ਵਿਧਾਇਕਾ ਵੱਲੋਂ ਸਕੂਲ ਦਾ ਮੈਗਜ਼ੀਨ ‘ਉਡਾਰੀਆਂ’ ਰਿਲੀਜ਼
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 13 ਨਵੰਬਰ
ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿੱਚ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਸਕੂਲ ਦਾ ਮੈਗਜ਼ੀਨ ‘ਉਡਾਰੀਆਂ’ ਰਿਲੀਜ਼ ਕੀਤਾ ਗਿਆ। ਇਸ ਮੈਗਜ਼ੀਨ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਲਿਖੀਆਂ ਰਚਨਾਵਾਂ ਛਾਪੀਆਂ ਗਈਆਂ ਹਨ।
ਇਸ ਮੌਕੇ ਵਿਧਾਇਕਾ ਭਰਾਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਵਿਦਿਆਰਥਣਾਂ ਦੀ ਬਹੁਪੱਖੀ ਪ੍ਰਤਿਭਾ ਨੂੰ ਵਿਕਸਤ ਕਰਨ ਲਈ ਇਹ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਖੁਦ ਸਰਕਾਰੀ ਸਕੂਲਾਂ ਵਿੱਚ ਪੜ੍ਹ ਕੇ ਇਸ ਮੁਕਾਮ ’ਤੇ ਪੁੱਜਣ ਵਿੱਚ ਸਫ਼ਲ ਹੋਏ ਹਨ। ਉਨ੍ਹਾਂ ਕਿਹਾ ਕਿ ਆਪਣੀ ਬੌਧਿਕਤਾ ਨੂੰ ਪ੍ਰਫੁੱਲਿਤ ਕਰਨ ਲਈ ਸਕੂਲੀ ਪੜ੍ਹਾਈ ਦੇ ਨਾਲ-ਨਾਲ ਅਖਬਾਰ, ਮੈਗਜ਼ੀਨ ਪੜ੍ਹਨ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ।
ਇਸ ਮੌਕੇ ਉਨ੍ਹਾਂ ਨੇ ਵਿਦਿਆਰਥਣਾਂ ਨਾਲ ਆਪਸੀ ਵਿਚਾਰਾਂ ਦਾ ਸੰਵਾਦ ਵੀ ਰਚਾਇਆ। ਉਨ੍ਹਾਂ ਸਕੂਲ ਦੀ ਬੇਹਤਰੀ ਲਈ ਹਰ ਕਿਸਮ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਕੂਲ ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਬੋਪਾਰਾਏ ਨੇ ਵਿਧਾਇਕਾ ਭਰਾਜ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਫੱਗੂਵਾਲਾ ਪ੍ਰਧਾਨ ਟਰੱਕ ਯੂਨੀਅਨ, ਲਖਵਿੰਦਰ ਸਿੰਘ, ਰਾਜ ਕੁਮਾਰ, ਹਰਿੰਦਰਪਾਲ ਮੋਤੀ, ਕਾਮਨੀ ਦੇਵੀ, ਦੀਪਿੰਦਰ ਕੌਰ, ਗੁਰਪ੍ਰਗਟ ਸਿੰਘ, ਨਰਿੰਦਰ ਸਿੰਘ, ਸਤਿੰਦਰ ਪਾਲ ਸਿੰਘ, ਕੰਵਰਪਾਲ ਸਿੰਘ, ਤਰਨਜੀਤ ਸਿੰਘ ਅਤੇ ਸਰਬਜੀਤ ਕੌਰ ਸੇਖੋ ਹਾਜ਼ਰ ਸਨ।