ਸੈਨੇਟ ਚੋਣਾਂ: ਪੀਯੂ ਬਚਾਓ ਮੋਰਚੇ ਵੱਲੋਂ ਪੰਜਾਬ ਵਿੱਚ ਵਿਦਿਆਰਥੀ ਸੰਘਰਸ਼ ਛੇੜਨ ਦਾ ਸੱਦਾ
ਕੁਲਦੀਪ ਸਿੰਘ
ਚੰਡੀਗੜ੍ਹ, 19 ਨਵੰਬਰ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਲੋਕਤੰਤਰਿਕ ਢਾਂਚੇ ਦੀ ਬਹਾਲੀ ਵਾਸਤੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਵਾਈਸ ਚਾਂਸਲਰ ਦਫ਼ਤਰ ਅੱਗੇ ਸ਼ੁਰੂ ਕੀਤੇ ਅਣਮਿਥੇ ਸਮੇਂ ਦੇ ਸੰਘਰਸ਼ ਨੂੰ ਹੁਣ ਪੰਜਾਬ ਪੱਧਰ ’ਤੇ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਮੰਤਵ ਲਈ ਅੱਜ ਧਰਨੇ ਵਾਲੀ ਥਾਂ ਪੰਜਾਬ ਦੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਦੀ ਮੀਟਿੰਗ ਕੀਤੀ ਗਈ। ਇਸ ਵਿੱਚ ‘ਸੱਥ’, ਪੀਐੱਸਯੂ (ਲਲਕਾਰ), ਐੱਸਐੱਫਐੱਸ, ਪੀਐੱਸਯੂ, ਏਆਈਐੱਸਐੱਫ, ਐੱਸਐੱਫਆਈ, ਪੀਐੱਸਯੂ (ਰੰਧਾਵਾ), ਐੱਸਓਆਈ, ਐੱਨਐੱਸਯੂਆਈ, ਐੱਸਐੱਫ ਅਤੇ ਸੋਪੂ ਦੇ ਅਹੁਦੇਦਾਰ ਸ਼ਾਮਲ ਹੋਏ।
‘ਸੱਥ’ ਤੋਂ ਵਿਦਿਆਰਥੀ ਆਗੂ ਰਿਮਲਜੋਤ ਸਿੰਘ ਅਤੇ ਪੀਐੱਸਯੂ (ਲਲਕਾਰ) ਤੋਂ ਜੋਬਨ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਕਰਵਾਉਣ ਦੇ ਸੰਘਰਸ਼ ਨੂੰ ਪੰਜਾਬ ਦੇ ਹੋਰਨਾਂ ਸਿੱਖਿਅਕ ਅਦਾਰਿਆਂ ਤੱਕ ਲਿਜਾਣ ਬਾਰੇ ਵਿਚਾਰ ਕੀਤਾ ਗਿਆ। ਸਾਰੀਆਂ ਜਥੇਬੰਦੀਆਂ ਵੱਲੋਂ ਇਸ ਸੰਘਰਸ਼ ਨੂੰ ਹੱਕੀ ਦੱਸਦੇ ਹੋਏ ਇਸ ਫ਼ੈਸਲੇ ਦੀ ਹਮਾਇਤ ਕੀਤੀ।
ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ 22 ਨਵੰਬਰ ਨੂੰ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਦੇ ਇਸ ਸੰਘਰਸ਼ ਦੇ ਹੱਕ ਵਿੱਚ ਸਾਂਝੇ ਮੁਜ਼ਾਹਰੇ ਕੀਤੇ ਜਾਣਗੇ ਜੋ ਕਿ ਸੈਨੇਟ ਚੋਣਾਂ ਕਰਵਾਉਣ ਅਤੇ ਸੰਘਰਸ਼ਸ਼ੀਲ ਵਿਦਿਆਰਥੀਆਂ ਉੱਤੇ ਕੀਤੇ ਝੂਠੇ ਪਰਚੇ ਰੱਦ ਕਰਵਾਉਣ ਲਈ ਜੂਝ ਰਿਹਾ ਹੈ।