ਜਮਹੂਰੀਅਤ ਵਧਦਿਆਂ-ਫੁੱਲਦਿਆਂ ਦੇਖ ਪਾਕਿ ਨੂੰ ਤਕਲੀਫ਼: ਰਾਜਨਾਥ
ਪੁਣਛ, 22 ਸਤੰਬਰ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 18 ਸਤੰਬਰ ਨੂੰ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਦੀਆਂ ਵੋਟਾਂ ’ਚ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਵਾਲੇ ਲੋਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਧਾਰਾ 370 ਰੱਦ ਕਰਨ ਮਗਰੋਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਜਮਹੂਰੀਅਤ ਨੂੰ ਵਧਦਿਆਂ-ਫੁੱਲਦਿਆਂ ਦੇਖ ਕੇ ਪਾਕਿਸਤਾਨ ਦੇ ‘ਢਿੱਡ ’ਚ ਪੀੜ’ ਹੋ ਰਹੀ ਹੈ। ਭਾਜਪਾ ਦੇ ਸੀਨੀਅਰ ਨੇਤਾ ਨੇ ਨੈਸ਼ਨਲ ਕਾਨਫਰੰਸ, ਕਾਂਗਰਸ ਅਤੇ ਪੀਪਲਜ਼ ਡੈਮੋਕ੍ਰੈਟਿਕ ਪਾਰਟੀ ’ਤੇ ਆਪਣੇ ਚੋਣ ਮੈਨੀਫੈਸਟੋ ਵਿੱਚ ਸੰਵਿਧਾਨ ਦੀ ਧਾਰਾ 370 ਦੀ ਬਹਾਲੀ ਦੀ ਗੱਲ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਧਿਰਾਂ ਨੂੰ ‘ਪਾਕਿਸਤਾਨ ਦੇ ਪ੍ਰਤੀਨਿਧ’ ਵਜੋਂ ਕੰਮ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ।
ਰਾਜਨਾਥ ਸਿੰਘ ਨੇ ਇੱਥੇ ਭਾਜਪਾ ਉਮੀਦਵਾਰ ਚੌਧਰੀ ਅਬਦੁਲ ਗਨੀ ਦੀ ਹਮਾਇਤ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਲੋਕਾਂ ਨੇ ਲੋਕਤੰਤਰ ਦਾ ਝੰਡਾ ਇੰਨਾ ਉੱਚਾ ਚੁੱਕ ਦਿੱਤਾ ਹੈ ਕਿ ਪਾਕਿਸਤਾਨ ਦੇ ਢਿੱਡ ਵਿੱਚ ਪੀੜ ਹੋ ਰਹੀ ਹੈ। ਅਸੀਂ ਪਾਕਿਸਤਾਨ ਨਾਲ ਦੁਸ਼ਮਣੀ ਨਹੀਂ ਚਾਹੁੰਦੇ ਕਿਉਂਕਿ ਅਸੀਂ ਆਪਣੇ ਸਾਰੇ ਗੁਆਂਢੀਆਂ ਨਾਲ ਚੰਗੇ ਸਬੰਧ ਚਾਹੁੰਦੇ ਹਾਂ। ਪਾਕਿਸਤਾਨ ਆਪਣੀਆਂ ਘਰੇਲੂ ਸਮੱਸਿਆਵਾਂ ਤੋਂ ਆਪਣੇ ਲੋਕਾਂ ਦਾ ਧਿਆਨ ਹਟਾਉਣ ਲਈ ਭਾਰਤ ਖ਼ਿਲਾਫ਼ ਨਾਪਾਕ ਹਰਕਤਾਂ ਕਰਦਾ ਰਹਿੰਦਾ ਹੈ।’’ ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜ਼ਾ ਆਸਿਫ਼ ਦੇ ਬਿਆਨ ਦਾ ਹਵਾਲਾ ਦਿੰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਗੁਆਂਢੀ ਦੇਸ਼ ਨੂੰ ਜੰਮੂ ਕਸ਼ਮੀਰ ਦੇ ਅੰਦਰੂਨੀ ਮਾਮਲਿਆਂ ’ਚ ਦਖ਼ਲ ਦੇਣ ਦਾ ਅਧਿਕਾਰ ਕਿਸ ਨੇ ਦਿੱਤਾ ਹੈ। ਆਸਿਫ਼ ਨੇ ਕਿਹਾ ਸੀ ਕਿ ਉਨ੍ਹਾਂ ਦਾ ਦੇਸ਼ ਅਤੇ ਨੈਸ਼ਨਲ ਕਾਨਫਰੰਸ-ਕਾਂਗਰਸ ਗੱਠਜੋੜ ਧਾਰਾ 370 ਦੀ ਬਹਾਲੀ ’ਤੇ ਇੱਕੋ ਰਾਇ ਰੱਖਦੇ ਹਨ। ਰਾਜਨਾਥ ਸਿੰਘ ਨੇ ਕਿਹਾ, ‘‘ਮੈਂ ਨੈਸ਼ਨਲ ਕਾਨਫਰੰਸ, ਕਾਂਗਰਸ ਅਤੇ ਪੀਡੀਪੀ ਦੇ ਆਪਣੇ ਮਿੱਤਰਾਂ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਕੀ ਤੁਸੀਂ ਪਾਕਿਤਸਾਨ ਦੇ ਪ੍ਰਤੀਨਿਧ ਵਜੋਂ ਚੋਣਾਂ ਲੜ ਰਹੇ ਹੋ?’’ ਰੱਖਿਆ ਮੰਤਰੀ ਨੇ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਲੋਕ ਪ੍ਰੇਸ਼ਾਨ ਹਨ ਅਤੇ ਭਾਰਤ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਨੇ ਕਦੇ ਵੀ ਧਰਮ ਦੇ ਆਧਾਰ ’ਤੇ ਲੋਕਾਂ ਨਾਲ ਪੱਖਪਾਤ ਨਹੀਂ ਕੀਤਾ ਅਤੇ ਮਕਬੂਜ਼ਾ ਕਸ਼ਮੀਰ ਦੇ ਵਾਸੀਆਂ ਨੂੰ ਆਪਣਾ ਮੰਨਿਆ। ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੇ ਬਿਆਨ ‘ਅਸੀਂ ਦੋਸਤ ਬਦਲ ਸਕਦੇ ਹਾਂ, ਗੁਆਂਢੀ ਨਹੀਂ’ ਦਾ ਹਵਾਲਾ ਦਿੰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਜੇਕਰ ਪਾਕਿਸਤਾਨ ਸਹੀ ਰਾਹ ’ਤੇ ਚੱਲਦਾ ਹੈ ਤਾਂ ਭਾਰਤ ਆਪਣੇ ਗੁਆਂਢੀ ਦੇਸ਼ ਨਾਲ ਚੰਗੇ ਸਬੰਧ ਰੱਖਣ ਲਈ ਤਿਆਰ ਹੈ। -ਪੀਟੀਆਈ