ਐੱਸਜੀਪੀਸੀ ਪ੍ਰਧਾਨ ਧਾਮੀ ਨੇ ਔਰਤਾਂ ਲਈ ਵਰਤੇ ਅਪਸ਼ਬਦਾਂ ਲਈ ਮੁਆਫ਼ੀ ਮੰਗੀ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਵਿਖੇ ਇੱਕ ਪੱਤਰ ਦੇ ਕੇ ਉਹਨਾਂ ਕੋਲੋਂ ਜਾਣੇ ਅਨਜਾਣੇ ਵਿੱਚ ਹੋਈ ਗਲਤੀ ਲਈ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਸ਼੍ਰੇਣੀ ਕੋਲੋਂ ਮੁਆਫ਼ੀ ਮੰਗੀ ਹੈ।
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਦਿੱਤੇ ਆਪਣੇ ਇਸ ਪੱਤਰ ਵਿੱਚ ਉਹਨਾਂ ਕਿਹਾ ਕਿ ਜਾਣੇ ਅਣਜਾਣੇ ਵਿੱਚ ਅਪਸ਼ਬਦ ਬੋਲੇ ਗਏ ਹਨ, ਜਿਸ ਦੀ ਉਹ ਖਿਮਾ ਯਾਚਨਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਇੱਕ ਵਿਅਕਤੀ ਨਾਲ ਮੋਬਾਈਲ ਫੋਨ ਉੱਤੇ ਗੱਲ ਕਰਦਿਆਂ ਉਹਨਾਂ ਕੋਲੋਂ ਕੁਝ ਇਤਰਾਯੋਗ ਸ਼ਬਦਾਵਲੀ ਵਰਤੀ ਗਈ ਸੀ। ਉਹਨਾਂ ਕਿਹਾ ਕਿ ਇਹ ਸਭ ਕੁਝ ਜਾਣੇ ਅਣਜਾਣੇ ਵਿੱਚ ਹੋਇਆ ਹੈ ਅਤੇ ਉਹ ਮਹਿਸੂਸ ਕਰਦੇ ਹਨ ਕਿ ਇੱਕ ਜਿੰਮੇਵਾਰ ਪੰਥਕ ਅਹੁਦੇ ’ਤੇ ਹੁੰਦੇ ਹੋਇਆਂ ਉਹਨਾਂ ਨੂੰ ਅਜਿਹੀ ਸ਼ਬਦਾਵਲੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇੱਕ ਔਰਤ ਪ੍ਰਤੀ ਜੋ ਕੁਝ ਬੋਲਿਆ ਹੈ, ਉਸ ਦੀ ਉਹ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਸ਼੍ਰੇਣੀ ਕੋਲੋਂ ਨਿਮਰਤਾ ਸਹਿਤ ਮੁਆਫ਼ੀ ਮੰਗਦੇ ਹਨ। ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਇਸ ਸਬੰਧੀ ਉਨ੍ਹਾਂ ਨੂੰ ਜੋ ਵੀ ਆਦੇਸ਼ ਹੋਵੇਗਾ, ਉਹ ਸਿਰ ਮੱਥੇ ਪ੍ਰਵਾਨ ਕਰਨਗੇ।
ਐੱਸਜੀਪੀਸੀ ਪ੍ਰਧਾਨ ਨੇ ਪੱਤਰ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਮੈਨੇਜਰ ਜਸਪਾਲ ਸਿੰਘ ਨੂੰ ਸੌਂਪਿਆ ਹੈ। ਉਹਨਾਂ ਇਸ ਸੰਬੰਧ ਵਿੱਚ ਇੱਕ ਵੀਡੀਓ ਵੀ ਜਾਰੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਖੁਲਾਸਾ ਕੀਤਾ ਕਿ ਉਹ ਇਕ ਵਿਅਕਤੀ ਨਾਲ ਗੱਲਬਾਤ ਕਰਦਿਆਂ ਜਦੋਂ ਉਹਨਾਂ ਬੀਬੀ ਜਗੀਰ ਕੌਰ ਦੇ ਹਵਾਲੇ ਨਾਲ ਕੋਈ ਗੱਲ ਕੀਤੀ ਤਾਂ ਉਹ ਉਤੇਜਿਤ ਹੋ ਗਏ ਸਨ ਅਤੇ ਉਹਨਾਂ ਕੋਲੋਂ ਕੁਝ ਅਪਸ਼ਬਦ ਵਰਤੇ ਗਏ ਹਨ। ਜਿਸ ਲਈ ਉਹ ਮੁਆਫੀ ਮੰਗਦੇ ਹਨ । ਉਹਨਾਂ ਕਿਹਾ ਕਿ ਬੀਬੀ ਜਗੀਰ ਕੌਰ ਅਤੇ ਸਾਰੀਆਂ ਔਰਤਾਂ ਉਨ੍ਹਾਂ ਲਈ ਸਤਿਕਾਰਯੋਗ ਹਨ।