For the best experience, open
https://m.punjabitribuneonline.com
on your mobile browser.
Advertisement

ਦਰਬਾਰ ਸਾਹਿਬ ਸਮੂਹ ਦੁਆਲੇ ਸੁਰੱਖਿਆ ਵਧਾਈ

10:43 PM Jun 23, 2023 IST
ਦਰਬਾਰ ਸਾਹਿਬ ਸਮੂਹ ਦੁਆਲੇ ਸੁਰੱਖਿਆ ਵਧਾਈ
Advertisement

ਜਗਤਾਰ ਸਿੰਘ ਲਾਂਬਾ

Advertisement

ਅੰਮ੍ਰਿਤਸਰ, 5 ਜੂਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਕਾਇਮ ਰੱਖਣ ਸਬੰਧੀ ਨਿਰਦੇਸ਼ ਦਿੱਤੇ ਹਨ। ਸ੍ਰੀ ਅਕਾਲ ਤਖਤ ਵਿਖੇ ਭਲਕੇ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ। ਇਸ ਦੌਰਾਨ ਪੁਲੀਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ।

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ 18 ਜੁਲਾਈ, 2006 ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦਾ ਹਵਾਲਾ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਪੱਤਰ ਲਿਖਿਆ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਨੂੰ ਮੁੱਖ ਰੱਖਦਿਆਂ ਉਸ ਵੇਲੇ ਇਹ ਮਤਾ ਪਾਸ ਕੀਤਾ ਗਿਆ ਸੀ। ਤਤਕਾਲੀ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਂਦਾਤੀ ਦੇ ਹਸਤਾਖਰਾਂ ਹੇਠ ਪਾਸ ਇਸ ਮਤੇ ਨੂੰ ਅਕਾਲ ਤਖ਼ਤ ਦੇ ਨਿਰਦੇਸ਼ਾਂ ਅਨੁਸਾਰ ਪੂਰਨ ਤੌਰ ‘ਤੇ ਲਾਗੂ ਕੀਤਾ ਜਾਵੇ। ਪੰਜ ਜਥੇਦਾਰਾਂ ਵੱਲੋਂ ਜਾਰੀ ਕੀਤੇ ਗਏ ਇਸ ਮਤੇ ਵਿੱਚ ਲਿਖਿਆ ਗਿਆ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਨਾ ਤਾਂ ਕਿਸੇ ਦੇ ਪੱਖ ਅਤੇ ਨਾ ਹੀ ਕਿਸੇ ਦੇ ਖ਼ਿਲਾਫ਼ ਨਾਅਰੇ ਲਗਾਏ ਜਾਣ। ਇਸੇ ਤਰ੍ਹਾਂ ਪਰਿਕਰਮਾ ਵਿੱਚ ਮੀਡੀਆ ਵਾਲਿਆਂ ਨੂੰ ਕਿਸੇ ਵੀ ਗਰੁੱਪ ਜਾਂ ਪਾਰਟੀ ਨਾਲ ਸਬੰਧਤ ਵਿਅਕਤੀ ਦੀ ਇੰਟਰਵਿਊ, ਬਾਈਟ ਲੈਣ ਜਾਂ ਸਵਾਲ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਂਝ ਉਹ ਪਰਿਕਰਮਾ ਤੋਂ ਬਾਹਰ ਅਜਿਹਾ ਕਰ ਸਕਦੇ ਸਨ।

ਅਕਾਲ ਤਖ਼ਤ ਸਕੱਤਰੇਤ ਨੇ ਸ਼੍ਰੋਮਣੀ ਕਮੇਟੀ ਨੂੰ ਭੇਜੇ ਪੱਤਰ ਦੇ ਨਾਲ ਪੰਜ ਸਿੰਘ ਸਾਹਿਬਾਨ ਦੇ ਮਤੇ ਦੀ ਕਾਪੀ ਵੀ ਨੱਥੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਕੱਤਰੇਤ ਤੋਂ ਪੱਤਰ ਪ੍ਰਾਪਤ ਹੋਇਆ ਹੈ, ਜਿਸ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਨੂੰ ਪ੍ਰੋਗਰਾਮ ਦੌਰਾਨ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਲੋੜੀਂਦੇ ਕਦਮ ਚੁੱਕਣ ਲਈ ਭੇਜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਘੱਲੂਘਾਰਾ ਦਿਵਸ ਸਬੰਧੀ 6 ਜੂਨ ਨੂੰ ਸਵੇਰੇ ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਕੀਰਤਨ ਮਗਰੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਮੌਕੇ ਹਵਾਰਾ ਕਮੇਟੀ ਅਤੇ ਮੁਤਵਾਜ਼ੀ ਜਥੇਦਾਰ ਵੱਲੋਂ ਵੀ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਖੁਫ਼ੀਆ ਏਜੰਸੀਆ ਨੂੰ ਸੂਹ ਮਿਲੀ ਹੈ ਕਿ ਕੁਝ ਗਰਮ-ਖਿਆਲੀ ਜਥੇਬੰਦੀਆਂ ਮਾਹੌਲ ਤਣਾਅਪੂਰਨ ਬਣਾ ਸਕਦੀਆਂ ਹਨ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਹਰਿਮੰਦਰ ਸਾਹਿਬ ਸਮੂਹ ਦੁਆਲੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ। ਪੁਲੀਸ ਨੇ ਅੱਜ ਹਰਿਮੰਦਰ ਸਾਹਿਬ ਨੇੜਲੇ ਹੋਟਲਾਂ ਤੇ ਰੇਸਤਾਰਾਵਾਂ ਦਾ ਜਾਇਜ਼ਾ ਲਿਆ ਹੈ।

