ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ ਸੁਰੱਖਿਆ ਵਧਾਈ
ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 5 ਅਗਸਤ
ਮਾਲੇਰਕੋਟਲਾ, ਖੰਨਾ ਅਤੇ ਲੁਧਿਆਣਾ (ਦਿਹਾਤੀ) ਪੁਲੀਸ ਜ਼ਿਲ੍ਹਿਆਂ ਤੋਂ ਇਲਾਵਾ ਲੁਧਿਆਣਾ ਕਮਿਸ਼ਨਰੇਟ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਇਸ ਇਲਾਕੇ ਵਿੱਚ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ ਸੁਰੱਖਿਆ ਵਧਾਈ ਗਈ ਹੈ। ਏਡੀਜੀਪੀ ਐੱਸਐੱਸ ਸ੍ਰੀਵਾਸਤਵਾ ਨੇ ਕੁਝ ਹਿੱਸਿਆਂ ਵਿੱਚ ਤਿਆਰੀਆਂ ਦਾ ਜਾਇਜ਼ਾ ਲਿਆ। ਰਾਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਤੇ ਹਰਿਆਣਾ ਵਿੱਚ ਨੂਹ ਹਿੰਸਾ ਤੋਂ ਬਾਅਦ ਦੀ ਸਥਿਤੀ ਕਾਰਨ ਵੀ ਸੁਰੱਖਿਆ ਨੂੰ ਵਧਾਉਣ ਦੀ ਜ਼ਿਆਦਾ ਲੋੜ ਸੀ ਕਿਉਂਕਿ ਇਸ ਖੇਤਰ ਵਿੱਚ ਮੁਸਲਮਾਨਾਂ, ਈਸਾਈਆਂ ਅਤੇ ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਸਮੇਤ ਸਾਰੇ ਭਾਈਚਾਰਿਆਂ ਦੀ ਕਾਫ਼ੀ ਆਬਾਦੀ ਹੈ। ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਵਾਲੀਆਂ ਥਾਵਾਂ, ਵਿਦਿਅਕ ਅਦਾਰਿਆਂ ਅਤੇ ਭੀੜ ਭੜੱਕੇ ਵਾਲੇ ਬਾਜ਼ਾਰਾਂ ਦੇ ਆਲੇ-ਦੁਆਲੇ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਪੁਲੀਸ ਮੁਲਾਜ਼ਮਾਂ ਨੂੰ ਹਰ ਵੇਲੇ ਮੁਸਤੈਦ ਰਹਿਣ ਲਈ ਕਿਹਾ ਗਿਆ ਹੈ।
ਵਿਸ਼ੇਸ਼ ਤੌਰ ’ਤੇ ਗਠਿਤ ਕੀਤੀਆਂ ਦੰਗਾ ਵਿਰੋਧੀ ਟੀਮਾਂ ਨੂੰ ਜਸ਼ਨਾਂ ਦੇ ਨਿਰਧਾਰਿਤ ਸਥਾਨਾਂ ਦੇ ਨੇੜੇ ਚੌਕਸੀ ਵਧਾਉਣ ਦੇ ਨਾਲ-ਨਾਲ ਅਜਨਬੀਆਂ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ। ਐੱਸਐੱਸਪੀ ਮਾਲੇਰਕੋਟਲਾ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਵਾਧੂ ਸੁਰੱਖਿਆ ਪ੍ਰਬੰਧ ਕਰਨ ਬਾਰੇ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਇਸ ਖੇਤਰ ਵਿੱਚ ਡੀਐੱਸਪੀ ਦਵਿੰਦਰ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਸਮੂਹ ਸਰਕਾਰੀ ਇਮਾਰਤਾਂ, ਬਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ਦੀ ਦਿਨ ਰਾਤ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਏਡੀਜੀਪੀ ਐਸਐਸ ਸ੍ਰੀਵਾਸਤਵਾ ਨੇ ਖੇਤਰ ਦਾ ਦੌਰਾ ਕੀਤਾ ਸੀ।