ਐੱਸਸੀ/ਬੀਸੀ ਜਥੇਬੰਦੀਆਂ ਵੱਲੋਂ ਵਿੱਤ ਮੰਤਰੀ ਦੀ ਕੋਠੀ ਨੇੜੇ ਆਵਾਜਾਈ ਠੱਪ
ਗੁਰਦੀਪ ਸਿੰਘ ਲਾਲੀ
ਸੰਗਰੂਰ, 4 ਨਵੰਬਰ
ਐੱਸਸੀ ਅਤੇ ਬੀਸੀ ਸਮਾਜ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਭੀਮ ਆਰਮੀ, ਨਾਰੀ ਏਕਤਾ ਜਬਰ ਵਿਰੋਧੀ ਫਰੰਟ ਆਦਿ ਦੀ ਸਾਂਝੀ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਲੋਕਾਂ ਵੱਲੋਂ ਇਥੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦੀ ਰਿਹਾਇਸ਼ ਨੇੜੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀ ਸ਼ਹਿਰ ਦੀ ਇੱਕ ਐਗਰੋ ਇੰਡਸਟਰੀ ਦੇ ਮਾਮਲੇ ਵਿਚ ਪੀੜਤ ਵਿਅਕਤੀਆਂ ਨੂੰ ਇਨਸਾਫ਼ ਦਿਵਾਉਣ ਲਈ ਸੜਕਾਂ ’ਤੇ ਉਤਰੇ ਹਨ। ਇਸਤੋਂ ਪਹਿਲਾਂ ਲੋਕਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵੀ ਰੋਸ ਧਰਨਾ ਦਿੱਤਾ ਗਿਆ ਅਤੇ ਬਾਅਦ ਵਿਚ ਰੋਸ ਮਾਰਚ ਕਰਦੇ ਹੋਏ ਮੈਕਸ ਆਟੋ ਨਜ਼ਦੀਕ ਵਿੱਤ ਮੰਤਰੀ ਦੀ ਕੋਠੀ ਨੇੜੇ ਪੁੱਜੇ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਭਲਕੇ 5 ਨਵੰਬਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸੁਨਾਮ ਸਥਿਤ ਕੋਠੀ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਭੀਮ ਆਰਮੀ ਦੇ ਆਗੂ ਹਰੀ ਸਿੰਘ, ਕੈਪਟਨ ਹਰਭਜਨ ਸਿੰਘ, ਚਰਨਜੀਤ ਸਿੰਘ, ਜੋਗਿੰਦਰ ਸਿੰਘ, ਜਰਨੈਲ ਸਿੰਘ, ਪਰਮਜੀਤ ਕੌਰ ਅਤੇ ਨਾਰੀ ਏਕਤਾ ਜਬਰ ਵਿਰੋਧੀ ਫਰੰਟ ਦੀ ਆਗੂ ਹਰਪ੍ਰੀਤ ਕੌਰ ਧੂਰੀ ਨੇ ਕਿਹਾ ਕਿ ਸ਼ਹਿਰ ਦੀ ਐਗਰੋ ਇੰਡਸਟਰੀ ਦੇ ਵਿਵਾਦ ਦੇ ਮਾਮਲੇ ਵਿਚ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਾਂ ਪਰੰਤੂ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪੀੜਤ ਵਿਅਕਤੀਆਂ ਨੂੰ ਇਨਸਾਫ਼ ਦੇਣ ਦੀ ਬਜਾਏ ਉਲਟਾ ਪੀੜਤਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਖ਼ਿਲਾਫ਼ ਹੀ ਕੇਸ ਦਰਜ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੀੜਤ ਧਿਰ ਵੱਲੋਂ ਕੀਤੀਆਂ ਸ਼ਿਕਾਇਤਾਂ ’ਤੇ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲੀਸ ਮੁਖੀ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੀ ਮੰਗ ਪੱਤਰ ਦਿੱਤੇ ਗਏ ਪਰੰਤੂ ਕੋਈ ਕਾਰਵਾਈ ਨਹੀਂ ਹੋਈ। ਥਾਣਾ ਸਦਰ ਬਾਲੀਆਂ ਅੱਗੇ ਰੋਸ ਧਰਨਾ ਵੀ ਦੇ ਚੁੱਕੇ ਹਾਂ ਪਰੰਤੂ ਸਰਕਾਰ ਅਤੇ ਪ੍ਰਸ਼ਾਸ਼ਨ ਵਲੋਂ ਪੱਖਪਾਤੀ ਵਤੀਰਾ ਅਪਣਾਇਆ ਹੋਇਆ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਐਗਰੋ ਇੰਡਸਟਰੀ ਦੇ ਮਾਮਲੇ ’ਚ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾਵੇ, ਮੁਲਜ਼ਮਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਭਲਕੇ 5 ਨਵੰਬਰ ਤੋਂ ਸੁਨਾਮ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ ਜਿਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੋਵੇਗਾ। ਇਸ ਮੌਕੇ ਹਰਮੇਸ਼ ਸਿੰਘ, ਕਰਨੈਲ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ ਆਦਿ ਮੌਜੂਦ ਸਨ।