ਸੀਚੇਵਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
ਪਾਲ ਸਿੰਘ ਨੌਲੀ
ਜਲੰਧਰ, 20 ਮਾਰਚ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਜੰਮੀ ਗਾਰ ਕੱਢਣ, ਧੁੱਸੀ ਬੰਨ੍ਹ ’ਤੇ ਗਿਦੜਪਿੰਡੀ ਤੋਂ ਫਿਲੌਰ ਤੱਕ ਪੱਕੀ ਸੜਕ ਬਣਾਉਣ ਸਮੇਤ ਵੱਖ ਵੱਖ ਮੁੱਦਿਆਂ ’ਤੇ ਗੱਲਬਾਤ ਕੀਤੀ। ਸੰਤ ਸੀਚੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਹੈ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਸਾਰੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਅੱਧੇ ਘੰਟੇ ਤੋਂ ਵੱਧ ਹੋਈ ਇਸ ਮੁਲਾਕਾਤ ਦੌਰਾਨ ਸੰਤ ਸੀਚੇਵਾਲ ਨੇ ਦੱਸਿਆ ਕਿ ਇਲਾਕੇ ਦੇ 55 ਪਿੰਡਾਂ ਦੇ ਲੋਕਾਂ ਨੇ ਲਿਖਤੀ ਤੌਰ ’ਤੇ ਮੰਗ ਕੀਤੀ ਹੈ ਕਿ ਗਿੱਦੜਪਿੰਡੀ ਰੇਲਵੇ ਪੁੱਲ ਹੇਠੋਂ ਜੰਮੀ 15 ਤੋਂ 18 ਫੁੱਟ ਤੱਕ ਦੀ ਗਾਰ ਕੱਢਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਬਰਸਾਤਾਂ ਤੋਂ ਪਹਿਲਾਂ ਪਾਣੀ ਦੀ ਨਿਕਾਸੀ ਲਈ ਰਾਹ ਪੱਧਰਾ ਹੋ ਸਕੇ। ਸੰਤ ਸੀਚੇਵਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਾਲ 2019 ਵਿੱਚ ਆਏ ਹੜ੍ਹ ਦੌਰਾਨ ਪੰਜਾਬ ਸਰਕਾਰ ਨੂੰ 1200 ਕਰੋੜ ਦਾ ਨੁਕਸਾਨ ਝੱਲਣਾ ਪਿਆ ਸੀ। ਇਸ ਦਾ ਮੁੱਖ ਕਾਰਨ ਗਿੱਦੜਪਿੰਡੀ ਰੇਲਵੇ ਪੁਲ ਹੇਠਾਂ ਜੰਮੀ ਗਾਰ ਸੀ।
ਸੁਲਤਾਨਪੁਰ ਲੋਧੀ ਨਾਲ ਸਬੰਧਤ ਮੁੱਦੇ ਵੀ ਉਠਾਏ
ਸੰਤ ਸੀਚੇਵਾਲ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਸੁਲਤਾਨਪੁਰ ਲੋਧੀ ਨਾਲ ਸਬੰਧਤ ਮੁੱਦੇ ਉਠਾਉਂਦਿਆ ਕਿਹਾ ਕਿ ਪਵਿੱਤਰ ਕਾਲੀ ਵੇਈਂ ਵਿੱਚ ਗੰਦਾ ਪਾਣੀ ਪੈਣ ਤੋਂ ਰੋਕਣ ਲਈ ਆਖਰੀ ਟਰੀਟਮੈਂਟ ਪਲਾਂਟ ਵੀ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਨੂੰ ਧਾਰਮਿਕ ਟੂਰਿਜ਼ਮ ਵਜੋਂ ਵਿਕਸਿਤ ਕਰਨ ਦੀਆਂ ਸਾਰੀਆਂ ਸੰਭਾਵਾਨਵਾਂ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਬਣਾਉਣ ਲਈ ਆਏ 46 ਕਰੋੜ ਦੇ ਫੰਡਾਂ ਨਾਲ ਬਣਾਏ ਜਾਣ ਵਾਲੇ ਪ੍ਰਾਜੈਕਟ 2025 ਤੱਕ ਮੁਕੰਮਲ ਹੋਣੇ ਹਨ ਪਰ ਹਾਲੇ ਕਈ ਪ੍ਰਾਜੈਕਟਾਂ ’ਤੇ ਕੰਮ ਸ਼ੁਰੂ ਨਹੀ ਹੋਇਆ। ਇਸ ਦੌਰਾਨ ਸੁਲਤਾਨਪੁਰ ਲੋਧੀ ਵਿੱਚ ਬਣਨ ਵਾਲੇ ‘ਬਾਬੇ ਨਾਨਕ ਦੇ ਪਿੰਡ’ ਸਮੇਤ ਹੋਰ ਵੀ ਕਈ ਮਸਲਿਆਂ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਸੁਰਜੀਤ ਸਿੰਘ ਸ਼ੰਟੀ ਤੇ ਹੋਰ ਹਾਜ਼ਰ ਸਨ।