SC: ਸੁਪਰੀਮ ਕੋਰਟ ਵੱਲੋਂ ਉੱਤਰ-ਪੂਰਬੀ ਸੂਬਿਆਂ ਲਈ ਹੱਦਬੰਦੀ ਪ੍ਰਕਿਰਿਆ ਵਿੱਚ ਦੇਰੀ ’ਤੇ ਸਵਾਲ
ਨਵੀਂ ਦਿੱਲੀ, 19 ਨਵੰਬਰ
ਦੇਸ਼ ਦੀ ਸਰਵਉਚ ਅਦਾਲਤ ਨੇ ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ ਅਤੇ ਅਸਾਮ ਵਿੱਚ ਹੱਦਬੰਦੀ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਹੋ ਰਹੀ ਦੇਰੀ ’ਤੇ ਚਿੰਤਾ ਜ਼ਾਹਰ ਕੀਤੀ ਹੈ। ਇਸ ਹੱਦਬੰਦੀ ਪ੍ਰਕਿਰਿਆ ਵਿਚ ਦੇਰੀ ਦੀ ਮੰਗ ਸਬੰਧੀ ਅਮਲ ਨੂੰ ਰਾਸ਼ਟਰਪਤੀ ਨੇ 2020 ਨੂੰ ਰੱਦ ਕਰ ਦਿੱਤਾ ਸੀ।
ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੈ ਕੁਮਾਰ ਦੇ ਬੈਂਚ ਨੇ ਕਿਹਾ ਕਿ ਰਾਸ਼ਟਰਪਤੀ ਵੱਲੋਂ ਹੱਦਬੰਦੀ ਪ੍ਰਕਿਰਿਆ ਵਿਚ ਦੇਰੀ ਸਬੰਧੀ ਨੋਟੀਫਿਕੇਸ਼ਨ ਨੂੰ ਰੱਦ ਕਰਨ ਤੋਂ ਬਾਅਦ ਇਹ ਹੱਦਬੰਦੀ ਪ੍ਰਕਿਰਿਆ ਮੁਕੰਮਲ ਹੋਣੀ ਚਾਹੀਦੀ ਸੀ। ਅਦਾਲਤ ਨੇ ਕੇਂਦਰ ਵੱਲੋਂ ਪੇਸ਼ ਹੋਏ ਵਧੀਕ ਸਾਲਿਸਿਟਰ ਜਨਰਲ ਕੇ ਐਮ ਨਟਰਾਜ ਨੂੰ ਇਸ ਮਾਮਲੇ ’ਤੇ ਭਵਿੱਖੀ ਕਾਰਵਾਈ ਬਾਰੇ ਨਿਰਦੇਸ਼ ਦੇਣ ਲਈ ਕਿਹਾ।
ਉੱਤਰ ਪੂਰਬੀ ਭਾਰਤ ਵਿੱਚ ਅਰੁਣਾਚਲ ਪ੍ਰਦੇਸ਼, ਅਸਾਮ, ਮਨੀਪੁਰ ਅਤੇ ਨਾਗਾਲੈਂਡ ਰਾਜ ਲਈ ਡਿਲਿਮੀਟੇਸ਼ਨ ਡਿਮਾਂਡ ਕਮੇਟੀ ਵੱਲੋਂ ਦਾਇਰ ਇੱਕ ਪਟੀਸ਼ਨ ’ਤੇ ਸੁਣਵਾਈ ਮੁੜ ਜਨਵਰੀ 2025 ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਪਟੀਸ਼ਨ ਵਿੱਚ ਇਨ੍ਹਾਂ ਉੱਤਰ-ਪੂਰਬੀ ਰਾਜਾਂ ਵਿੱਚ ਹੱਦਬੰਦੀ ਪ੍ਰਕਿਰਿਆ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨਕਰਤਾ ਵੱਲੋਂ ਪੇਸ਼ ਹੋਏ ਵਕੀਲ ਜੀ ਗੰਗਮੇਈ ਨੇ ਕਿਹਾ ਕਿ ਰਾਸ਼ਟਰਪਤੀ ਦੇ 2020 ਦੇ ਹੁਕਮ ਨੇ ਇਸ ਪ੍ਰਕਿਰਿਆ ਨੂੰ ਕਾਨੂੰਨੀ ਤੌਰ ’ਤੇ ਲਾਜ਼ਮੀ ਕਰ ਦਿੱਤਾ ਹੈ। ਉਨ੍ਹਾਂ ਨੇ ਧਿਆਨ ਦਿਵਾਇਆ ਕਿ ਰਿੱਟ ਪਟੀਸ਼ਨ ਦਾਇਰ ਕੀਤੇ ਦੋ ਸਾਲ ਬੀਤ ਚੁੱਕੇ ਹਨ, ਫਿਰ ਵੀ ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਮਨੀਪੁਰ ਵਿੱਚ ਹੱਦਬੰਦੀ ਸ਼ੁਰੂ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ।