ਕੁਝ ਮਹੀਨਿਆਂ ਵਿੱਚ ‘ਸਕੂਲ ਆਫ਼ ਐਮੀਨੈਂਸ’ ਨੂੰ ਮਿਲੇਗੀ ਨਵੀਂ ਦਿੱਖ: ਬੈਂਸ
ਪੱਤਰ ਪੇ੍ਰਕ
ਜਲੰਧਰ, 20 ਜੁਲਾਈ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹੇ ਦੇ ‘ਸਕੂਲ ਆਫ਼ ਐਮੀਨੈਂਸ’ ਦਾ ਦੌਰਾ ਕਰਦਿਆਂ ਕਿਹਾ ਕਿ ਆਉਂਦੇ ਕੁਝ ਮਹੀਨਿਆਂ ਵਿੱਚ ਇਨ੍ਹਾਂ ਸਕੂਲਾਂ ਦੇ ਮੁਹਾਂਦਰੇ ਵਿੱਚ ਲੋੜੀਂਦੀਆਂ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ ਤਾਂ ਜੋ ਇਹ ਸਕੂਲ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਸੁਨਹਿਰੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਣ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੇੜਲੇ ਪਿੰਡ ਮੰਡੀ ਵਿਖੇ ਪਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਬਣਾਏ ਗਏ ਅਤਿ ਆਧੁਨਿਕ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕਰਨ ਉਪਰੰਤ ਫਿਲੌਰ ਵਿਖੇ ‘ਸਕੂਲ ਆਫ਼ ਐਮੀਨੈਂਸ’ ਦਾ ਦੌਰਾ ਕਰਦਿਆਂ ਸਟਾਫ਼ ਤੋਂ ਹੋਰ ਲੋੜੀਂਦੀਆਂ ਸਹੂਲਤਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਰੁਸ਼ਨਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦਾ ਮੰਤਵ ਮੌਜੂਦਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਦਿਆਂ ਉਨ੍ਹਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ।
ਫਿਲੌਰ, ਆਦਮਪੁਰ, ਲਾਡੋਵਾਲੀ ਰੋਡ ਅਤੇ ਮਾਡਲ ਟਾਊਨ ਵਿਖੇ ਸ਼ਹੀਦ ਮੇਜਰ ਰੋਹਿਤ ਸ਼ਰਮਾ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਉਹ ਖੁਦ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ‘ਸਕੂਲ ਆਫ਼ ਐਮੀਨੈਂਸ’ ਦਾ ਦੌਰਾ ਕਰਕੇ ਲੋੜੀਂਦੀਆਂ ਤਬਦੀਲੀਆਂ ਬਾਰੇ ਸਕੂਲ ਸਿੱਖਿਆ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਆਉਂਦੇ ਤਿੰਨ-ਚਾਰ ਮਹੀਨਿਆਂ ਵਿੱਚ ਇਨ੍ਹਾਂ ਸਕੂਲਾਂ ਦੀ ਮੁਕੰਮਲ ਨੁਹਾਰ ਬਦਲੀ ਜਾ ਰਹੀ ਹੈ ਜਿਸ ਵਾਸਤੇ ਜੰਗੀ ਪੱਧਰ ’ਤੇ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਜਲੰਧਰ ਤੋਂ ਬਾਅਦ ਆਉਂਦੇ ਦਨਿਾਂ ਵਿੱਚ ਉਹ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ‘ਸਕੂਲ ਆਫ਼ ਐਮੀਨੈਂਸ’ ਦੇ ਸਟਾਫ਼ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਇਨ੍ਹਾਂ ਸਕੂਲਾਂ ਵਿੱਚ ਹਰ ਤਰ੍ਹਾਂ ਦਾ ਬੁਨਿਆਦੀ ਢਾਂਚਾ ਸਥਾਪਿਤ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਜਲੰਧਰ ਦੇ ਸਕੂਲਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ, ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਸਕੂਲਾਂ ਵਿੱਚ ਹੋਰ ਬੁਨਿਆਦੀ ਢਾਂਚੇ ਸਬੰਧੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਕੂਲ ਵਿਖੇ ਸ਼ਹੀਦ ਮੇਜਰ ਰੋਹਿਤ ਸ਼ਰਮਾ ਦੀ ਤਸਵੀਰ ਵੀ ਸਥਾਪਿਤ ਕੀਤੀ ਜਾਵੇ ਤਾਂ ਜੋ ਇਥੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੇਜਰ ਰੋਹਿਤ ਸ਼ਰਮਾ ਦੀ ਸ਼ਹਾਦਤ ਬਾਰੇ ਪੂਰੀ ਜਾਣਕਾਰੀ ਹਾਸਲ ਹੋ ਸਕੇ।