿਛਲੇ ਪੰਜ ਮਹੀਨਿਆਂ ਦੀ ਤਨਖ਼ਾਹ ਵੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੰਚਾਇਤੀ ਚੋਣਾਂ ਵਿੱਚ ਪਿੰਡ-ਪਿੰਡ ਜਾ ਕੇ ਸਰਕਾਰ ਵਿਰੁੱਧ ਪ੍ਰਚਾਰ ਕੀਤਾ ਜਾਵੇਗਾ।