ਟਿਕਰੀ, ਸਿੰਘੂ ਤੇ ਗਾਜ਼ੀਪੁਰ ਬਾਰਡਰਾਂ ’ਤੇ ਸੁਰੱਖਿਆ ਵਧਾਈ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 21 ਫਰਵਰੀ
ਕਿਸਾਨਾਂ ਵੱਲੋਂ ਦਿੱਲੀ ਕੁੂਚ ਕਰਨ ਦੇ ਐਲਾਨ ਮਗਰੋਂ ਪੁਲੀਸ ਨੇ ਅੱਜ ਕੌਮੀ ਰਾਜਧਾਨੀ ਵਿੱਚ ਸੁਰੱਖਿਆ ਵਧਾ ਦਿੱਤੀ ਅਤੇ ਸੁਰੱਖਿਆ ਮੁਲਾਜ਼ਮਾਂ ਨੂੰ ਟਿਕਰੀ, ਸਿੰਘੂ ਅਤੇ ਗਾਜ਼ੀਪੁਰ ਬਾਰਡਰਾਂ ’ਤੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਕਿਸਾਨਾਂ ਨੂੰ ਰੋਕਣ ਲਈ ਪੁਲੀਸ ਨੇ ਅਭਿਆਸ ਵੀ ਕੀਤਾ।
ਸੰਭਾਵੀ ਝੜਪਾਂ ਦੇ ਮੱਦੇਨਜ਼ਰ ਟਿਕਰੀ ਅਤੇ ਸਿੰਘੂ ਬਾਰਡਰਾਂ ’ਤੇ ਵੱਡੀ ਗਿਣਤੀ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਬਹੁਪਰਤੀ ਬੈਰੀਕੇਡ ਅਤੇ ਸੜਕਾਂ ’ਤੇ ਕਿੱਲ ਲਗਾ ਕੇ ਬਾਰਡਰ ਸੀਲ ਕਰ ਦਿੱਤਾ ਗਿਆ ਹੈ। ਗਾਜ਼ੀਪੁਰ ਬਾਰਡਰ ਦੀਆਂ ਦੋ ਲੇਨਾਂ ਵੀ ਬੈਰੀਕੇਡ ਲਾ ਕੇ ਤੇ ਸੁਰੱਖਿਆ ਕਰਮੀਆਂ ਨੂੰ ਤਾਇਨਾਤ ਕਰ ਕੇ ਬੰਦ ਕਰ ਦਿੱਤੀਆਂ ਗਈਆਂ ਹਨ। ਇੱਕ ਅਧਿਕਾਰੀ ਨੇ ਦੱਸਿਆ ਕਿ ਜ਼ਰੂਰਤ ਪੈਣ ’ਤੇ ਗਾਜ਼ੀਪੁਰ ਬਾਰਡਰ ਨੂੰ ਵੀ ਪੂਰੀ ਤਰ੍ਹਾਂ ਸੀਲ ਕੀਤਾ ਜਾ ਸਕਦਾ ਹੈ।
ਪੁਲੀਸ ਦੇ ਡਿਪਟੀ ਕਮਿਸ਼ਨਰ (ਬਾਹਰੀ) ਜਿੰਮੀ ਚਿਰਮ ਨੇ ਦਿੱਲੀ-ਹਰਿਆਣਾ ਬਾਰਡਰਾਂ ’ਤੇ ਨੀਮ ਫ਼ੌਜੀ ਬਲਾਂ ਦੀ ਲੋੜੀਂਦੀ ਤਾਇਨਾਤੀ ਦਾ ਭਰੋਸਾ ਦਿੱਤਾ। ਇੱਕ ਹੋਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲੀਸ ਸ਼ਹਿਰ ਦੇ ਬਾਰਡਰਾਂ ’ਤੇ ਹੀ ਕਿਸਾਨਾਂ ਨੂੰ ਰੋਕਣ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਮੁਲਾਜ਼ਮਾਂ ਨੂੰ ਇੱਕ ਵੀ ਪ੍ਰਦਰਸ਼ਨਕਾਰੀ ਜਾਂ ਵਾਹਨ ਨੂੰ ਦਿੱਲੀ ਵਿੱਚ ਦਾਖਲ ਨਾ ਹੋਣ ਦੇਣ ਦੇ ਹੁਕਮ ਦਿੱਤੇ ਗਏ ਹਨ। ਦਿੱਲੀ ਪੁਲੀਸ ਨੇ ਪਹਿਲਾਂ ਹੀ ਅੱਥਰੂ ਗੈਸ ਦੇ 30,000 ਗੋਲਿਆਂ ਦਾ ਭੰਡਾਰ ਕੀਤਾ ਹੋਇਆ ਹੈ। ਅਧਿਕਾਰੀ ਨੇ ਦੱਸਿਆ ਕਿ ਮੱਧ ਦਿੱਲੀ ਤੱਕ ਜਾਣ ਵਾਲੀਆਂ ਵੱਖ-ਵੱਖ ਸੜਕਾਂ ’ਤੇ ਵਾਹਨਾਂ ਦੀ ਤਲਾਸ਼ੀ ਕਾਰਨ ਆਵਾਜਾਈ ਪ੍ਰਭਾਵਿਤ ਹੋਈ।