For the best experience, open
https://m.punjabitribuneonline.com
on your mobile browser.
Advertisement

SGPC: ਰਾਜੋਆਣਾ ਸਬੰਧੀ ਪਟੀਸ਼ਨ ਬਾਰੇ ਧਾਮੀ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਮੀਟਿੰਗ

06:02 PM May 17, 2025 IST
sgpc  ਰਾਜੋਆਣਾ ਸਬੰਧੀ ਪਟੀਸ਼ਨ ਬਾਰੇ ਧਾਮੀ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਮੀਟਿੰਗ
ਕਾਨੂੰਨੀ ਮਾਹਿਰਾਂ ਨਾਲ ਮੀਟਿੰਗ ਕਰਦੇ ਹੋਏ ਹਰਜਿੰਦਰ ਸਿੰਘ ਧਾਮੀ।
Advertisement
ਟ੍ਰਿਬਿਊਨ ਨਿਊਜ਼ ਸਰਵਿਸ
Advertisement

ਅੰਮ੍ਰਿਤਸਰ, 17 ਮਈ

Advertisement
Advertisement

ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਪਟੀਸ਼ਨ ਦੇ ਮਾਮਲੇ ਵਿੱਚ ਸੀਨੀਅਰ ਵਕੀਲਾਂ ਅਤੇ ਸਾਬਕਾ ਜੱਜਾਂ ਦੀ ਰਾਇ ਲੈਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਬ ਆਫਿਸ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਗਈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਪਟੀਸ਼ਨ ਸਬੰਧੀ ਲੰਬੀ ਵਿਚਾਰ ਚਰਚਾ ਹੋਈ। ਚਰਚਾ ਦੌਰਾਨ ਇਹ ਵਿਚਾਰ ਸਾਹਮਣੇ ਆਇਆ ਕਿ ਸਰਕਾਰ ਅੱਗੇ ਗੋਡੇ ਨਹੀਂ ਟੇਕਣੇ ਚਾਹੀਦੇ ਅਤੇ ਪਟੀਸ਼ਨ ਵਾਪਸ ਨਹੀਂ ਲੈਣੀ ਚਾਹੀਦੀ, ਸਗੋਂ ਦ੍ਰਿੜਤਾ ਨਾਲ ਅੱਗੇ ਵਧਣਾ ਚਾਹੀਦਾ ਹੈ।

ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬਹੁਤ ਹੀ ਸੰਜੀਦਾ ਮਾਮਲਾ ਹੈ, ਜਿਸ ਲਈ ਕੌਮੀ ਰਾਏ ਬਣਾਉਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਸਬੰਧੀ ਲੰਮੇ ਸਮੇਂ ਤੋਂ ਕਨੂੰਨੀ ਲੜਾਈ ਲੜ੍ਹ ਰਹੀ ਹੈ ਪਰ ਸਰਕਾਰਾਂ ਦੀ ਅੜੀ ਇਸ ਮਾਮਲੇ ਵਿਚ ਮਨੁੱਖੀ ਅਧਿਕਾਰਾਂ ਖ਼ਿਲਾਫ਼ ਭੁਗਤ ਰਹੀ ਹੈ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਸਰਕਾਰ ਨੂੰ ਮਾਮਲੇ ਬਾਰੇ ਫ਼ੈਸਲਾ ਲੈਣ ਲਈ ਕਹਿਣ ਦੇ ਬਾਵਜੂਦ ਵੀ ਸਰਕਾਰ ਦਾ ਰਵੱਈਆ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਆਪਣੀ ਕਾਰਜਸ਼ੈਲੀ ਵਿਚ ਸਾਰਿਆਂ ਨੂੰ ਇੱਕ ਸਮਾਨ ਜਾਨਣ ਪਰ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜੇ ਅਹਿਮ ਮਾਮਲੇ ਸਬੰਧੀ ਅਪਣਾਈ ਜਾ ਰਹੀ ਪਹੁੰਚ ਸਰਕਾਰ ਦੀ ਮਨਸ਼ਾ ’ਤੇ ਸਵਾਲ ਖੜ੍ਹੇ ਕਰਦੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਦਿਨੀਂ ਜਦੋਂ ਭਾਈ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ ਸੀ ਤਾਂ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਲਈ ਕਿਹਾ ਸੀ। ਇਸ ’ਤੇ ਵਿਚਾਰ ਲਈ ਪਹਿਲਾਂ ਸਿੱਖ ਜਥੇਬੰਦੀਆਂ, ਸਿੱਖ ਬੁੱਧੀਜੀਵੀਆਂ ਅਤੇ ਫੈਡਰੇਸ਼ਨਾਂ ਨਾਲ ਮੀਟਿੰਗਾਂ ਕਰਕੇ ਵਿਚਾਰ ਲਏ ਗਏ ਹਨ। ਇਸੇ ਤਹਿਤ ਅੱਜ ਦੀ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਭਾਈ ਰਾਜੋਆਣਾ ਦਾ ਪਟੀਸ਼ਨ ਨੂੰ ਲੈ ਕੇ ਰੋਸ ਜਾਇਜ਼ ਹੈ ਅਤੇ ਉਹ ਆਪਣੇ ਅਕੀਦੇ ’ਤੇ ਦ੍ਰਿੜ ਹਨ ਪਰ ਇਸ ਮਾਮਲੇ ’ਚ ਜਲਦਬਾਜ਼ੀ ਨਾਲ ਫ਼ੈਸਲਾ ਲੈਣਾ ਠੀਕ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਪੰਥ ਦਾ ਨੁਮਾਇੰਦਾ ਇਕੱਠ ਬੁਲਾ ਕੇ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।

