ਸ਼੍ਰੋਮਣੀ ਕਮੇਟੀ ਦਾ ਬਜਟ ਅੱਜ, ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ
ਅੰਮ੍ਰਿਤਸਰ, 27 ਮਾਰਚ
ਤਖ਼ਤਾਂ ਦੇ ਹਟਾਏ ਜਥੇਦਾਰਾਂ ਦੀ ਬਹਾਲੀ ਦੀ ਮੰਗ ਦੌਰਾਨ ਭਲਕੇ 28 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2025-26 ਦਾ ਬਜਟ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ ਹੈ।
ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਇੱਥੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਦੁਪਹਿਰ ਲਗਪਗ 12 ਵਜੇ ਆਰੰਭ ਹੋਵੇਗਾ। ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਲਗਪਗ 10 ਫ਼ੀਸਦ ਵਾਧੇ ਵਾਲਾ ਪ੍ਰਸਤਾਵਿਤ ਬਜਟ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਬਜਟ ਇਜਲਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਵਿਰੋਧੀ ਧਿਰਾਂ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਦੀ ਬਹਾਲੀ ਦੇ ਮਾਮਲੇ ਨੂੰ ਲੈ ਕੇ ਮੰਗ ਉਭਾਰੇ ਜਾਣ ਦੀ ਸੰਭਾਵਨਾ ਹੈ। ਇਸ ਕਾਰਨ ਇਜਲਾਸ ਦੌਰਾਨ ਵਿਘਨ ਵੀ ਪੈਦਾ ਹੋ ਸਕਦਾ ਹੈ। ਬੀਤੇ ਕੱਲ੍ਹ ਲਗਪਗ 42 ਮੈਂਬਰਾਂ ਦੇ ਦਸਤਖ਼ਤਾਂ ਵਾਲਾ ਇੱਕ ਮੰਗ ਪੱਤਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਸੌਂਪਿਆ ਗਿਆ ਹੈ। ਇਸੇ ਮੰਗ ਨੂੰ ਲੈ ਕੇ ਦਮਦਮੀ ਟਕਸਾਲ ਵੱਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਭਲਕੇ ਸ਼੍ਰੋਮਣੀ ਕਮੇਟੀ ਦੇ ਦਫਤਰ ਨੇੜੇ ਰੋਸ ਧਰਨਾ ਦੇਣ ਦੀ ਵੀ ਯੋਜਨਾ ਹੈ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਆਨੰਦਪੁਰ ਸਾਹਿਬ ’ਚ ਸਿੱਖ ਜਥੇਬੰਦੀਆਂ ਦੀ ਹੋਈ ਇੱਕ ਮੀਟਿੰਗ ਦੌਰਾਨ ਧਰਨਾ ਦੇਣ ਦਾ ਐਲਾਨ ਕੀਤਾ ਸੀ। ਦਮਦਮੀ ਟਕਸਾਲ ਵੱਲੋਂ ਸ਼ਹਿਰ ਵਿੱਚ ਸ੍ਰੀ ਦਰਬਾਰ ਸਾਹਿਬ ਨੂੰ ਆਉਣ ਵਾਲੇ ਰਸਤੇ ’ਤੇ ਰੋਸ ਧਰਨੇ ਸਬੰਧੀ ਵੱਡੇ ਹੋਰਡਿੰਗ ਵੀ ਲਾਏ ਗਏ ਹਨ। ਦਮਦਮੀ ਟਕਸਾਲ ਦੇ ਮੁਖੀ ਵੱਲੋਂ ਸਿੱਖ ਜਥੇਬੰਦੀਆਂ ਨੂੰ ਗੋਲਡਨ ਗੇਟ ਵਿਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਹੈ, ਜਿੱਥੋਂ ਮਾਰਚ ਕਰਦੇ ਹੋਏ ਉਹ ਦਰਬਾਰ ਸਾਹਿਬ ਕੰਪਲੈਕਸ ਵਿਖੇ ਪੁੱਜਣਗੇ।
ਉਧਰ ਬਜਟ ਇਜਲਾਸ ਦੌਰਾਨ ਤਣਾਅ ਪੈਦਾ ਹੋਣ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਪੁਲੀਸ ਅਧਿਕਾਰੀਆਂ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਜਾਣਕਾਰੀ ਮੁਤਾਬਕ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਮੁੱਖ ਦੁਆਰ ਤੋਂ ਬਾਹਰ ਹੀ ਰੋਕੇ ਜਾਣ ਦੀ ਸੰਭਾਵਨਾ ਹੈ ਤਾਂ ਜੋ ਕੰਪਲੈਕਸ ਦੇ ਅੰਦਰ ਕਿਸੇ ਵੀ ਤਰ੍ਹਾਂ ਦਾ ਮਾਹੌਲ ਖ਼ਰਾਬ ਨਾ ਹੋਵੇ।
ਬਜਟ ਇਜਲਾਸ ’ਚ ਜਥੇਦਾਰਾਂ ਦੀ ਹਾਜ਼ਰੀ ’ਤੇ ਦੁਬਿਧਾ ਦਾ ਮਾਹੌਲ
ਤਖ਼ਤਾਂ ਦੇ ਜਥੇਦਾਰਾਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਭਲਕੇ ਹੋਣ ਵਾਲੇ ਬਜਟ ਇਜਲਾਸ ਵਿੱਚ ਜਥੇਦਾਰਾਂ ਦੀ ਹਾਜ਼ਰੀ ਬਾਰੇ ਵੀ ਬੇਯਕੀਨੀ ਵਾਲਾ ਮਾਹੌਲ ਹੈ। ਅਜਿਹੇ ਇਜਲਾਸ ਹਮੇਸ਼ਾ ਹੀ ਤਖ਼ਤਾਂ ਦੇ ਜਥੇਦਾਰਾਂ ਦੀ ਹਾਜ਼ਰੀ ਵਿੱਚ ਹੁੰਦੇ ਰਹੇ ਹਨ। ਜਾਣਕਾਰੀ ਮੁਤਾਬਕ ਗਿਆਨੀ ਰਘਬੀਰ ਸਿੰਘ, ਜੋ ਇਸ ਵੇਲੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਹਨ, ਵੱਲੋਂ ਇਸ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਸੰਕੋਚ ਕੀਤਾ ਜਾ ਸਕਦਾ ਹੈ।