ਐਸਜੀਪੀਸੀ ਅਤੇ ਸੇਵਾ ਸੁਸਾਇਟੀ ਨੇ ਬੂਟੇ ਵੰਡੇ
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 10 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਅੰਮ੍ਰਿਤ ਵੇਲੇ ਦੀਵਾਨ ਸਜਾਏ ਤੇ ਸਵੇਰੇ 9 ਵਜੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਲਵਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਗਿਆਨੀ ਚਰਨਜੀਤ ਸਿੰਘ ਹੈੱਡ ਗ੍ਰੰਥੀ ਨੇ ਸ਼ਹੀਦੀ ਦਿਹਾੜੇ ਸਬੰਧੀ ਵਿਚਾਰਾਂ ਕੀਤੀਆਂ। ਰਾਗੀ ਅਤੇ ਢਾਡੀ ਜਥਿਆਂ ਨੇ ਢਾਡੀ ਵਾਰਾਂ ਰਾਹੀਂ ਸ਼ਹਾਦਤ ਬਾਰੇ ਚਾਨਣਾ ਪਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਤੇ ਐਸਜੀਪੀਸੀ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ। ਇਸ ਮੌਕੇ ਸਰਬੱਤ ਖ਼ਾਲਸਾ ਸੇਵਾ ਸੁਸਾਇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਠੰਢੇ-ਮਿੱਠੇ ਜਲ ਦੀ ਛਬੀਲ ਤੇ ਬੂਟੇ ਵੰਡੇ ਗਏ। ਇਸ ਮੌਕੇ ਜਗਜੀਤ ਸਿੰਘ ਸਿੱਧੂ, ਜਗਰਾਜ ਸਿੰਘ, ਗੁਰਦੇਵ ਸਿੰਘ, ਭਾਈ ਭੁਪਿੰਦਰ ਸਿੰਘ, ਹਰਵਿੰਦਰ ਸਿੰਘ ਸੁਰੀ, ਜਗਦੀਪ ਸਿੰਘ ਹਾਜ਼ਰ ਸਨ।