ਮੀਟਿੰਗ ਵਿੱਚ ਜਸਟਿਸ ਮਨਿੰਦਰਮੋਹਨ ਸਿੰਘ ਬੇਦੀ ਸਾਬਕਾ ਜੱਜ, ਸੀਨੀਅਰ ਵਕੀਲ ਐਡਵੋਕੇਟ ਪੂਰਨ ਸਿੰਘ ਹੁੰਦਲ, ਐਡਵੋਕੇਟ ਜੀਐੱਸ ਬੱਲ, ਐਡਵੋਕੇਟ ਅਮਰ ਸਿੰਘ ਚਾਹਲ, ਐਡਵੋਕੇਟ ਰਾਜਵਿੰਦਰ ਸਿੰਘ ਬੈਂਸ, ਸਿੱਖ ਵਿਦਵਾਨ ਡਾ. ਕੇਹਰ ਸਿੰਘ, ਕਾਹਨ ਸਿੰਘ ਪੰਨੂੰ ਸਾਬਕਾ ਆਈਏਐੱਸ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੀਨੀਅਰ ਵਕੀਲ ਐਡਵੋਕੇਟ ਬਰਜਿੰਦਰ ਸਿੰਘ ਸੋਢੀ, ਐਡਵੋਕੇਟ ਪਰਮਜੀਤ ਸਿੰਘ ਬਰਾੜ, ਐਡਵੋਕੇਟ ਬਲਤੇਜ ਸਿੰਘ ਸਾਬਕਾ ਡੀਏ, ਐਡਵੋਕੇਟ ਬਲਵੰਤ ਸਿੰਘ ਗੁਲਿਆਨੀ, ਡਾ. ਪੁਨੀਤ ਕੌਰ ਸੇਖੋਂ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਐਡਵੋਕੇਟ ਰਵਿੰਦਰ ਸਿੰਘ ਸੈਂਪਲਾ, ਐਡਵੋਕੇਟ ਬਲਵਿੰਦਰ ਸਿੰਘ ਸੂਦਨ, ਐਡਵੋਕੇਟ ਹਰਭਜਨ ਸਿੰਘ ਥਾਂਦੀ, ਐਡਵੋਕੇਟ ਰਾਜੇਸ਼ਵਰ ਸਿੰਘ ਸੂਲਰ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਹਾਜ਼ਰ ਸਨ।

Advertisement
Tags :
Author Image

Charanjeet Channi

View all posts

Advertisement