ਸੀਵਰੇਜ ਬੋਰਡ ਦੇ ਕਾਮਿਆਂ ਵੱਲੋਂ ਐਕਸੀਅਨ ਦਫ਼ਤਰ ਅੱਗੇ ਧਰਨਾ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 21 ਨਵੰਬਰ
ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੀਵਰੇਜ ਬੋਰਡ ਦੇ ਕਾਮਿਆਂ ਦੀ ਹੜਤਾਲ ਦੇ 9ਵੇਂ ਦਿਨ ਕਾਮਿਆਂ ਵੱਲੋਂ ਇੱਥੇ ਵਿਭਾਗ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨਾਕਾਰੀ ਮੀਟਿੰਗ ਦੌਰਾਨ ਹੋਏ ਫੈਸਲਿਆਂ ਨੂੰ ਲਾਗੂ ਨਾ ਕਰਨ ਤੋਂ ਖਫ਼ਾ ਹਨ। ਧਰਨੇ ਦੌਰਾਨ ਸੀਵਰੇਜ ਬੋਰਡ ਸੰਘਰਸ਼ ਕਮੇਟੀ ਸੰਗਰੂਰ ਦੇ ਕਨਵੀਨਰ ਚਮਕੌਰ ਸਿੰਘ ਮਹਿਲਾਂ, ਕੋ-ਕਨਵੀਨਰ ਮੇਲਾ ਸਿੰਘ ਪੁੰਨਾਂਵਾਲ ਤੇ ਸਕੱਤਰ ਸ਼ੇਰ ਸਿੰਘ ਖੰਨਾ ਨੇ ਦੱਸਿਆ ਕਿ 19 ਸਤੰਬਰ ਨੂੰ ਸੀਵਰੇਜ ਬੋਰਡ ਦੇ ਚੀਫ ਇੰਜੀਨੀਅਰ ਪਟਿਆਲਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੇ ਫੈਸਲੇ ਕਾਰਜਕਾਰੀ ਇੰਜਨੀਅਰ ਨੇ ਲਾਗੂ ਨਹੀਂ ਕੀਤੇ। ਫੈਸਲੇ ਅਨੁਸਾਰ ਸੀਵਰੇਜ ਕਰਮੀਆਂ ਦੀ ਗਿਣਤੀ ਵਿੱਚ ਵਾਧਾ ਕਰਨਾ ਸੀ ਅਤੇ ਵਾਟਰ ਸਪਲਾਈ ਦੀਆਂ ਲਾਈਨਾਂ ਅਤੇ ਟਿਊਬਵੈੱਲਾਂ ਦੀ ਗਿਣਤੀ ਵਧਣ ਕਾਰਨ ਹੋਰ ਕਰਮਚਾਰੀਆਂ ਨੂੰ ਭਰਤੀ ਕਰਨਾ ਬਣਦਾ ਸੀ। ਚੀਫ ਇੰਜਨੀਅਰ ਪਟਿਆਲਾ ਨੇ ਕਾਰਜਕਾਰੀ ਇੰਜਨੀਅਰ ਸੰਗਰੂਰ ਨੂੰ ਮਹੀਨੇ ਵਿੱਚ ਹੋਰ ਕਰਮਚਾਰੀਆਂ ਨੂੰ ਭਰਤੀ ਕਰਨ ਦੀ ਹਦਾਇਤ ਕੀਤੀ ਸੀ ਪਰ ਅਜੇ ਤੱਕ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ ਗਿਆ। ਕੰਪਨੀ ਅਤੇ ਠੇਕੇਦਾਰਾਂ ਰਾਹੀਂ ਕੰਮ ਕਰਦੇ ਆਊਟਸੋਰਸਿੰਗ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ ਨਹੀਂ ਮਿਲੀ। ਉਨ੍ਹਾਂ ਐਲਾਨ ਕੀਤਾ ਕਿ 25 ਨਵੰਬਰ ਨੂੰ ਸ਼ਹਿਰ ਦੇ ਬਾਜ਼ਾਰਾਂ ਵਿੱਚ ਮੁਜ਼ਾਹਰਾ ਕੀਤਾ ਜਾਵੇਗਾ।