ਮੁਕਤਸਰ ਵਿੱਚ ਸੀਵਰੇਜ ਦੀ ਸਫ਼ਾਈ ਦਾ ਕੰਮ ਸ਼ੁਰੂ
ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 9 ਅਕਤੂਬਰ
ਮੁਕਤਸਰ ’ਚ ਸੀਵਰੇਜ ਦੀ ਸਮੱਸਿਆ ਕਰ ਕੇ ਸ਼ਹਿਰ ਦੀ ਹਰ ਗਲੀ ’ਚ ਸੀਵਰੇਜ ਦਾ ਗੰਦਾ ਪਾਣੀ ਫਿਰ ਰਿਹਾ ਹੈ। ਸ਼ਹਿਰ ਵਾਸੀਆਂ ਅਤੇ ਕੌਂਸਲਰਾਂ ਤੋਂ ਲੈ ਕੇ ਵਿਧਾਇਕ ਤੱਕ ਇਸ ਸਮੱਸਿਆ ਨੂੰ ਲੈ ਕੇ ਸੰਘਰਸ਼ ਕਰ ਚੁੱਕੇ ਹਨ ਜਿਸ ਕਾਰਨ ਹੁਣ ਸੂਬਾ ਸਰਕਾਰ ਵੱਲੋਂ ਕਰੀਬ ਡੇਢ ਕਰੋੜ ਰੁਪਏ ਜਾਰੀ ਕੀਤੇ ਹਨ ਜਿਸ ਨਾਲ ਸੀਵਰੇਜ ਦੀ ਸਫਾਈ ਦਾ ਕੰਮ ਸ਼ੁਰੂ ਹੋ ਗਿਆ। ਇਸ ਦੀ ਸ਼ੁਰੂਆਤ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕਰਵਾਈ ਗਈ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਪਿਛਲੀਆਂ ਸਰਕਾਰਾਂ ਅਤੇ ਨਗਰ ਕੌਂਸਲ ਦੀ ਲਾਪਰਵਾਈ ਕਾਰਨ ਸ਼ਹਿਰ ਵਾਸੀ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦੀ ਗੰਭੀਰ ਸਮੱਸਿਆ ਦਾ ਸੰਤਾਪ ਹੰਢਾ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ ਪ੍ਰੰਤੂ ਨਗਰ ਕੌਂਸਲ ਦੇ ਪ੍ਰਧਾਨ ਦੀ ਕਥਿਤ ਲਾਪਰਵਾਹੀ ਕਾਰਨ ਇਹ ਕਾਰਜ ਨੇਪਰੇ ਨਹੀਂ ਚੜ੍ਹਿਆ ਜਿਸ ਤੋਂ ਬਾਅਦ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਉਹ ਸਿੱਧੇ ਤੌਰ ’ਤੇ ਫੰਡ ਮੁਹੱਈਆ ਕਰਵਾ ਕੇ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ। ਇਸ ਮੰਗ ’ਤੇ ਫੌਰੀ ਕਾਰਵਾਈ ਕਰਦਿਆਂ ਸੂਬਾ ਸਰਕਾਰ ਵੱਲੋਂ ਕਰੀਬ ਡੇਢ ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਜਿਸ ਨਾਲ ਰੇਲਵੇ ਫਾਟਕ ਤੋਂ ਪਾਰ ਅਤੇ ਸ਼ਹਿਰ ਵਾਲੇ ਪਾਸੇ ਦੋਨਾਂ ਮੇਨ ਪਾਈਪ ਲਾਈਨਾਂ ਦੀ ਸਫਾਈ ਕੀਤੀ ਜਾਵੇਗੀ। ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਵਿਧਾਇਕ ਕਾਕਾ ਬਰਾੜ ਨੇ ਲੋਕਾਂ ਨੂੰ ਬੇਨਤੀ ਕੀਤੀ ਕਿ ਸਫਾਈ ਦੌਰਾਨ ਪਾਈਪ ਬੰਦ ਕਰਕੇ ਸਫਾਈ ਕੀਤੀ ਜਾਵੇਗੀ ਜਿਸ ਨਾਲ ਲੋਕਾਂ ਨੂੰ ਭਾਰੀ ਦਿੱਕਤ ਪੇਸ਼ ਆਵੇਗੀ ਪਰ ਉਸ ਤੋਂ ਬਾਾਅਦ ਰਾਹਤ ਮਿਲੇਗੀ।