ਜਿਨਸੀ ਸ਼ੋਸ਼ਣ: ਬ੍ਰਿਜ ਭੂਸ਼ਨ ਦੀ ਪਟੀਸ਼ਨ ’ਤੇ ਦਿੱਲੀ ਪੁਲੀਸ ਤੋਂ ਜਵਾਬ ਤਲਬ
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਪਟੀਸ਼ਨ ’ਤੇ ਦਿੱਲੀ ਪੁਲੀਸ ਤੋਂ ਜਵਾਬ ਮੰਗਿਆ ਹੈ, ਜਿਸ ਵਿੱਚ ਜਬਰ-ਜਨਾਹ ਮਾਮਲੇ ’ਚ ਮਹਿਲਾ ਪਹਿਲਵਾਨਾਂ ਵੱਲੋਂ ਦਰਜ ਕਰਵਾਈ ਗਈ ਐੱਫਆਈਆਰ ਅਤੇ ਦੋਸ਼ਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਜਸਟਿਸ ਮਨੋਜ ਕੁਮਾਰ ਓਹਰੀਨੇ ਸ਼ਿਕਾਇਤਕਰਤਾ ਦੀ ਪਟੀਸ਼ਨ ’ਤੇ ਨੋਟਿਸ ਜਾਰੀ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 13 ਜਨਵਰੀ ਨੂੰ ਸੂਚੀਬੱਧ ਕੀਤੀ ਹੈ। ਜੱਜ ਨੇ ਕਿਹਾ, ‘ਸਟੇਟਸ ਰਿਪੋਰਟ/ਜਵਾਬ ਦਾਇਰ ਕਰਨ ਦਿਓ।’ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਖ਼ਿਲਾਫ਼ ਪਿਛਲੇ ਸਾਲ ਕਈ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ ਸੀ। ਪਹਿਲਵਾਨਾਂ ਨੇ ਜਾਂਚ ਦੀ ਮੰਗ ਕਰਦਿਆਂ ਹਫ਼ਤਿਆਂ ਤੱਕ ਬ੍ਰਿਜ ਭੂਸ਼ਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ। ਦਿੱਲੀ ਪੁਲੀਸ ਨੇ ਮਈ, 2023 ਵਿੱਚ ਸੁਪਰੀਮ ਕੋਰਟ ਦੇ ਦਖ਼ਲ ਮਗਰੋਂ ਬ੍ਰਿਜ ਭੂਸ਼ਨ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਸੀ। ਇੱਕ ਹੇਠਲੀ ਅਦਾਲਤ ਵੱਲੋਂ 21 ਮਈ ਨੂੰ ਸਾਬਕਾ ਸੰਸਦ ਮੈਂਬਰ ਖ਼ਿਲਾਫ਼ ਜਿਨਸੀ ਸ਼ੋਸ਼ਣ, ਧਮਕਾਉਣ ਦੇ ਦੋਸ਼ ਆਇਦ ਕੀਤੇ ਜਾਣ ਮਗਰੋਂ ਬ੍ਰਿਜ ਭੂਸ਼ਨ ਨੇ ਪਿਛਲੇ ਮਹੀਨੇ ਹਾਈ ਕੋਰਟ ਤੱਕ ਪਹੁੰਚ ਕਰਕੇ ਦਾਅਵਾ ਕੀਤਾ ਕਿ ਉਸ ਨੂੰ ਝੂਠਾ ਫਸਾਇਆ ਗਿਆ ਹੈ। ਇਸ ਮਗਰੋਂ 29 ਅਗਸਤ ਨੂੰ ਹਾਈ ਕੋਰਟ ਨੇ ਬ੍ਰਿਜ ਭੂਸ਼ਨ ਨੂੰ ਇਸ ਮਾਮਲੇ ’ਚ ਸਾਰੀਆਂ ਦਲੀਲਾਂ ਦਾਇਰ ਕਰਨ ਲਈ ਕਿਹਾ ਸੀ। ਬ੍ਰਿਜ ਭੂਸ਼ਨ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਜਾਂਚ ਪੱਖਪਾਤੀ ਢੰਗ ਨਾਲ ਕੀਤੀ ਗਈ ਸੀ। ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਨੇ ਇਸ ਪਟੀਸ਼ਨ ਵਿੱਚ ਦੋਸ਼ਾਂ ਅਤੇ ਐੱਫਆਈਆਰ ਨੂੰ ਚੁਣੌਤੀ ਦਿੱਤੀ ਹੈ। -ਪੀਟੀਆਈ