ਸਰਕਾਰੀ ਦਫ਼ਤਰਾਂ ’ਚ ਬਜ਼ੁਰਗਾਂ ਨੂੰ ਤਰਜੀਹ ਮਿਲੇ: ਬਲਕਾਰ ਸਿੰਘ
ਹਤਿੰਦਰ ਮਹਤਿਾ
ਜਲੰਧਰ, 8 ਨਵੰਬਰ
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਬਜ਼ੁਰਗਾਂ ਦੇ ਕੰਮ ਤਰਜੀਹ ਦੇ ਆਧਾਰ ’ਤੇ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਮਾਰਗ ਦਰਸ਼ਕ ਹਨ ਅਤੇ ਇਨ੍ਹਾਂ ਦੀ ਯੋਗ ਅਗਵਾਈ ਵਿੱਚ ਸਮਾਜ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਤੇ ਇਸਤਰੀ, ਬਾਲ ਵਿਕਾਸ ਵਿਭਾਗ ਵੱਲੋਂ ਇੱਥੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ‘ਸਾਡੇ ਬਜ਼ੁਰਗ ਸਾਡਾ ਮਾਣ’ ਦੌਰਾਨ ਸੰਬੋਧਨ ਕਰ ਰਹੇ ਸਨ। ਮੰਤਰੀ ਨੇ ਕਿਹਾ ਕਿ ਬਜ਼ੁਰਗਾਂ ਦੇ ਅਸ਼ੀਰਵਾਦ ਨਾਲ ਹੀ ਉਹ ਅੱਜ ਇਸ ਮੁਕਾਮ ’ਤੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹਨ ਅਤੇ ਇਨ੍ਹਾਂ ਦੇ ਤਜ਼ਰਬਿਆਂ ਤੋਂ ਸੇਧ ਲੈ ਕੇ ਅਸੀਂ ਸਮਾਜ ਨੂੰ ਉਸਾਰੂ ਪਾਸੇ ਲਜਿਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਾਡੀ ਨੈਤਿਕ ਜਿੰਮੇਵਾਰੀ ਹੈ।
ਉਨ੍ਹਾਂ ਸਮੁੱਚੇ ਦਫ਼ਤਰਾਂ ਵਿਖੇ ਤਾਇਨਾਤ ਅਧਿਕਾਰੀਆਂ/ ਕਰਮਚਾਰੀਆਂ ਨੂੰ ਕਿਹਾ ਕਿ ਦਫ਼ਤਰ ਵਿਖੇ ਆਉਣ ਵਾਲੇ ਬਜ਼ੁਰਗਾਂ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਬਜ਼ੁਰਗਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਸਕਣ। ਇਸ ਮੌਕੇ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਸੀਨੀਅਰ ਸਿਟੀਜ਼ਨ ਦੇ ਸ਼ਨਾਖਤੀ ਕਾਰਡ ਅਤੇ ਪੈਨਸ਼ਨ ਮਨਜੂਰੀ ਪੱਤਰ ਵੀ ਵੰਡੇ ਗਏ। ਇਸ ਦੇ ਨਾਲ ਹੀ ਨਵੇਂ ਬੁਢਾਪਾ ਪੈਨਸ਼ਨ/ਦੂਜੀਆਂ ਵਿੱਤੀ ਸਹਾਇਤਾ ਸਕੀਮਾਂ ਦੇ ਫਾਰਮ ਵੀ ਭਰੇ ਗਏ। ਸਮਾਗਮ ਦੌਰਾਨ ਤਕਰੀਬਨ 650 ਬਜ਼ੁਰਗ ਵਿਅਕਤੀਆਂ ਵਲੋਂ ਸ਼ਾਮਲ ਹੋ ਕੇ ਵੱਖ-ਵੱਖ ਸਕੀਮਾਂ ਦਾ ਲਾਭ ਪ੍ਰਾਪਤ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ, ਜਲੰਧਰ ਦੀ ਅਗਵਾਈ ਵਿੱਚ ਡਾਕਟਰਾਂ ਦੀ ਟੀਮ ਵੱਲੋਂ ਬਜ਼ੁਰਗਾਂ ਦਾ ਮੈਡੀਕਲ ਕੈਂਪ ਦੌਰਾਨ ਅੱਖਾਂ, ਈਐੱਨਟੀ (ਕੰਨ ਨੱਕ ਗਲਾ) ਅਤੇ ਹੋਰ ਜਨਰਲ ਬਿਮਾਰੀਆਂ ਦੀ ਜਾਂਚ ਕਰਨ ਦੇ ਨਾਲ-ਨਾਲ ਲੋੜਵੰਦ ਮਰੀਜ਼ਾ ਨੂੰ ਨਜ਼ਰ ਦੀਆਂ ਐਨਕਾਂ, ਦਵਾਈਆਂ ਆਦਿ ਵੰਡੀਆਂ ਗਈਆਂ।