ਨਿਸ਼ਾਨ ਸਾਹਿਬ ਦਾ ਚੋਲਾ ਚੜ੍ਹਾਉਣ ਸਮੇਂ ਡਿੱਗਣ ਕਾਰਨ ਸੇਵਾਦਾਰ ਦੀ ਮੌਤ
ਹਰਜੀਤ ਸਿੰਘ ਪਰਮਾਰ
ਬਟਾਲਾ, 31 ਜਨਵਰੀ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਕੰਧ ਸਾਹਿਬ ਵਿੱਚ ਨਿਸ਼ਾਨ ਸਾਹਿਬ ਦਾ ਚੋਲਾ ਚੜ੍ਹਾਉਂਦੇ ਸਮੇਂ ਤਾਰ ਟੁੱਟਣ ’ਤੇ ਡਿੱਗਣ ਕਾਰਨ ਸੇਵਾਦਾਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਬਟਾਲਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਬਾਲੇਵਾਲ ਵਜੋਂ ਹੋਈ ਹੈ।
ਵੇਰਵਿਆਂ ਅਨੁਸਾਰ ਸਤਨਾਮ ਸਿੰਘ ਗੁਰਦੁਆਰਾ ਕੰਧ ਸਾਹਿਬ ਵਿੱਚ ਆਰਜ਼ੀ ਤੌਰ ’ਤੇ ਬਿਜਲੀ ਮਕੈਨਿਕ ਵਜੋਂ ਸੇਵਾ ਨਿਭਾਅ ਰਿਹਾ ਸੀ ਅਤੇ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਸੇਵਾ ਵੀ ਲੰਬੇ ਸਮੇਂ ਤੋਂ ਕਰਦਾ ਆ ਰਿਹਾ ਸੀ। ਅੱਜ ਸਵੇਰੇ ਜਦੋਂ ਉਹ ਨਿਸ਼ਾਨ ਸਾਹਿਬ ਦਾ ਚੋਲਾ ਚੜ੍ਹਾਉਣ ਦੀ ਸੇਵਾ ਕਰਨ ਲਈ 70 ਫੁੱਟ ਉੱਚੇ ਨਿਸ਼ਾਨ ਸਾਹਿਬ ’ਤੇ ਚੜ੍ਹਿਆ ਤਾਂ ਅਚਾਨਕ ਤਾਰ ਟੁੱਟਣ ਕਾਰਨ ਉਹ ਹੇਠਾਂ ਡਿੱਗ ਗਿਆ ਅਤੇ ਗੰਭੀਰ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ ’ਤੇ ਥਾਣਾ ਸਿਟੀ ਦੀ ਪੁਲੀਸ ਸਤਨਾਮ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ’ਚ ਰਖਵਾ ਦਿੱਤਾ ਹੈ।