ਗੁਰੂ ਅਮਰਦਾਸ ਨੂੰ ਸਮਰਪਿਤ ਸੈਮੀਨਾਰ
ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਸਤੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਮਾਤਾ ਸਾਹਿਬ ਕੌਰ ਆਡੀਟੋਰੀਅਮ, ਮਾਤਾ ਸੁੰਦਰੀ ਕਾਲਜ ਵਿੱਚ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਮੌਕੇ ‘ਸੇਵਾ ਸਮਾਜ ਸੁਧਾਰ’ ਬਾਰੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਗੁਰੂ ਅੰਗਦ ਦੇਵ ਜੀ ਦੀ ਸੇਵਾ ਕਰ ਕੇ ਗੁਰੂ ਅਮਰਦਾਸ ਨੇ ਸਿੱਖੀ ਜੀਵਨ ਵਿਚ ਨਿਵੇਕਲਾ ਉਦਾਹਰਣ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਉਮਰ ਵਿਚ ਗੁਰੂ ਸਾਹਿਬ ਨੇ ਆਪਣੇ ਗੁਰੂ ਦੀ ਸੇਵਾ ਸੱਚੇ ਮਨੋ ਕੀਤੀ ਜਿਸ ਦੀ ਬਦੌਲਤ ਉਨ੍ਹਾਂ ਨੂੰ ਗੁਰੂ ਸਾਹਿਬ ਨੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਤਾ ਗੱਦੀ ਸੌਂਪੀ। ਉਨ੍ਹਾਂ ਕਿਹਾ ਕਿ ਗੁਰੂ ਅਮਰਦਾਸ ਜੀ ਦੇ ਜੀਵਨ ਦੀਆਂ ਅਣਗਿਣਤ ਉਦਾਹਰਣਾਂ ਹਨ ਜਿਨ੍ਹਾਂ ਨੂੰ ਵੇਖ ਕੇ ਇਕ ਗੁਰਸਿੱਖ ਨੂੰ ਇਹ ਜੀਵਨ ਜਾਚ ਆ ਸਕਦੀ ਹੈ ਕਿ ਆਪਣੇ ਗੁਰੂ ਦੀ ਸੇਵਾ ਕਿਵੇਂ ਕਰਨੀ ਹੈ। ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਸਿੱਖੀ ਜੀਵਨ ਜਾਚ ਦਾ ਵੱਧ ਤੋਂ ਵੱਧ ਪ੍ਰਚਾਰ ਤੇ ਪ੍ਰਸਾਰ ਕੀਤਾ ਜਾ ਰਿਹਾ ਹੈ। ਬੱਚਿਆਂ ਤੋਂ ਲੈ ਕੇ ਹਰ ਉਮਰ ਵਰਗ ਦੇ ਵਿਅਕਤੀਆਂ ਨੂੰ ਗੁਰਸਿੱਖੀ ਜੀਵਨ ਜਾਚ ਨਾਲ ਜੋੜਨ ਲਈ ਕਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਡਾ. ਸੇਵਕ ਸਿੰਘ, ਡਾ. ਸੁਖਪ੍ਰੀਤ ਸਿੰਘ ਉਧੋਕੇ, ਭਾਈ ਬੱਚਿਤਰ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਬਲਦੇਵ ਸਿੰਘ, ਦਿੱਲੀ ਕਮੇਟੀ ਮੈਂਬਰਾਂ ਵਿੱਚ ਰਮਨਦੀਪ ਸਿੰਘ ਥਾਪਰ, ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦਾ ਧੰਨਵਾਦ ਕੀਤਾ।