ਸਕੂਲ ਵੈਨ ਹਾਦਸਿਆਂ ਨੂੰ ਰੋਕਣ ਲਈ ਨਿਯਮਾਂ ਦੀ ਪਾਲਣਾ ਕਰਨ ਦੇ ਹੁਕਮ
ਨਿੱਜੀ ਪੱਤਰ ਪ੍ਰੇਰਕ
ਸਿਰਸਾ, 16 ਅਕਤੂਬਰ
ਹਰਿਆਣਾ ਰਾਜ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਬੱਚਿਆਂ ਨੂੰ ਅਗਵਾ, ਪੋਕਸੋ ਐਕਟ, ਸਵੈ-ਰੱਖਿਆ, ਸਾਈਬਰ ਕਰਾਈਮ, ਸਕੂਲ ਵੈਨ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ’ਚ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਣੀਆਂ ਅਤੇ ਦਿ ਜੀਨੀਅਸ ਸੀਨੀਅਰ ਸੈਕੰਡਰੀ ਸਕੂਲ ਰਾਣੀਆਂ ਵਿੱਚ ਜਾਗਰੂਕਤਾ ਕੈਂਪ ਲਾਇਆ ਗਿਆ। ਕੈਂਪ ਵਿੱਚ ਹਰਿਆਣਾ ਰਾਜ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਅਨਿਲ ਲਾਥਰ ਅਤੇ ਸ਼ਿਆਮ ਸ਼ੁਕਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਪੁਲੀਸ, ਬਾਲ ਭਲਾਈ ਕਮੇਟੀ, ਜੁਵੇਨਾਈਲ ਜਸਟਿਸ ਐਕਟ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸਪੈਸ਼ਲ ਜੁਵੇਨਾਈਲ ਯੂਨਿਟ, ਐਂਟੀ ਹਿਊਮਨ ਟਰੈਫਿਕਿੰਗ ਯੂਨਿਟ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਕਮਿਸ਼ਨ ਦੇ ਮੈਂਬਰ ਅਨਿਲ ਲਾਥਰ ਨੇ ਸਕੂਲ ਵੈਨ ਦੇ ਸੁਰੱਖਿਆ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਪ੍ਰਸ਼ਾਸਨ ਸਕੂਲ ਵੈਨ ਨਿਯਮਾਂ ਦੀ ਸਖ਼ਤਾਈ ਨਾਲ ਪਾਲਣਾ ਕਰਨ। ਉਨ੍ਹਾਂ ਬੱਚਿਆਂ ਦੇ ਅਧਿਕਾਰਾਂ ਅਤੇ ਫਰਜ਼ਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।