ਸੀਵਰੇਜ ਸਮੱਸਿਆ: ਕੌਂਸਲਰਾਂ ਵੱਲੋਂ ਡੀਸੀ ਨੂੰ ਮੰਗ ਪੱਤਰ
ਪੱਤਰ ਪ੍ਰੇਰਕ
ਮਾਨਸਾ, 26 ਅਕਤੂਬਰ
ਨਗਰ ਕੌਂਸਲ ਮਾਨਸਾ ਦੇ ਕੌਂਸਲਰਾਂ ਦਾ ਇੱਕ ਵਫ਼ਦ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਮਿਲਿਆ, ਜਿਨ੍ਹਾਂ ਵੱਲੋਂ ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਮੰਗ ਪੱਤਰ ਸੌਂਪਿਆ ਗਿਆ। ਕੌਂਸਲਰਾਂ ਦਾ ਕਹਿਣਾ ਹੈ ਕਿ ਜੇਕਰ ਇਸ ਸਮੱਸਿਆ ਦਾ ਛੇਤੀ ਹੱਲ ਨਾ ਕੀਤਾ ਗਿਆ ਤਾਂ ਉਹ ਕਾਲੇ ਕੱਪੜੇ ਪਾ ਕੇ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਨਗੇ।
ਕੌਂਸਲਰ ਰਾਮਪਾਲ ਸਿੰਘ ਅਤੇ ਕੁਲਵਿੰਦਰ ਕੌਰ ਮਹਿਤਾ ਨੇ ਦੱਸਿਆ ਕਿ ਸ਼ਹਿਰ ਦਾ ਸੀਵਰੇਜ ਸਿਸਟਮ ਪਿਛਲੇ ਲੰਬੇ ਸਮੇਂ ਤੋਂ ਬੁਰੀ ਤਰ੍ਹਾਂ ਬੰਦ ਹੈ ਅਤੇ ਗੰਦਾ ਪਾਣੀ ਗਲੀਆਂ, ਬਾਜ਼ਾਰਾਂ ਅਤੇ ਸਲੱਮ ਬਸਤੀਆਂ ਵਿੱਚ ਸ਼ਰ੍ਹੇਆਮ ਘੁੰਮ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੀਵਰੇਜ ਦੇ ਗੰਦੇ ਪਾਣੀ ਕਾਰਨ ਭਿਆਨਕ ਬਿਮਾਰੀਆਂ ਚਿੰਬੜਨ ਦਾ ਡਰ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਧਾਇਕ ਸਮੇਤ ਉੱਚ ਅਧਿਕਾਰੀਆਂ ਅਤੇ ਸਬੰਧਤ ਕੰਪਨੀ ਦੇ ਅਧਿਕਾਰੀ ਨੂੰ ਵਾਰ-ਵਾਰ ਮਿਲ ਚੁੱਕੇ ਹਨ, ਪ੍ਰੰਤੂ ਸਿਵਾਏ ਲਾਰਿਆਂ ਤੋਂ ਉਨ੍ਹਾਂ ਦੇ ਪੱਲੇ ਕੁੱਝ ਵੀ ਨਹੀਂ ਪਿਆ। ਉਨ੍ਹਾਂ ਕਿਹਾ ਕਿ ਜੇ ਸੀਵਰੇਜ ਦੀ ਸਮੱਸਿਆ ਦਾ ਛੇਤੀ ਹੱਲ ਨਾ ਕੀਤਾ ਗਿਆ ਤਾਂ ਉਹ ਸ਼ਹਿਰ ਦੇ ਲੋਕਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।