For the best experience, open
https://m.punjabitribuneonline.com
on your mobile browser.
Advertisement

ਐੱਸਜੀਪੀਸੀ ਤੇ ਵਿਧਾਨ ਸਭਾ ਚੋਣਾਂ ਜ਼ਰੂਰ ਲੜਾਂਗੇ: ਸਰਬਜੀਤ ਸਿੰਘ

08:13 AM Jul 20, 2024 IST
ਐੱਸਜੀਪੀਸੀ ਤੇ ਵਿਧਾਨ ਸਭਾ ਚੋਣਾਂ ਜ਼ਰੂਰ ਲੜਾਂਗੇ  ਸਰਬਜੀਤ ਸਿੰਘ
ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਦਾ ਸਨਮਾਨ ਕਰਦੀ ਹੋਈ ਸਿੱਖ ਸੰਗਤ।
Advertisement

ਗੁਰਦੀਪ ਸਿੰਘ ਲਾਲੀ/ਸਤਨਾਮ ਸਿੰਘ
ਸੰਗਰੂਰ/ਮਸਤੂਆਣਾ ਸਾਹਿਬ, 19 ਜੁਲਾਈ
ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸਿੱਖ ਕੌਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਵਾ ਕੇ ਤਿਆਰ ਰਹਿਣ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਇੱਕ ਲਹਿਰ ਉਸਾਰਨ ਦਾ ਸੱਦਾ ਦਿੱਤਾ ਹੈ। ਇਥੇ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸੰਗਤ ਵੱਲੋਂ ਸਰਬਜੀਤ ਸਿੰਘ ਖਾਲਸਾ ਅਤੇ ਤਰਸੇਮ ਸਿੰਘ ਦਾ ਸਨਮਾਨ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਵੀ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਵਿਚ ਹੋਣ ਵਾਲੀ ਜ਼ਿਮਨੀ ਚੋਣ ਲੜਨ ਬਾਰੇ ਸਮਾਂ ਆਉਣ ’ਤੇ ਫੈਸਲਾ ਲਿਆ ਜਾਵੇਗਾ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਜ਼ਰੂਰ ਲੜਾਂਗੇ। ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪਾਰਟੀ ਬਣਾਉਣ ਦਾ ਫ਼ੈਸਲਾ ਲਵਾਂਗੇ। ਉਨ੍ਹਾਂ ਵੱਧ ਰਹੇ ਨਸ਼ਿਆਂ ਦੇ ਰੁਝਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰਾਂ ਵਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਕੁੱਝ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਸਾਰਿਆਂ ਨੂੰ ਰਲ ਮਿਲ ਕੇ ਪਿੰਡ-ਪਿੰਡ ਇਕਾਈਆਂ/ਕਮੇਟੀਆਂ ਬਣਾਉਣੀਆਂ ਚਾਹੀਦੀਆਂ ਹਨ ਤਾਂ ਜੋ ਨਸ਼ਿਆਂ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਕੇਸ ਰੱਖਣ ਅਤੇ ਸਿੱਖੀ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਪੰਜਾਬ ਭਰ ਵਿਚ ਸਮਾਗਮ ਕਰਵਾਏ ਜਾਣਗੇ। ਅੰਮ੍ਰਿਤਪਾਲ ਸਿੰਘ ਦੇ ਭਰਾ ਉਪਰ ਨਸ਼ਿਆਂ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸੇਵਾਮੁਕਤ ਜੱਜ ਤੋਂ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਧਰਮ ਅਤੇ ਕੌਮ ਸੁਰੱਖਿਅਤ ਨਹੀਂ ਹੈ ਅਤੇ ਸਿੱਖਾਂ ਨੂੰ ਸਾਜ਼ਿਸ਼ ਤਹਿਤ ਬਦਨਾਮ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕੀਤੇ ਜਾਣ ਬਾਰੇ ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਖ ਕੌਮ ਨੇ ਤਾਂ ਪਹਿਲਾਂ ਹੀ ਸਜ਼ਾ ਦੇ ਦਿੱਤੀ ਹੈ। ਇਸ ਮੌਕੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਗੁਰਸੇਵਕ ਸਿੰਘ ਜਵਾਹਰਵਾਲਾ, ਜਸਵੰਤ ਸਿੰਘ ਖਹਿਰਾ, ਸਤਿਗੁਰ ਸਿੰਘ ਨਮੋਲ, ਐੱਸਜੀਪੀਸੀ ਮੈਂਬਰ ਰਾਮਪਾਲ ਸਿੰਘ ਬਹਿਣੀਵਾਲ, ਭਾਈ ਮਲਕੀਤ ਸਿੰਘ ਚੰਗਾਲ ਆਦਿ ਮੌਜੂਦ ਸਨ।

Advertisement
Advertisement
Author Image

sanam grng

View all posts

Advertisement