ਸਕੂਲ ਵਿੱਚ ਵਜ਼ੀਫ਼ਾ ਸਕੀਮ ਬਾਰੇ ਸੈਮੀਨਾਰ
ਸਤਪਾਲ ਰਾਮਗੜ੍ਹੀਆ
ਪਿਹੋਵਾ, 13 ਨਵੰਬਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਮਥਲਾਗੜੂ ਵਿੱਚ ਨਵੀਨ ਜਿੰਦਲ ਯਸ਼ਸਵੀ ਸਕਾਲਰਸ਼ਿਪ ਸਕੀਮ ਸਬੰਧੀ ਸੈਮੀਨਾਰ ਕਰਵਾਇਆ ਗਿਆ | ਪ੍ਰੋਗਰਾਮ ਦੇ ਮੁੱਖ ਮਹਿਮਾਨ ਵਜੋਂ ਜੇਐੱਸਪੀਐੱਲ ਫਾਊਂਡੇਸ਼ਨ ਦੇ ਚੇਅਰਪਰਸਨ ਅਤੇ ਓਪੀ ਜਿੰਦਲ ਯੂਨੀਵਰਸਿਟੀ ਦੇ ਚਾਂਸਲਰ ਸ਼ਾਲੂ ਜਿੰਦਲ ਦੇ ਨਿੱਜੀ ਸਲਾਹਕਾਰ ਸਤੀਸ਼ ਭਾਰਦਵਾਜ ਨੇ ਸ਼ਿਰਕਤ ਕੀਤੀ। ਕੁਰੂਕਸ਼ੇਤਰ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਕੰਵਲਜੀਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ। ਪ੍ਰਿੰਸੀਪਲ ਰਾਮਰਾਜ ਕੌਸ਼ਿਕ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਸਤੀਸ਼ ਭਾਰਦਵਾਜ ਨੇ ਵਿਦਿਆਰਥੀਆਂ ਨੂੰ ਸਕੀਮ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸਕੀਮ ਆਰਥਿਕ ਤੌਰ ’ਤੇ ਕਮਜ਼ੋਰ ਪਰ ਹੋਣਹਾਰ ਵਿਦਿਆਰਥੀਆਂ ਲਈ ਸਿੱਖਿਆ ਦੇ ਨਵੇਂ ਮੌਕੇ ਖੋਲ੍ਹਦੀ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਕੁਰੂਕਸ਼ੇਤਰ ਲੋਕ ਸਭਾ ਹਲਕੇ ਦੇ ਪੱਕੇ ਵਾਸੀ ਹੋਣੇ ਚਾਹੀਦੇ ਹਨ। ਕਿਸੇ ਹੋਰ ਸਕਾਲਰਸ਼ਿਪ ਦਾ ਲਾਭ ਨਹੀਂ ਲੈਣਾ ਚਾਹੀਦਾ, 12ਵੀਂ ਜਮਾਤ ਵਿੱਚ 75 ਫ਼ੀਸਦੀ ਜਾਂ ਇਸ ਤੋਂ ਵੱਧ ਅੰਕ ਹੋਣੇ ਚਾਹੀਦੇ ਹਨ ਅਤੇ ਸਾਲਾਨਾ ਪਰਿਵਾਰਕ ਆਮਦਨ 2.5 ਲੱਖ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅੰਕਾਂ ਦੀ ਕੋਈ ਸੀਮਾ ਨਹੀਂ ਹੈ, ਪਰ ਉਨ੍ਹਾਂ ਨੂੰ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਆਈਟੀਆਈ ਜਾਂ ਪੌਲੀਟੈਕਨਿਕ ਸੰਸਥਾ ਵਿੱਚ ਦਾਖਲ ਹੋਣਾ ਚਾਹੀਦਾ ਹੈ। ਚੇਅਰਪਰਸਨ ਕੰਵਲਜੀਤ ਕੌਰ ਨੇ ਦੱਸਿਆ ਕਿ ਪਿਹੋਵਾ ਵਿਧਾਨ ਸਭਾ ਲਈ ਇਹ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਸੈਮੀਨਾਰ ਗੁਮਥਲਾ ਗੜੂ ਦੇ ਵਿਦਿਆਰਥੀਆਂ ਨੂੰ ਵਿੱਦਿਆ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਹਾਸਲ ਕਰਨ ਲਈ ਅਹਿਮ ਕਦਮ ਸਾਬਤ ਹੋਵੇਗਾ।