ਸੀਵਰੇਜ ਸਮੱਸਿਆ: ਸਰਕਾਰ ਨੂੰ ਕੈਬਨਿਟ ਮੀਟਿੰਗ ’ਚ ਮਸਲਾ ਹੱਲ ਕਰਨ ਦੀ ਅਪੀਲ
ਪੱਤਰ ਪ੍ਰੇਰਕ
ਮਾਨਸਾ, 6 ਫਰਵਰੀ
ਮਾਨਸਾ ’ਚ ਸੀਵਰੇਜ ਸਮੱਸਿਆ ਦੇ ਹੱਲ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਇਥੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਲਾਇਆ ਧਰਨਾ ਅੱਜ 102ਵੇਂ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਨੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਐਲਾਨ ਕੀਤਾ ਕਿ ਜਿੰਨਾ ਚਿਰ ਸ਼ਹਿਰ ਦੇ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਨਹੀਂ ਦਿਵਾਈ ਜਾਂਦੀ, ਓਨਾ ਚਿਰ ਇਹ ਸੰਘਰਸ਼ ਜਾਰੀ ਰਹੇਗਾ। ਕੌਂਸਲਰ ਰਾਮਪਾਲ ਸਿੰਘ ਬੱਪੀਆਣਾ ਨੇ ਕਿਹਾ ਕਿ ਨਗਰ ਕੌਂਸਲ ਮਾਨਸਾ, ਸੀਵਰੇਜ ਬੋਰਡ, ਪ੍ਰਸ਼ਾਸਨ ਤੇ ਸਰਕਾਰ ਦੀ ਅਣਗਹਿਲੀ ਕਰ ਕੇ ਸੀਵਰੇਜ ਦੇ ਮਾੜੇ ਪ੍ਰਬੰਧਾਂ ਨੇ ਲੋਕਾਂ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਖ਼ਿਲਾਫ਼ ਲੋਕ ਧਰਨੇ ’ਤੇ ਬੈਠੇ ਹਨ ਪ੍ਰੰਤੂ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਕੋਈ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਕਿਹਾ ਕਿ ਪਿਛਲੀਆਂ ਰਵਾਇਤੀ ਧਿਰਾਂ ਤੋਂ ਅੱਕੇ ਲੋਕਾਂ ਨੇ ਆਮ ਪਾਰਟੀ ਨੂੰ ਪੂਰਨ ਬਹੁਮਤ ਦਿੱਤਾ, ਪ੍ਰੰਤੂ ‘ਆਪ’ ਸਰਕਾਰ ਵੱਲੋਂ ਰੰਗਲਾ ਪੰਜਾਬ ਬਣਾਉਣ ਦੀ ਬਜਾਏ ਸੀਵਰੇਜ ਦੇ ਮਾੜੇ ਪ੍ਰਬੰਧਾਂ ਕਰ ਕੇ ਪੰਜਾਬ ਕਥਿਤ ਗੰਦਲਾ ਹੋਇਆ ਹੈ। ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ ਨੇ ਕਿਹਾ ਕਿ ਸ਼ਹਿਰ ਦਾ ਕੋਈ ਵਾਰਿਸ ਨਹੀਂ ਨਹੀਂ ਆ ਰਿਹਾ ਤੇ ਲੋਕਾਂ ਨੂੰ ਆਪਣੇ ਹਾਲ ’ਤੇ ਛੱਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਕਾਰਨ ਸ਼ਹਿਰ ’ਚ ਭਿਆਨਕ ਬਿਮਾਰੀਆਂ ਫੈਲਣਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਸਰਕਾਰ 10 ਫਰਵਰੀ ਦੀ ਤਜਵੀਜ਼ ਕੈਬਨਿਟ ਕਮੇਟੀ ਦੀ ਮੀਟਿੰਗ ’ਚ ਫੰਡ ਜਾਰੀ ਕਰਕੇ ਸੀਵਰੇਜ ਦੀ ਸੰਵੇਦਨਸ਼ੀਲ ਸਮੱਸਿਆ ਦਾ ਕੋਈ ਸਾਰਥਿਕ ਹੱਲ ਕੱਢਣ ਦਾ ਯਤਨ ਕਰੇ।