ਦਲ ਖਾਲਸਾ ਨੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਦਲ ਖਾਲਸਾ ਨੇ ਅੱਜ ਸ਼ਾਮ ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ ਬਰਸੀ ਸਬੰਧੀ ਘੱਲੂਘਾਰਾ ਮਾਰਚ ਕੱਢਿਆ, ਜੋ ਵੱਖ ਵੱਖ ਇਲਾਕਿਆਂ ‘ਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਪੁੱਜ ਕੇ ਸਮਾਪਤ ਹੋਇਆ। ਜਥੇਬੰਦੀ ਨੇ ਭਲਕੇ 6 ਜੂਨ ਨੂੰ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਖਾਲਿਸਤਾਨ ਪੱਖੀ ਨਾਅਰੇ ਲਾਏ ਅਤੇ ਸ੍ਰੀ ਦਰਬਾਰ ਸਾਹਿਬ ‘ਤੇ ਜੂਨ ’84 ਦੇ ਫੌਜੀ ਹਮਲੇ ਦੀ ਸਖ਼ਤ ਨਿਖੇਧੀ ਕੀਤੀ। ਘੱਲੂਘਾਰਾ ਯਾਦਗਾਰੀ ਮਾਰਚ ਬੁਰਜ ਅਕਾਲੀ ਫੂਲਾ ਸਿੰਘ ਤੋਂ ਸ਼ੁਰੂ ਹੋਇਆ ਅਤੇ ਲਗਪਗ 5 ਕਿਲੋਮੀਟਰ ਦੀ ਦੂਰੀ ਤੈਅ ਕਰਦੇ ਹੋਏ ਦਰਬਾਰ ਸਾਹਿਬ ਵਿਖੇ ਸਮਾਪਤ ਹੋਇਆ, ਜਿੱਥੇ ਫੌਜੀ ਹਮਲੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ। ਜਥੇਬੰਦੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮਾਰਚ ਦਾ ਮੰਤਵ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਅਤੇ ਹਾਕਮਾਂ ਨੂੰ ਇਹ ਦੱਸਣਾ ਹੈ ਕਿ ਸਿੱਖ ਇਸ ਫ਼ੌਜੀ ਹਮਲੇ ਨੂੰ ਨਾ ਤਾਂ ਭੁੱਲੇ ਹਨ ਅਤੇ ਨਾ ਹੀ ਦੋਸ਼ੀਆਂ ਨੂੰ ਮੁਆਫ਼ ਕੀਤਾ ਹੈ। ਬੁਲਾਰੇ ਪਰਮਜੀਤ ਸਿੰਘ ਮੰਡ ਅਤੇ ਸਿਆਸੀ ਮਾਮਲਿਆਂ ਦੇ ਸਕੱਤਰ ਕੰਵਰਪਾਲ ਸਿੰਘ ਨੇ ਕਿਹਾ ਕਿ ਭਲਕੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਵਪਾਰਕ ਅਦਾਰਿਆਂ, ਵਪਾਰੀਆਂ, ਬੈਂਕਿੰਗ, ਪੈਟਰੋਲ ਪੰਪਾਂ ਅਤੇ ਵਿੱਦਿਅਕ ਅਦਾਰਿਆਂ ਲਈ ਹੈ। ਇਸ ਦੌਰਾਨ ਆਵਾਜਾਈ ਨਹੀਂ ਰੋਕੀ ਜਾਵੇਗੀ।

Advertisement
Advertisement
Advertisement
×