For the best experience, open
https://m.punjabitribuneonline.com
on your mobile browser.
Advertisement

ਸੀਵਰੇਜ ਸਮੱਸਿਆ: ਮੀਂਹ ਦੀ ਚਿਤਾਵਨੀ ਤੋਂ ਮਾਨਸਾ ਵਾਸੀਆਂ ਦੀ ਚਿੰਤਾ ਵਧੀ

07:14 AM Jul 02, 2024 IST
ਸੀਵਰੇਜ ਸਮੱਸਿਆ  ਮੀਂਹ ਦੀ ਚਿਤਾਵਨੀ ਤੋਂ ਮਾਨਸਾ ਵਾਸੀਆਂ ਦੀ ਚਿੰਤਾ ਵਧੀ
ਮਾਨਸਾ ਵਿੱਚ ਮੀਟਿੰਗ ਦੌਰਾਨ ਹਾਜ਼ਰ ਆਗੂ।
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 1 ਜੁਲਾਈ
ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾਲ ਜੂਝ ਰਹੇ ਮਾਨਸਾ ਦੇ ਲੋਕਾਂ ਨੂੰ ਹੁਣ ਮੌਸਮ ਵਿਭਾਗ ਵੱਲੋਂ ਹਰਿਆਣਾ ਅਤੇ ਦਿੱਲੀ ਦੀ ਤਰਜ਼ ’ਤੇ ਮਾਨਸਾ ਜ਼ਿਲ੍ਹੇ ਵਿੱਚ ਮੀਂਹ ਪੈਣ ਦੀ ਦਿੱਤੀ ਚਿਤਾਵਨੀ ਦਾ ਡਰ ਸਤਾਉਣ ਲੱਗਾ ਹੈ। ਇਸ ਸਬੰਧੀ ਮੁੜ ਸੀਵਰੇਜ ਸੁਧਾਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਦੌਰਾਨ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਕਿ ਸ਼ਹਿਰ ਵਿੱਚ ਮੀਂਹਾਂ ਦੇ ਪਾਣੀ ਦੀ ਤੁਰੰਤ ਨਿਕਾਸੀ ਦਾ ਵਿਸ਼ੇਸ਼ ਬੰਦੋਬਸਤ ਕੀਤਾ ਜਾਵੇ ਤਾਂ ਜੋ ਨੀਂਵੇਂ ਇਲਾਕਿਆਂ ਵਿੱਚ ਵਸਦੇ ਲੋਕਾਂ ਦੇ ਘਰਾਂ ਅੰਦਰ ਪਾਣੀ ਵੜਨ ਤੋਂ ਬਚਾਇਆ ਜਾ ਸਕੇ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਦੇ ਨਾਲ-ਨਾਲ ਸ਼ਹਿਰ ਵਿੱਚ ਹੜ੍ਹਾਂ ਵਰਗੀ ਸਥਿਤੀ ਤੋਂ ਬਚਾਉਣ ਲਈ 3 ਜੁਲਾਈ ਨੂੰ ਡਿਪਟੀ ਕਮਿਸ਼ਨਰ ਮਾਨਸਾ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਸ਼ਹਿਰ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਤੁਰੰਤ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਜਾਵੇਗਾ।
ਮੀਟਿੰਗ ਦੌਰਾਨ ਜੁੜੇ ਲੋਕਾਂ ਨੇ ਮਾਨਸਾ ਜ਼ਿਲ੍ਹੇ ਦੇ ਤਿੰਨੋਂ ਵਿਧਾਇਕਾਂ ਨੂੰ ਇਸ ਪਾਸੇ ਤੁਰੰਤ ਧਿਆਨ ਦੇਣ ਲਈ ਕਿਹਾ। ਮੀਟਿੰਗ ਦੌਰਾਨ ਰੁਲਦੂ ਸਿੰਘ ਨੇ ਦੱਸਿਆ ਕਿ ਇਸ ਸੰਘਰਸ਼ ਵਿਚ ਸ਼ਹਿਰ ਦੇ ਸਾਰੇ ਵਾਰਡਾਂ ਦੇ ਚੁਣੇ ਕੌਂਸਲਰਾਂ ਨੂੰ ਸ਼ਾਮਲ ਕੀਤਾ ਜਾਵੇ ਅਤੇ ਮਾਨਸਾ ਅਤੇ ਸਰਦੂਲਗੜ੍ਹ ਦੇ ਵਿਧਾਇਕਾਂ ’ਤੇ ਵੀ ਸਮੱਸਿਆ ਦੇ ਹੱਲ ਲਈ ਦਬਾਅ ਬਣਾਇਆ ਜਾਵੇ।
ਅੱਜ ਦੀ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਪ੍ਰਸ਼ਾਸਨ ਤੋਂ ਮੰਗ ਕੀਤੀ ਜਾਵੇ ਕਿ ਸੀਵਰੇਜ ਦਾ ਪਾਣੀ ਬਣਾਂਵਾਲਾ ਤਾਪਘਰ ਵਿੱਚ ਭੇਜਿਆ ਜਾਵੇ ਅਤੇ ਥਰਮਲ ਪਲਾਂਟ ਨੂੰ ਜਾ ਰਹੇ ਨਹਿਰੀ ਪਾਣੀ ਨੂੰ ਕਿਸਾਨਾਂ ਦੇ ਖੇਤਾਂ ਅਤੇ ਪੀਣ ਲਈ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਮੰਗ ਪੱਤਰ ਤੋਂ ਬਾਅਦ ਜੇਕਰ ਮਸਲੇ ਦਾ ਫੌਰੀ ਹੱਲ ਨਾ ਕੀਤਾ ਗਿਆ ਤਾਂ ਅਗਲੇ ਤਿੱਖੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਮੌਕੇ ਕਾਮਰੇਡ ਰਾਜਵਿੰਦਰ ਰਾਣਾ, ਕ੍ਰਿਸ਼ਨ ਚੌਹਾਨ, ਜਤਿੰਦਰ ਆਗਰਾ, ਐਡਵੋਕੇਟ ਬਲਕਰਨ ਸਿੰਘ ਬੱਲੀ, ਰਘਵੀਰ ਸਿੰਘ, ਉਗਰ ਸਿੰਘ ਮਾਨਸਾ ਤੇ ਰਤਨ ਭੋਲਾ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement
Author Image

joginder kumar

View all posts

Advertisement