ਹਲਕਾ ਦਿਹਾਤੀ ’ਚ ਸੀਵਰੇਜ ਤੇ ਪਾਣੀ ਸਪਲਾਈ ਦਾ ਕੰਮ ਸ਼ੁਰੂ
ਖੇਤਰੀ ਪ੍ਰਤੀਨਿਧ
ਪਟਿਆਲਾ, 19 ਅਗਸਤ
ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਵਸਨੀਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਸੀਵਰੇਜ ਤੇ ਵਾਟਰ ਸਪਲਾਈ ਦੇ ਕੰਮ ਦੀ ਸ਼ੁਰੂਆਤ ਹੋ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੰਤ ਲਾਲ ਬਾਂਗਾ ਨੇ ਕੀਤਾ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਨਿਰਦੇਸ਼ਾਂ ’ਤੇ 10 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਇਸ ਪ੍ਰਾਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਕੌਂਸਲਰ ਸੇਵਕ ਸਿੰਘ ਝਿੱਲ ਨੇ ਕਿਹਾ ਕਿ ਪਟਿਆਲਾ ਦਿਹਾਤੀ ਹਲਕੇ ਦੇ ਵਾਰਡਾਂ ਵਿਚ ਵੱਡੇ ਪੱਧਰ ’ਤੇ ਵਿਕਾਸ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਵਲੋਂ ਵਸਨੀਕਾਂ ਦੀਆਂ ਸਮੱਸਿਆਵਾਂ ਸਬੰਧੀ ਰੋਜ਼ਾਨਾ ਰਿਪੋਰਟ ਲਈ ਜਾਂਦੀ ਹੈ ਤੇ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। 20 ਕਿਲੋਮੀਟਰ ਸੀਵਰੇਜ ਅਤੇ ਵਾਟਰ ਸਪਲਾਈ ਵਾਲੇ ਪ੍ਰਾਜੈਕਟ ਦੇ ਪੂਰਾ ਹੋਣ ਨਾਲ ਇਥੋਂ ਦੇ ਲੋਕਾਂ ਦੀ ਵੱਡੀ ਸਮੱਸਿਆ ਦਾ ਹੱਲ ਹੋ ਜਾਵੇਗਾ। ਇਸ ਮੌਕੇ ਕੌਂਸਲਰ ਸੇਵਕ ਸਿੰਘ ਝਿੱਲ, ਸੰਜੀਵ ਸ਼ਰਮਾ, ਭੂਵੇਸ਼ ਤਿਵਾੜੀ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਸੰਕਟ ਦੌਰਾਨ ਵਾਰਡਾਂ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਹਨ।